ਕੁਲਦੀਪ ਸਿੰਘ
ਚੰਡੀਗੜ੍ਹ, 4 ਮਾਰਚ
ਪੰਜਾਬ ਸਰਕਾਰ ਵੱਲੋਂ ਨਵੇਂ ਸਹਾਇਕ ਪ੍ਰੋਫ਼ੈਸਰਾਂ ਦੇ ਤਨਖਾਹ ਸਕੇਲ ਨੇਮਾਂ ਵਿੱਚ ਤਬਦੀਲੀ ਕਰਨ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਂ ਦੇ ਅਧਿਆਪਕਾਂ ਨੇ ਅੱਜ ਪੰਜਾਬ ਯੂਨੀਵਰਸਿਟੀ ਦੀ ਪਰੇਡ ਗਰਾਊਂਡ ਵਿੱਚ ਸੂਬਾ ਪੱਧਰੀ ਰੋਸ ਰੈਲੀ ਕੀਤੀ। ਰੋਸ ਰੈਲੀ ਮਗਰੋਂ ਅਧਿਆਪਕਾਂ ਵੱਲੋਂ ਲਾਏ ‘ਕੈਪਟਨ ਸਰਕਾਰ ਹੋਸ਼ ਵਿੱਚ ਆਓ, ਅਧਿਆਪਕਾਂ ’ਤੇ ਨਾ ਜ਼ੁਲਮ ਕਮਾਓ’ ਦੇ ਨਾਅਰਿਆਂ ਨਾਲ ਯੂਨੀਵਰਸਿਟੀ ਕੈਂਪਸ ਗੂੰਜ ਉੱਠਿਆ। ਹੱਥਾਂ ਵਿੱਚ ਸਰਕਾਰ ਵਿਰੋਧੀ ਬੈਨਰ ਅਤੇ ਤਖ਼ਤੀਆਂ ਫੜ ਕੇ ਵੱਡੇ ਜਲੂਸ ਦੇ ਰੂਪ ਵਿੱਚ ਵਿਧਾਨ ਸਭਾ ਵੱਲ ਜਾ ਰਹੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲੀਸ ਨੇ ਪੀਯੂ ਦਾ ਗੇਟ ਨੰਬਰ 1 ਬੰਦ ਕਰ ਕੇ ਰੋਕ ਲਿਆ, ਜਿੱਥੇ ਸੜਕ ਉੱਤੇ ਬੈਠ ਕੇ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੂਟਾ ਦੇ ਜਨਰਲ ਸਕੱਤਰ ਡਾ. ਅਮਰਜੀਤ ਸਿੰਘ ਨੌਹਰਾ ਨੇ ਦੱਸਿਆ ਕਿ ਪੰਜ ਮੈਂਬਰੀ ਵਫ਼ਦ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਮੰਗ ਪੱਤਰ ਸੌਂਪਿਆ।
ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜਿਜ਼ ਟੀਚਰਜ਼ ਆਰਗੇਨਾਈਜ਼ੇਸ਼ਨ (ਪਫੁਟਕੋ) ਦੇ ਸੱਦੇ ਉਤੇ ਕੀਤੀ ਗਈ ਇਸ ਰੈਲੀ ਵਿੱਚ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਸਮੇਤ ਪੰਜਾਬ ਅਤੇ ਚੰਡੀਗੜ੍ਹ ਸਥਿਤ ਵੱਖ-ਵੱਖ ਕਾਲਜਾਂ ਦੀਆਂ ਯੂਨੀਅਨਾਂ ਨੇ ਸ਼ਮੂਲੀਅਤ ਕੀਤੀ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗ਼ੈਰ-ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਐਸੋਸੀਏਸ਼ਨ ਵੱਲੋਂ ਵੀ ਰੋਸ ਰੈਲੀ ਵਿੱਚ ਸ਼ਮੂਲੀਅਤ ਕੀਤੀ ਗਈ। ਪਫੁਕਟੋ ਦੇ ਪ੍ਰਧਾਨ ਡਾ. ਐੱਚ.ਐੱਸ. ਕਿੰਗਰਾ, ਜਨਰਲ ਸਕੱਤਰ ਡਾ. ਜਗਵੰਤ ਸਿੰਘ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਰਲ ਕੇ ਸਿੱਖਿਆ ਦਾ ਬੇੜਾ ਗਰਕ ਕਰ ਰਹੀਆਂ ਹਨ। ਡਾ. ਬੀ.ਐੱਸ. ਟੌਹੜਾ, ਡਾ. ਵਿਨੈ ਸੋਫ਼ਤ, ਡਾ. ਲਖਵਿੰਦਰ ਸਿੰਘ, ਡਾ. ਮ੍ਰਿਤੁੰਜਯ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕ ਵਰਗ ਨੂੰ ਮਜ਼ਦੂਰ ਬਣਾਉਣ ’ਤੇ ਤੁਲੀ ਹੋਈ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਸਹਾਇਕ ਪ੍ਰੋਫ਼ੈਸਰਾਂ ਦੇ ਤਨਖਾਹ ਸਕੇਲਾਂ ਬਾਰੇ ਲਿਆ ਗਿਆ ਫ਼ੈਸਲਾ ਭਵਿੱਖ ਵਿੱਚ ਪੰਜਾਬ ਯੂਨੀਵਰਸਿਟੀ ਦੇ ਨਾਲ-ਨਾਲ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਲਈ ਨੁਕਸਾਨਦਾਇਕ ਹੋਵੇਗਾ।
‘ਸਲਾਹਕਾਰਾਂ ’ਤੇ ਪੈਸਾ ਬਰਬਾਦ ਕਰ ਰਹੇ ਨੇ ਕੈਪਟਨ’
ਡਾ. ਲਖਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਸ਼ਾਂਤ ਕਿਸ਼ੋਰ ਵਰਗਿਆਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਦੇ ਕੇ ਪੰਜਾਬ ਦਾ ਪੈਸਾ ਬਰਬਾਦ ਕਰ ਰਹੇ ਹਨ ਪਰ ਅਧਿਆਪਕ ਵਰਗ ਨੂੰ ਨਿਗੂਣੀਆਂ ਤਨਖਾਹਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਕੇ ਸਿੱਖਿਆ ਦਾ ਬੇੜਾ ਗਰਕ ਕਰ ਰਹੇ ਹਨ।