ਅਧਿਆਪਕਾਂ ਨੇ ਪੰਜਾਬ ਪੇਅ ਸਕੇਲ ਨਾ ਦੇਣ ’ਤੇ ਕਾਲਾ ਦਿਵਸ ਮਨਾਇਆ
ਕੁਲਦੀਪ ਸਿੰਘ
ਪੰਜਾਬ ਪੇਅ ਸਕੇਲ ਬਹਾਲੀ ਕਮੇਟੀ ਦੇ ਸੱਦੇ ’ਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਵੱਲੋਂ ਸੂਬੇ ਭਰ ਦੇ ਸਕੂਲਾਂ ਵਿੱਚ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੈ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੱਦੇ ’ਤੇ ਅੱਜ ਅਧਿਆਪਕਾਂ ਨੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ, ਬਲਾਕਾਂ, ਦਫ਼ਤਰਾਂ, ਸਕੂਲਾਂ, ਡਿਊਟੀ ਵਾਲੇ ਸਥਾਨਾਂ ’ਤੇ ਕਾਲੇ ਬਿੱਲੇ ਲਾ ਕੇ ਡਿਊਟੀ ਕੀਤੀ ਤੇ ਕਾਲੇ ਰਿਬਨ ਬੰਨ੍ਹ ਕੇ ਸਰਕਾਰ ਖਿਲਾਫ ਰੋਸ ਪ੍ਰਗਟਾਇਆ।
ਇਸ ਮੌਕੇ ਅਧਿਆਪਕਾਂ ਵੱਲੋਂ ਅਧੂਰੇ ਪੇਅ ਸਕੇਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਦੱਸਿਆ ਕਿ ਪਿਛਲੀ ਸਰਕਾਰ ਵੱਲੋਂ ਇਹ ਨੋਟੀਫਿਕੇਸ਼ਨ 17 ਜੁਲਾਈ 2020 ਨੂੰ ਲਾਗੂ ਕੀਤਾ ਗਿਆ ਸੀ। ਉਸ ਸਮੇਂ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਆਮ ਆਦਮੀ ਪਾਰਟੀ ਵੱਲੋਂ ਇਸ ਨੋਟੀਫਿਕੇਸ਼ਨ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੱਤਾ ਵਿਚ ਆਉਣ ਤੋਂ ਤੁਰੰਤ ਬਾਅਦ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ, ਪੰਜਾਬ ਤਨਖਾਹ ਸਕੇਲ ਲਾਗੂ ਕੀਤੇ ਜਾਣਗੇ ਅਤੇ ਪਰਖ਼ ਕਾਲ ਦਾ ਸਮਾਂ ਘੱਟ ਕੀਤਾ ਜਾਵੇਗਾ ਪਰ ਸੱਤਾ ਵਿਚ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਾ ਤਾਂ ਪੰਜਾਬ ਦਾ ਤਨਖਾਹ ਸਕੇਲ ਹੀ ਲਾਗੂ ਕੀਤਾ ਗਿਆ ਅਤੇ ਨਾ ਹੀ ਕੇਂਦਰ ਦਾ ਤਨਖਾਹ ਕਮਿਸ਼ਨ ਇੰਨ-ਬਿੰਨ ਲਾਗੂ ਕੀਤਾ ਗਿਆ। ਇਸ ਦੇ ਬਾਵਜੂਦ ਅਧੂਰਾ ਤਨਖਾਹ ਸਕੇਲ ਲਾਗੂ ਕਰ ਦਿੱਤਾ ਗਿਆ ਹੈ। ਮੌਜੂਦਾ ਤਨਖਾਹ ਸਕੇਲਾਂ ਅਨੁਸਾਰ ਲਗਪਗ ਦਸ ਹਜ਼ਾਰ ਰੁਪਏ ਪ੍ਰਤੀ ਅਧਿਆਪਕ ਘਾਟਾ ਪੈ ਰਿਹਾ ਹੈ