ਅਧਿਆਪਕਾਂ ਵੱਲੋਂ ਸੰਗਲ ਅਤੇ ਕਾਲੇ ਕੱਪੜੇ ਪਾ ਕੇ ਮੁਜ਼ਾਹਰਾ
ਪੰਜਾਬ ਭਰ ਤੋਂ ਆਏ ਐੱਨਐੱਸਕਿਊਐੱਫ਼ ਵੋਕੇਸ਼ਨਲ ਟਰੇਨਰਾਂ/ਅਧਿਆਪਕਾਂ ਨੇ ਅੱਜ ਮੁਹਾਲੀ ਦੇ ਫੇਜ਼ ਅੱਠ ਦੇ ਵਿਦਿਆ ਭਵਨ ਸਾਹਮਣੇ ਰੋਸ ਰੈਲੀ ਕੀਤੀ। ਧਰਨਾਕਾਰੀਆਂ ਨੇ ਇਸ ਮੌਕੇ ਹੱਥਾਂ ਵਿਚ ਸੰਗਲ ਅਤੇ ਕਾਲੇ ਕੱਪੜੇ ਪਾਏ ਹੋਏ ਸਨ। ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸੈਂਕੜਿਆਂ ਦੀ ਗਿਣਤੀ ਵਿਚ ਸ਼ਾਮਿਲ ਅਧਿਆਪਕਾਂ ਨੇ ਸਿੱਖਿਆ ਵਿਭਾਗ ਦੇ ਦਫ਼ਤਰ ਅੰਦਰ ਜਾਣ ਦੀ ਕੋਸ਼ਿਸ਼ ਵੀ ਕੀਤੀ। ਦਫ਼ਤਰ ਬਾਹਰ ਸੁਰੱਖਿਆ ਮੁਲਾਜ਼ਮਾਂ ਨੇ ਧਰਨਾਕਾਰੀਆਂ ਨਾਲ ਖਿੱਚ-ਧੂਹ ਕਰਕੇ ਉਨ੍ਹਾਂ ਨੂੰ ਦਫ਼ਤਰ ਦੇ ਅੰਦਰ ਜਾਣ ਤੋਂ ਰੋਕ ਲਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂ ਸ਼ਹਿਰ, ਗੁਰਜੀਤ ਸਿੰਘ ਅਤੇ ਸੁਖਰਾਜਬੀਰ ਸਿੰਘ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀ ਕੰਪਨੀਆਂ ਨਾਲ ਰਲ ਕੇ ਪੰਜਾਬ ਦੇ ਐੱਨਐੱਸਕਿਊਐਫ਼ ਵੋਕੇਸ਼ਨਲ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਕਰਨ ਦੀ ਥਾਂ ਮੁੜ ਤੋਂ ਆਊਟ ਸੋਰਸਿੰਗ ਕੰਪਨੀਆਂ ਦੇ ਹਵਾਲੇ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨੂੰ ਉਹ ਕਿਸੇ ਵੀ ਕੀਮਤ ’ਤੇ ਪ੍ਰਵਾਨ ਨਹੀਂ ਕਰਨਗੇ। ਧਰਨਾਕਾਰੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਮਗਰੋਂ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਇੱਕ ਪੱਤਰ ਜਾਰੀ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਇਹ ਭਰੋਸਾ ਦਿੱਤਾ ਗਿਆ ਕਿ ਕੰਪਨੀ ਵਿਚ ਜਾਣ ਦੇ ਬਾਵਜੂਦ ਕਿਸੇ ਵੀ ਵੋਕੇਸ਼ਨਲ ਅਧਿਆਪਕ ਨੂੰ ਨੌਕਰੀ ਤੋਂ ਨਹੀਂ ਹਟਾਇਆ ਜਾਵੇਗਾ।