ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਅੰਮ੍ਰਿਤਸਰ/ਸੰਗਰੂਰ, 15 ਜੁਲਾਈ
ਸਾਂਝਾ ਅਧਿਆਪਕ ਮੋਰਚੇ ਨੇ ਮੰਗਾਂ ਲਈ 18 ਜੁਲਾਈ ਨੂੰ 12 ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਧਰਨੇ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 29 ਜੁਲਾਈ ਨੂੰ ਪਟਿਆਲਾ ਵਿੱਚ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਵਿਚ ‘ਹੱਲਾ ਬੋਲ’ ਰੈਲੀ ਵੀ ਕੀਤੀ ਜਾਵੇਗੀ। ਇਸੇ ਤਰ੍ਹਾਂ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਨੇ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਮੰਤਰੀ ਦਾ ਹਲਕੇ ’ਚ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਦੀਪ ਮਲੂਕਾ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਸੰਗਰੂਰ ਪ੍ਰਸਾਸ਼ਨ ਵੱਲੋਂ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਆਗੂਆਂ ਨੂੰ 15 ਜੁਲਾਈ ਤੱਕ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਰਾਹੀਂ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ।