ਬਲਜੀਤ ਸਿੰਘ
ਸਰਦੂਲਗੜ੍ਹ, 11 ਸਤੰਬਰ
ਹਲਕੇ ਅੰਦਰ ਭਾਜਪਾ ਆਗੂ ਜਗਜੀਤ ਸਿੰਘ ਮਿਲਖਾ ਨੇ ਆਪਣਾ ਦਫ਼ਤਰ ਬਣਾ ਕੇ ਉਸ ’ਤੇ ਭਾਜਪਾ ਦਾ ਝੰਡਾ ਲਹਿਰਾ ਦਿੱਤਾ। ਇਸ ਦਾ ਪਤਾ ਲੱਗਦਿਆਂ ਹੀ ਅੱਜ ਹਲਕੇ ਦੀਆਂ ਕਿਸਾਨ ਜਥੇਬੰਦੀਆਂ ਨੇ ਭਾਜਪਾ ਆਗੂ ਦਾ ਵਿਰੋਧ ਕਰਦਿਆਂ ਦਫ਼ਤਰ ਘੇਰ ਲਿਆ। ਕਿਸਾਨ ਆਗੂ ਮਲੂਕ ਸਿੰਘ ਹੀਰਕੇ ਅਤੇ ਕਾਮਰੇਡ ਲਾਲ ਚੰਦ ਨੇ ਦੱਸਿਆ ਕਿ ਸਰਦੂਲਗੜ੍ਹ ਹਲਕੇ ਅੰਦਰ ਭਾਜਪਾ ਦੀ ਕੋਈ ਗਤੀਵਿਧੀ ਨਹੀਂ ਹੋਣ ਦਿੱਤੀ ਜਾਵੇਗੀ ਤੇ ਭਾਜਪਾ ਦਾ ਝੰਡਾ ਉਤਾਰਿਆ ਜਾਵੇਗਾ। ਸਥਿਤੀ ਤਣਾਅਪੂਰਨ ਹੁੰਦੀ ਦੇਖ ਪ੍ਰਸ਼ਾਸਨ ਨੇ ਭਾਜਪਾ ਆਗੂ ਨਾਲ ਗੱਲ ਕੀਤੀ ਪਰ ਉਸ ਨੇ ਝੰਡਾ ਉਤਾਰਨ ਤੋਂ ਕੋਰੀ ਨਾਂਹ ਕਰਦਿਆਂ ਕਿਹਾ ਕਿ ਹਾਈ ਕਮਾਨ ਦੇ ਹੁਕਮਾਂ ’ਤੇ ਅਗਲਾ ਫ਼ੈਸਲਾ ਲਿਆ ਜਾਵੇਗਾ। ਇਸ ਮਗਰੋਂ ਰੋਹ ਵਿੱਚ ਆਈਆਂ ਕਿਸਾਨ ਜਥੇਬੰਦੀਆਂ ਨੇ ਉੱਥੇ ਟੈਂਟ ਲਾ ਕੇ ਪੱਕੇ ਤੌਰ ’ਤੇ ਧਰਨਾ ਲਾ ਦਿੱਤਾ। ਮੌਕੇ ’ਤੇ ਪੁੱਜੇ ਤਹਿਸੀਲਦਾਰ ਓਮ ਪ੍ਰਕਾਸ਼ ਜਿੰਦਲ ਨੇ ਕਿਹਾ ਕਿ ਸਥਿਤੀ ਸੰਭਾਲਣ ਲਈ ਦੋਵਾਂ ਧਿਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮਸਲਾ ਹੱਲ ਕੀਤਾ ਜਾਵੇਗਾ।
ਚੌਲਾਂਗ ਟੌਲ ਪਲਾਜ਼ਾ ’ਤੇ ਪੰਜਾਬ ਭਾਜਪਾ ਪ੍ਰਧਾਨ ਦਾ ਵਿਰੋਧ
ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਅੱਜ ਚੌਲਾਂਗ ਟੌਲ ਪਲਾਜ਼ਾ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਨੇ ਇਸ ਕੌਮੀ ਮਾਰਗ ਤੋਂ ਲੰਘ ਰਹੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ, ਗੁਰਮਿੰਦਰ ਸਿੰਘ, ਰਤਨ ਸਿੰਘ ਖੋਖਰ, ਦਵਿੰਦਰ ਸਿੰਘ ਮੂਨਕ ਨੇ ਕਿਹਾ ਕਿ ਭਾਜਪਾ ਆਗੂਆਂ ਦਾ ਵਿਰੋਧ ਇਸੇ ਤਰ੍ਹਾਂ ਕੀਤਾ ਜਾਵੇਗਾ।