ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਸਤੰਬਰ
ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਫ਼ਰੀਦਕੋਟ ਦੇ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਦਾ ਐਲਾਨ ਭਲਕੇ ਸ਼ੁੱਕਰਵਾਰ ਨੂੰ ਹੋਣ ਦੀ ਸੰਭਾਵਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਨਵੇਂ ਵਾਈਸ ਚਾਂਸਲਰ ਦਾ ਨਾਂ ਫਾਈਨਲ ਕਰ ਲਿਆ ਹੈ ਅਤੇ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਵੀਸੀ ਦੇ ਨਾਂ ਦਾ ਐਲਾਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ ਦਰਖਾਸਤਾਂ ਦੀ ਮੰਗ ਕੀਤੀ ਗਈ ਸੀ।
ਸੂਤਰਾਂ ਅਨੁਸਾਰ ਕਰੀਬ 30 ਡਾਕਟਰਾਂ ਨੇ ਵਾਈਸ ਚਾਂਸਲਰ ਬਣਨ ਲਈ ਅਪਲਾਈ ਕੀਤਾ ਸੀ, ਜਿਨ੍ਹਾਂ ’ਚ ਨਾਮੀ ਡਾਕਟਰਾਂ ਦੇ ਨਾਂ ਸ਼ਾਮਲ ਹਨ। ਪੰਜਾਬ ਸਰਕਾਰ ਨੇ ਕੁਝ ਨਾਵਾਂ ਦੀ ਚੋਣ ਕਰ ਲਈ ਹੈ। ਸੂਤਰ ਦੱਸਦੇ ਹਨ ਕਿ ਲੁਧਿਆਣਾ ਦੇ ਨਾਮੀ ਹਸਪਤਾਲ ਵਿੱਚ ਤਾਇਨਾਤ ਡਾ. ਗੁਰਪ੍ਰੀਤ ਸਿੰਘ ਦਾ ਨਾਂ ਸਭ ਤੋਂ ਸਿਖਰ ’ਤੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੇ ਇੱਕ ਚੰਗਾ ਪ੍ਰਬੰਧਕ ਹੋਣ ਦੀ ਖ਼ੂਬੀ ਕਾਰਨ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਲੈਣ ਦੀ ਇਛੁੱਕ ਹੈ। ਪਤਾ ਲੱਗਿਆ ਹੈ ਕਿ ਇੱਕ ਹੋਰ ਅਹਿਮ ਡਾਕਟਰ ਵੀ ਇਸ ਅਹੁਦੇ ਦੀ ਦੌੜ ਵਿੱਚ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁਦਾ ਡਾ. ਰਾਜ ਬਹਾਦਰ (ਵੀਸੀ) ਦੇ 29 ਜੁਲਾਈ ਨੂੰ ਅਸਤੀਫ਼ਾ ਦੇਣ ਮਗਰੋਂ ਖ਼ਾਲੀ ਹੋ ਗਿਆ ਸੀ ਅਤੇ ਪੰਜਾਬ ਸਰਕਾਰ ਨੇ 11 ਅਗਸਤ ਨੂੰ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਸੀ। ਦੱਸਣਯੋਗ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੇ ਫ਼ਰੀਦਕੋਟ ਦੇ ਹਸਪਤਾਲ ਵਿਚ ਦੌਰੇ ਸਮੇਂ ਵਾਈਸ ਚਾਂਸਲਰ ਨੂੰ ਗੰਦੇ ਗੱਦਿਆਂ ’ਤੇ ਲਿਟਾਏ ਜਾਣ ਤੋਂ ਵਿਵਾਦ ਭਖ਼ਿਆ ਸੀ। ਇਸ ਤੋਂ ਬਾਅਦ ਸਿਹਤ ਮੰਤਰੀ ਜੌੜੇਮਾਜਰਾ ਨੇ ਫਰੀਦਕੋਟ ਦੇ ਮੈਡੀਕਲ ਕਾਲਜ ਤੇ ਹਸਪਤਾਲ ਲਈ ਖੁਦ ਵੱਡੀ ਗਿਣਤੀ ਨਵੇਂ ਗੱਦੇ ਭੇਜੇ ਸਨ।
ਫ਼ਰੀਦਕੋਟ ਖ਼ਿੱਤੇ ਦੀ ਇੱਕ ਗੈਰ-ਸਰਕਾਰੀ ਸੰਸਥਾ ਡਾ. ਰਾਜ ਬਹਾਦਰ ਖ਼ਿਲਾਫ਼ ਲੜਾਈ ਲੜ ਰਹੀ ਸੀ। ਡਾ. ਰਾਜ ਬਹਾਦਰ ਦੀ ਤਿੰਨ ਵਰ੍ਹਿਆਂ ਲਈ 23 ਦਸੰਬਰ 2014 ਨੂੰ ਬਤੌਰ ਵਾਈਸ ਚਾਂਸਲਰ ਨਿਯੁਕਤੀ ਹੋਈ ਸੀ। ਉਸ ਮਗਰੋਂ ਕਾਂਗਰਸ ਸਰਕਾਰ ਨੇ ਦਸੰਬਰ 2017 ਵਿੱਚ ਉਨ੍ਹਾਂ ਦੇ ਅਹੁਦੇ ਦੀ ਮਿਆਦ ਵਿੱਚ ਤਿੰਨ ਸਾਲ ਦਾ ਵਾਧਾ ਕਰ ਦਿੱਤਾ ਸੀ। ਤਿੰਨ ਸਾਲ ਮਗਰੋਂ ਮੁੜ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਅਹੁਦੇ ਦੀ ਮਿਆਦ ਵਧਾ ਕੇ ਦਸੰਬਰ 2023 ਤੱਕ ਕਰ ਦਿੱਤੀ ਸੀ। ਉਨ੍ਹਾਂ ਦੇ ਵਾਰ-ਵਾਰ ਮਿਆਦ ਵਧਾਈ ਜਾਣ ਦੇ ਖ਼ਿਲਾਫ਼ ਧਰਨੇ ਵੀ ਲੱਗਦੇ ਰਹੇ ਸਨ।