ਦਵਿੰਦਰ ਪਾਲ
ਚੰਡੀਗੜ੍ਹ, 4 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਹੋਈ ਦੋਵੇਂ ਪਾਰਟੀਆਂ ਦੀ ਸਾਂਝੀ ਮੀਟਿੰਗ ਦੌਰਾਨ ਕੈਪਟਨ ਸਰਕਾਰ ’ਤੇ ਪੰਜਾਬੀਆਂ ਨਾਲ ਵਧੀਕੀਆਂ ਕਰਨ ਦੇ ਦੋਸ਼ ਲਾਉਂਦਿਆਂ ਸ਼ਰਾਬ ਘੁਟਾਲੇ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਹੋਏ 5600 ਕਰੋੜ ਰੁਪਏ ਦੇ ਨੁਕਸਾਨ ਦੀ ਨਿਰਪੱਖ ਜਾਂਚ ਮੰਗੀ ਗਈ। ਮੀਟਿੰਗ ਦੌਰਾਨ ਸਾਂਝੇ ਤੌਰ ’ਤੇ ਲੜਾਈ ਲੜਨ ਦਾ ਐਲਾਨ ਕਰਦਿਆਂ ਇਹ ਫੈਸਲਾ ਲਿਆ ਗਿਆ ਕਿ ਰਾਜਪਾਲ ਵੀ ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ ਜਾਵੇ ਅਤੇ ਸ਼ਰਾਬ, ਬੀਜ ਤੇ ਰਾਸ਼ਨ ਘੁਟਾਲਿਆਂ ਦੀ ਨਿਰਪੱਖ ਜਾਂਚ ਸਮੇਤ ਗੰਨਾ ਉਤਪਾਦਕਾਂ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਜਾਵੇ।
ਅਕਾਲੀ-ਭਾਜਪਾ ਆਗੂਆਂ ਨੇ ਕਿਹਾ ਕਿ ਮੰਤਰੀਆਂ ਅਤੇ ਮੁੱਖ ਸਕੱਤਰ ਵਿਚਾਲੇ ਸਮਝੌਤਾ ਕਰਵਾ ਕੇ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਟਰੱਕਾਂ ਦੇ ਟਰੱਕ ਨਾਜਾਇਜ਼ ਸ਼ਰਾਬ ਫੜੇ ਜਾਣ ਨਾਲ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਦੇ ਪਰਿਵਾਰ ਸਮੇਤ ਵੱਖ ਵੱਖ ਡਿਸਟਿਲਰੀਆਂ ਦੀ ਭੂਮਿਕਾ ਜੱਗ ਜ਼ਾਹਰ ਹੋ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਆਗੂਆਂ ਮਦਨਲਾਲ ਜਲਾਲਪੁਰ ਅਤੇ ਹਰਦਿਆਲ ਕੰਬੋਜ ਦੇ ਚਹੇਤਿਆਂ ਨੂੰ ਈਐੱਨਏ ਸਪਲਾਈ ਕੀਤੀ ਗਈ ਜਿਨ੍ਹਾਂ ਨਾਜਾਇਜ਼ ਸ਼ਰਾਬ ਤਿਆਰ ਕਰਨ ਦੇ ਪਲਾਂਟ ਚਲਾਏ। ਦੋਵੇਂ ਆਗੂਆਂ ਨੇ ਮੰਗ ਕੀਤੀ ਕਿ ਗੰਨਾ ਕਿਸਾਨਾਂ ਦੇ ਬਕਾਇਆ 680 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੇ ਗੰਨਾ ਉਤਪਾਦਕ ਕਿਸਾਨਾਂ ਦਾ ਕ੍ਰਮਵਾਰ 300 ਅਤੇ 380 ਕਰੋੜ ਰੁਪਏ ਅਦਾ ਕਰਨਾ ਹੈ। ਅਕਾਲੀ-ਭਾਜਪਾ ਆਗੂਆਂ ਨੇ ਕਿਹਾ ਕਿ ਇਕ ਪਾਸੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਤਾਂ ਦੂਜੇ ਪਾਸੇ ਕਾਂਗਰਸ ਸਰਕਾਰ ਨੇ ਸ਼ਰਾਬ ਦੇ ਠੇਕੇਦਾਰਾਂ ਨੂੰ 673 ਕਰੋੜ ਰੁਪਏ ਤੇ ਰੇਤ ਮਾਫੀਆ ਨੂੰ 150 ਕਰੋੜ ਰੁਪਏ ਦੀ ਰਾਹਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖੇਤ ਮਜ਼ਦੂਰਾਂ, ਦਿਹਾੜੀਦਾਰਾਂ, ਨਾਈਆਂ, ਤਰਖਾਣਾਂ ਅਤੇ ਮਿਸਤਰੀਆਂ ਲਈ ਕੁਝ ਨਹੀਂ ਕੀਤਾ ਗਿਆ ਜਿਨ੍ਹਾਂ ਤਿੰਨ ਮਹੀਨਿਆਂ ਵਿਚ ਆਪਣੀ ਰੋਜ਼ੀ-ਰੋਟੀ ਗੁਆ ਲਈ ਹੈ। ਉਨ੍ਹਾਂ ਮੰਗ ਕੀਤੀ ਕਿ ਪਿਛਲੇ ਤਿੰਨ ਮਹੀਨਿਆਂ ਦੇ ਜਨਰਲ ਕੈਟਾਗਿਰੀ ਦੇ ਬਿਜਲੀ ਤੇ ਪਾਣੀ ਦੇ ਬਿੱਲ ਅੱਧੇ ਕੀਤੇ ਜਾਣ ਅਤੇ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਤੇ ਖਪਤਕਾਰਾਂ ਦੇ ਬਿੱਲ ਪੂਰੇ ਤੌਰ ’ਤੇ ਮੁਆਫ ਕੀਤੇ ਜਾਣ।
ਆਗੂਆਂ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਇਹ ਵੀ ਦੱਸੇ ਕਿ ਉਸ ਨੇ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਇਕੱਤਰ ਹੋਏ 6 ਹਜ਼ਾਰ ਕਰੋੜ ਰੁਪਏ ਕਿਉਂ ਨਹੀਂ ਵੰਡੇ ਜਦਕਿ ਕੇਂਦਰ ਸਰਕਾਰ ਵੱਲੋਂ 1.4 ਕਰੋੜ ਲੋਕਾਂ ਲਈ ਭੇਜੇ ਗਏ ਰਾਸ਼ਨ ਦਾ ਵੱਡਾ ਹਿੱਸਾ ਕਾਂਗਰਸੀਆਂ ਨੇ ਖੁਰਦ-ਬੁਰਦ ਕਰ ਦਿੱਤਾ ਹੈ। ਅਕਾਲੀ ਦਲ ਤੇ ਭਾਜਪਾ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਇਹ ਵੀ ਮੰਗ ਕੀਤੀ ਗਈ ਕਿ ਸਰਕਾਰ ਐੱਮਬੀਬੀਐੱਸ ਕੋਰਸਾਂ ਦੀਆਂ ਫੀਸਾਂ ਵਿਚ ਕੀਤਾ ਗਿਆ 70 ਤੋਂ 80 ਫੀਸਦੀ ਵਾਧਾ ਤੁਰੰਤ ਵਾਪਸ ਲਵੇ। ਮੀਟਿੰਗ ਵਿਚ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ ਅਤੇ ਬਿਕਰਮ ਸਿੰਘ ਮਜੀਠੀਆ ਹਾਜ਼ਰ ਸਨ ਜਦਕਿ ਭਾਜਪਾ ਵੱਲੋਂ ਦਿਨੇਸ਼ ਸ਼ਰਮਾ, ਅਵਿਨਾਸ਼ ਰਾਏ ਖੰਨਾ, ਤਰੁਣ ਚੁੱਘ, ਮਦਨ ਮੋਹਣ ਮਿੱਤਲ, ਜੀਵਨ ਗੁਪਤਾ, ਸੁਭਾਸ਼ ਸ਼ਰਮਾ ਤੇ ਮਾਲਵਿੰਦਰ ਸਿੰਘ ਕੰਗ ਨੇ ਸ਼ਮੂਲੀਅਤ ਕੀਤੀ।