ਅਧਿਆਪਕਾਂ ਵੱਲੋਂ ਵਿਧਾਇਕ ਦੇ ਦਫ਼ਤਰ ਅੱਗੇ ਪ੍ਰਦਰਸ਼ਨ
ਅੱਠ ਮਹੀਨਿਆਂ ਮਗਰੋਂ ਸਿਰਫ਼ ਮਹੀਨੇ ਦੀ ਤਨਖ਼ਾਹ ਗਰਾਂਟ ਜਾਰੀ ਕਰਨ ਤੋਂ ਭਡ਼ਕੇ ਏਡਿਡ ਸਕੂਲਾਂ ਦੇ ਅਧਿਆਪਕ
ਏਡਿਡ ਸਕੂਲਾਂ ਦੇ ਅੱਠ ਮਹੀਨਿਆਂ ਤੋਂ ਤਨਖ਼ਾਹ ਨੂੰ ਤਰਸ ਰਹੇ ਅਧਿਆਪਕਾਂ ਤੇ ਹੋਰ ਸਟਾਫ ਲਈ ਪੰਜਾਬ ਸਰਕਾਰ ਵੱਲੋਂ ਅੱਠ ਮਹੀਨਿਆਂ ਦੀ ਥਾਂ ਸਿਰਫ਼ ਇੱਕ ਮਹੀਨੇ ਦੀ ਤਨਖ਼ਾਹ ਦੀ ਗਰਾਂਟ ਜਾਰੀ ਕਰਨ ਤੋਂ ਭੜਕੇ ਅਧਿਆਪਕਾਂ ਤੇ ਹੋਰ ਅਮਲੇ ਨੇ ਅੱਜ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਅੱਗੇ ਰੋਸ ਮਾਰਚ ਕੀਤਾ। ਇਸ ਮੌਕੇ ਮੁਜ਼ਾਹਰੇ ਦੌਰਾਨ ਧਰਨਾਕਾਰੀ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਇਸੇ ਰੋਸ ਵਿੱਚ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ। ਇਸ ਮੌਕੇ ਮਹਿਲਾ ਅਧਿਆਪਕ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਏਡਿਡ ਸਕੂਲ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਦੱਸਿਆ ਕਿ ਏਡਿਡ ਸਕੂਲਾਂ ਦੇ ਸਟਾਫ ਨੂੰ ਮਾਰਚ 2025 ਤੋਂ ਤਨਖ਼ਾਹ ਨਹੀਂ ਮਿਲੀ ਕਿਉਂਕਿ ਸਰਕਾਰ ਵੱਲੋਂ ਗਰਾਂਟ-ਇਨ-ਏਡ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਅਪਰੈਲ ਮਹੀਨੇ ਦੀ ਗਰਾਂਟ ਜਾਰੀ ਕੀਤੀ ਗਈ ਹੈ ਤੇ ਬਾਕੀ ਸੱਤ ਮਹੀਨਿਆਂ ਦੀ ਗਰਾਂਟ ਬਾਕੀ ਹੈ।
ਉਨ੍ਹਾਂ ਕਿਹਾ ਕਿ ਅੱਠ ਮਹੀਨਿਆਂ ਤੋਂ ਘਰੇਲੂ ਖ਼ਰਚਿਆਂ ਲਈ ਵੀ ਤੰਗੀਆਂ ਦਾ ਸਾਹਮਣਾ ਕਰ ਰਹੇ ਅਧਿਆਪਕਾਂ ਨੂੰ ਤਿਉਹਾਰੀ ਸੀਜ਼ਨ ਦੌਰਾਨ ਵੀ ਤਨਖ਼ਾਹ ਨਾ ਦੇਣ ਕਾਰਨ ਸਮੁੱਚੇ ਪੰਜਾਬ ਦੇ ਏਡਿਡ ਸਕੂਲਾਂ ਦੇ ਸਟਾਫ਼ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਰੇ ਪੰਜਾਬ ਵਿੱਚ ਹੁਕਮਰਾਨ ਧਿਰ ਦੇ ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਮੁਜ਼ਾਹਰੇ ਕੀਤੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਦਸੰਬਰ 2025 ਤੱਕ ਦੀ ਗਰਾਂਟ ਜਾਰੀ ਕੀਤੀ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਇਤਿਹਾਸ ਵਿੱਚ 1967 ਤੋਂ ਬਾਅਦ ਪਹਿਲੀ ਵਾਰ ਹੈ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਸਕੂਲ ਪ੍ਰਬੰਧਕ ਕਮੇਟੀਆਂ ਦੀ ਆਮਦਨ ਤੇ ਖ਼ਰਚ ਦਾ ਆਡਿਟ ਕਰਨ ਬਹਾਨੇ ਅੱਠ ਮਹੀਨਿਆਂ ਤੋਂ ਰੋਕਿਆ ਜਾ ਰਿਹਾ ਹੈ। ਸਿੱਖਿਆ ਵਿਭਾਗ ਦੀ ਨਾਕਾਮੀ ਤੇ ਆਡਿਟ ਕਰਨ ਵਾਲੇ ਐੱਸ ਓ ਦੀ ਘਾਟ ਦਾ ਖ਼ਮਿਆਜ਼ਾ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਤਨਖ਼ਾਹ ਜਾਰੀ ਨਾ ਹੋਈ ਤਾਂ ਉਹ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਸਰਕਾਰ ਦਾ ਵਿਰੋਧ ਕਰਨਗੇ।