ਪੱਤਰ ਪ੍ਰੇਰਕ
ਚੰਡੀਗੜ੍ਹ, 7 ਸਤੰਬਰ
ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਵੀ ਹੋਰ ਰਵਾਇਤੀ ਪਾਰਟੀਆਂ ਦੀ ਤਰਜ਼ ’ਤੇ ਮੁਲਾਜ਼ਮ ਵਿਰੋਧੀ ਗਰਦਾਨਦਿਆਂ ਸੰਘਰਸ਼ ਛੇੜ ਦਿੱਤਾ ਹੈ ਅਤੇ 14 ਸਤੰਬਰ ਨੂੰ ਸੈਕਟਰ 17 ਚੰਡੀਗੜ੍ਹ ਵਿੱਚ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਸੰਘਰਸ਼ ਦਾ ਆਗਾਜ਼ ਮੰਚ ਦੇ ਚੰਡੀਗੜ੍ਹ ਦੇ ਕਨਵੀਨਰ ਅਤੇ ਕੋ-ਕਨਵੀਨਰ ਰਨਜੀਵ ਸ਼ਰਮਾ, ਦਵਿੰਦਰ ਸਿੰਘ ਬੈਨੀਪਾਲ ਅਤੇ ਜਸਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸੈਕਟਰ-17 ਵਿੱਚ ਮੀਟਿੰਗ ਦੌਰਾਨ ਕੀਤਾ ਗਿਆ।
ਉਕਤ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਰੈਲੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਐਲਾਨੀਆਂ ਜ਼ੋਨਲ ਪੱਧਰੀ ਰੈਲੀਆਂ ਦੇ ਐਕਸ਼ਨ ਦੇ ਹੱਕ ਵਿਚ ਕੀਤੀ ਜਾਵੇਗੀ। ਆਗੂਆਂ ਨੇ ਆਖਿਆ ਕਿ ‘ਆਪ’ ਨੇ ਚੋਣਾਂ ਦੌਰਾਨ ਵਿੱਚ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸਨ ਪਰ ਸਰਕਾਰ ਬਣਨ ਮਗਰੋਂ ਵਾਅਦੇ ਪੂਰੇ ਕਰਨ ਵੱਲ ਕੋਈ ਕਦਮ ਨਹੀਂ ਚੁੱਕਿਆ ਸਗੋਂ ਤਨਖਾਹਾਂ ਵੀ ਲੇਟ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕਲੈਰੀਕਲ ਕਾਮਿਆਂ ਵੱਲੋਂ ਪੰਜਾਬ ਭਰ ਵਿੱਚ ਸੰਘਰਸ਼ ਦਾ ਆਗਾਜ਼ ਕਰ ਦਿੱਤਾ ਗਿਆ ਹੈ ਅਤੇ ਜਿਸ ਦੇ ਫਲਸਰੂਪ ਤਿੱਖੇ ਸੰਘਰਸ਼ਾਂ ਨੂੰ ਅੰਜ਼ਾਮ ਦਿੱਤਾ ਜਾਵੇਗਾ। ਸਾਂਝਾ ਮੁਲਾਜ਼ਮ ਮੰਚ ਦੇ ਸੂਬਾ ਕਨਵੀਨਰ ਅਤੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਚੇਅਰਮੈਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ‘ਆਪ’ ਸਰਕਾਰ ਸੋਸ਼ਲ ਮੀਡੀਆ ਦੀ ਸਰਕਾਰ ਹੈ ਜਿਸ ਨੇ ਹਕੀਕੀ ਤੌਰ ’ਤੇ ਹਾਲੇ ਤੱਕ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ ਆਪਣੀਆਂ ਭਾਈਵਾਲ ਅਤੇ ਸਾਂਝੀ ਵਿਚਾਰਧਾਰਾ ਵਾਲੀਆਂ ਜਥੇਬੰਦੀਆਂ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਵੱਡਾ ਐਕਸ਼ਨ ਕਰੇਗਾ।