ਚਰਨਜੀਤ ਭੁੱਲਰ
ਚੰਡੀਗੜ੍ਹ, 15 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨੀ ਦਬਾਅ ਦੇ ਮੱਦੇਨਜ਼ਰ ਅੱਜ ਸੰਸਦ ਵਿਚ ਖੇਤੀ ਆਰਡੀਨੈਂਸ ‘ਜ਼ਰੂਰੀ ਵਸਤਾਂ (ਸੋਧ) ਬਿੱਲ 2020’ ਖ਼ਿਲਾਫ਼ ਸਟੈਂਡ ਲਿਆ ਅਤੇ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੇ ਬਿੱਲ ਦੇ ਵਿਰੋਧ ਵਿਚ ਵੋਟ ਪਾਈ। ਸੁਖਬੀਰ ਸਿੰਘ ਬਾਦਲ ਨੇ ਅੱਜ ਸੰਸਦ ’ਚ ਕਿਹਾ ਕਿ ਕਿਸਾਨੀ ਹਿੱਤਾਂ ਖ਼ਿਲਾਫ਼ ਕੁਝ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ ਅਤੇ ਖੇਤੀ ਆਰਡੀਨੈਂਸਾਂ ਦਾ ਸਭ ਤੋਂ ਮਾਰੂ ਅਸਰ ਪੰਜਾਬ ’ਤੇ ਪਵੇਗਾ।
ਸੁਖਬੀਰ ਬਾਦਲ ਨੇ ਕਿਹਾ ਕਿ ਖੇਤੀ ਆਰਡੀਨੈਂਸ ਲਿਆਉਣ ਤੋਂ ਪਹਿਲਾਂ ਕੇਂਦਰ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਮਸ਼ਵਰਾ ਨਹੀਂ ਕੀਤਾ। ਕੇਂਦਰ ਸਰਕਾਰ ਨੂੰ ਕਿਸਾਨ ਪੱਖੀ ਧਿਰਾਂ ਅਤੇ ਕਿਸਾਨ ਪੱਖੀ ਰਾਜਸੀ ਧਿਰਾਂ ਨਾਲ ਗੱਲਬਾਤ ਕਰਨੀ ਚਾਹੀਦੀ ਸੀ। ਉਹ ਕਿਸੇ ਅਜਿਹੇ ਫ਼ੈਸਲੇ ਦੀ ਹਮਾਇਤ ਨਹੀਂ ਕਰਦੇ, ਜੋ ਕਿਸਾਨੀ ਦੇ ਹਿੱਤਾਂ ਖ਼ਿਲਾਫ਼ ਭੁਗਤਦਾ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਜਿਸ ਨੇ ਕਿਸਾਨੀ ਹਿੱਤਾਂ ਲਈ ਲੰਮਾ ਸੰਘਰਸ਼ ਕੀਤਾ ਹੈ ਅਤੇ ਕੁਰਬਾਨੀਆਂ ਦਿੱਤੀਆਂ ਹਨ। ਉਹ ਵਿਰਾਸਤ ਨਾਲ ਸਮਝੌਤਾ ਨਹੀਂ ਕਰਨਗੇ, ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਰਡੀਨੈਂਸ ਜਾਰੀ ਹੋਏ ਹਨ, ਉਹ ਸਰਕਾਰ ਨੂੰ ਆਖ ਰਹੇ ਹਨ ਕਿ ਉਹ ਇਹ ਬਿੱਲ ਨਾ ਲਿਆਵੇ ਪਰ ਉਨ੍ਹਾਂ ਦੀ ਆਵਾਜ਼ ਸੁਣੀ ਨਹੀਂ ਗਈ। ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਆਰਡੀਨੈਂਸਾਂ ਬਾਰੇ ਮੰਤਰੀ ਮੰਡਲ ਵਿਚ ਚਰਚਾ ਹੋਈ ਸੀ ਤਾਂ ਪਾਰਟੀ ਦੇ ਪ੍ਰਤੀਨਿਧ ਹਰਸਿਮਰਤ ਕੌਰ ਬਾਦਲ ਨੇ ਇਸ ’ਤੇ ਇਤਰਾਜ਼ ਉਠਾਏ ਸਨ ਅਤੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਗੱਲ ਕੀਤੀ ਸੀ। ਉਨ੍ਹਾਂ ਬੇਨਤੀ ਕੀਤੀ ਸੀ ਕਿ ਆਰਡੀਨੈਂਸ ਰੋਕ ਲਏ ਜਾਣ ਪਰ ਫਿਰ ਵੀ ਆਰਡੀਨੈਂਸ ਜਾਰੀ ਕਰ ਦਿੱਤੇ ਗਏ।ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨੀ ਹਿੱਤਾਂ ਲਈ ਜੇਲ੍ਹਾਂ ਵਿਚ ਬਿਤਾਏ 16 ਸਾਲ ਦੇ ਸਮੇਂ ਦੀ ਚਰਚਾ ਵੀ ਕੀਤੀ।
ਜੇਪੀ ਨੱਢਾ ਨੂੰ ਮਿਲਿਆ ਅਕਾਲੀ ਆਗੂਆਂ ਦਾ ਵਫ਼ਦ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਅੱਜ ਦਿੱਲੀ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਨੱਢਾ ਨੂੰ ਬੇਨਤੀ ਕੀਤੀ ਕਿ ਤਿੰਨਾਂ ਖੇਤੀ ਬਿੱਲਾਂ ਸਬੰਧੀ ਕੇਂਦਰ ਸਰਕਾਰ ਕਿਸਾਨਾਂ ਨੂੰ ਸੰਬੋਧਨ ਕਰ ਕੇ ਉਨ੍ਹਾਂ ਦੇ ਸ਼ੰਕੇ ਦੂਰ ਕਰੇ ਅਤੇ ਇਸ ਤਜਵੀਜ਼ ਨੂੰ ਸੰਸਦੀ ਕਮੇਟੀ ਨੂੰ ਭੇਜਿਆ ਜਾਵੇ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ ਅਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਭਾਜਪਾ ਪ੍ਰਧਾਨ ਸ੍ਰੀ ਨੱਢਾ ਨੂੰ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਵਿਚ ਮਿਲੇ ਅਤੇ ਤਿੰਨ ਖੇਤੀ ਬਿੱਲਾਂ ਬਾਰੇ ਗੱਲਬਾਤ ਕੀਤੀ। ਸ੍ਰੀ ਗੁਜਰਾਲ ਨੇ ਆਖਿਆ, ‘‘ਇਨ੍ਹਾਂ ਖੇਤੀ ਬਿੱਲਾਂ ਸਬੰਧੀ ਕਿਸਾਨਾਂ ਨੂੰ ਕਈ ਤਰ੍ਹਾਂ ਦੇ ਸ਼ੰਕੇ ਹਨ ਤੇ ਕਿਸਾਨ ਸੋਚਦੇ ਹਨ ਕਿ ਇਹ ਬਿੱਲ ਕਿਸਾਨ ਵਿਰੋਧੀ ਹਨ, ਅਜਿਹੇ ਵਿਚ ਇਸ ਮੁੱਦੇ ਬਾਰੇ ਕਿਸਾਨਾਂ ਨੂੰ ਸੰਬੋਧਨ ਕਰਨਾ ਜ਼ਰੂਰੀ ਹੈ। ਇਸ ਲਈ ਸਭ ਤੋਂ ਵਧੀਆ ਤਰੀਕਾ ਇਨ੍ਹਾਂ ਬਿੱਲਾਂ ਨੂੰ ਸਾਂਝੀ ਚੋਣ ਕਮੇਟੀ ਨੂੰ ਭੇਜਣਾ ਹੀ ਹੈ, ਜੋ ਅੱਗੇ ਹਿੱਸੇਦਾਰਾਂ ਨਾਲ ਗੱਲ ਕਰੇਗੀ।’’ ਲਗਪਗ 40 ਮਿੰਟ ਚੱਲੀ ਇਸ ਮੀਟਿੰਗ ਦੌਰਾਨ ਸ੍ਰੀ ਗੁਜਰਾਲ ਨੇ ਸੁਝਾਅ ਦਿੱਤਾ ਕਿ ਬਿੱਲ ਪਾਸ ਕਰਨ ਸਬੰਧੀ ਕੇਂਦਰ ਨੂੰ ਕਾਹਲੀ ਨਹੀਂ ਕਰਨੀ ਚਾਹੀਦੀ।
-ਪੀਟੀਆਈ