ਆਤਿਸ਼ ਗੁਪਤਾ
ਚੰਡੀਗੜ੍ਹ, 20 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਇਜਲਾਸ 22 ਸਤੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚ ਲੋਕਾਂ ਦਾ ਵਿਸ਼ਵਾਸ ਜਿੱਤਣ ਲਈ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਂਦਾ ਜਾਵੇਗਾ। ਇਹ ਫੈਸਲਾ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿੱਚ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ। ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਸ਼ੇਸ਼ ਇਜਲਾਸ ਲਈ ਪੰਜਾਬ ਦੇ ਰਾਜਪਾਲ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਵਿਸ਼ੇਸ਼ ਇਜਲਾਸ ਵੀਰਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਸ਼ੁਰੂਆਤ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ, ਜਿਸ ਮਗਰੋਂ ਸੂਬਾ ਸਰਕਾਰ ਦੇ ਪੱਖ ਵਿੱਚ 11.30 ਵਜੇ ਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕੈਬਨਿਟ ਮੀਟਿੰਗ ਮਗਰੋਂ ਦੱਸਿਆ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਉਹ ਵਿਧਾਇਕ ਵੀ ਆਪਣੇ ਵਿਚਾਰ ਰੱਖਣਗੇ, ਜਿਨ੍ਹਾਂ ਨੂੰ ਭਾਜਪਾ ਵੱਲੋਂ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੁਣ ਤੱਕ ਦੇਸ਼ ਵਿੱਚ (ਵੱਖ ਵੱਖ ਪਾਰਟੀਆਂ ਨਾਲ ਸਬੰਧਤ) 280 ਦੇ ਕਰੀਬ ਵਿਧਾਇਕਾਂ ਦੀ ਖਰੀਦੋ-ਫਰੋਖਤ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਕੋਈ ਵੀ ਵਿਧਾਇਕ ਵਿਕਾਊ ਨਹੀਂ ਹੈ ਅਤੇ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋਵੇਗਾ।
ਗੌਰਤਲਬ ਹੈ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸਵੇਰੇ 10 ਵਜੇ ਸ਼ੁਰੂ ਹੋਣੀ ਸੀ, ਪਰ ਇਹ ਮੀਟਿੰਗ 15 ਮਿੰਟ ਦੇਰੀ ਨਾਲ ਸ਼ੁਰੂ ਹੋਈ ਤੇ ਸਾਢੇ ਗਿਆਰਾਂ ਵਜੇ ਤੱਕ ਚੱਲੀ। ਮੀਟਿੰਗ ਦੀ ਸ਼ੁਰੂਆਤ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਥੀ ਵਜ਼ੀਰਾਂ ਨਾਲ ਜਰਮਨੀ ਦੌਰੇ ਬਾਰੇ ਤਜਰਬੇ ਸਾਂਝੇ ਕੀਤੇ। ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦੀਆਂ ਇੱਛੁਕ ਕੰਪਨੀਆਂ ਅਤੇ ਹੋਰਨਾਂ ਪ੍ਰਾਜੈਕਟਾਂ ਬਾਰੇ ਚਾਨਣਾ ਪਾਇਆ। ਕੈਬਨਿਟ ਮੀਟਿੰਗ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਬੰਧਾਂ ਨੂੰ ਪੁਖਤਾਂ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਪੰਜਾਬ ਦੀ 117 ਮੈਂਬਰੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ (ਆਪ) ਕੋਲ 92 ਵਿਧਾਇਕਾਂ ਦਾ ਵੱਡਾ ਬਹੁਮਤ ਹਨ। ਇਸ ਤੋਂ ਇਲਾਵਾ ਕਾਂਗਰਸ ਕੋਲ 18, ਸ਼੍ਰੋਮਣੀ ਅਕਾਲੀ ਦਲ ਕੋਲ ਤਿੰਨ, ਭਾਜਪਾ ਕੋਲ ਦੋ, ਬਹੁਜਨ ਸਮਾਜ ਪਾਰਟੀ ਕੋਲ ਇਕ ਅਤੇ ਇਕ ਆਜ਼ਾਦ ਵਿਧਾਇਕ ਹੈ। ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਦਿਨੀਂ ਦਾਅਵਾ ਕੀਤਾ ਸੀ ਕਿ ਭਾਜਪਾ ਨੇ ‘ਆਪਰੇਸ਼ਨ ਲੋਟਸ’ ਤਹਿਤ ਪੰਜਾਬ ਵਿੱਚ ‘ਆਪ’ ਦੀ ਸਰਕਾਰ ਡੇਗਣ ਲਈ 10 ਵਿਧਾਇਕਾਂ ਨੂੰ ਖਰੀਦਣ ਲਈ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਇਸੇ ਕਰਕੇ ਉਹ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਜਿੱਤਣ ਲਈ ਭਰੋਸਗੀ ਮਤਾ ਲਿਆ ਰਹੇ ਹਨ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ‘ਆਪ’ ਨੇ ਭਾਜਪਾ ’ਤੇ ਸਰਕਾਰ ਤੋੜਨ ਦੇ ਦੋਸ਼ ਲਾਉਣ ਤੋਂ ਬਾਅਦ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਭਰੋਸੇ ਦਾ ਵੋਟ ਜਿੱਤਿਆ ਸੀ।
ਵਿਸ਼ੇਸ਼ ਇਜਲਾਸ: ਭਰੋਸਗੀ ਮਤਾ ਲਿਆਉਣ ’ਤੇ ਉੱਠੇ ਸਵਾਲ
ਚੰਡੀਗੜ੍ਹ (ਟਨਸ): ਪੰਜਾਬ ਵਿਧਾਨ ਸਭਾ ਦੇ ਤੀਸਰੇ ਵਿਸ਼ੇਸ਼ ਇਜਲਾਸ ਵਿਚ 22 ਸਤੰਬਰ ਨੂੰ ਰਾਜ ਸਰਕਾਰ ਦੇ ਹੱਕ ਵਿਚ ਭਰੋਸਗੀ ਮਤਾ ਲਿਆਉਣ ’ਤੇ ਉਂਗਲ ਉੱਠੀ ਹੈ। ਬੇਸ਼ੱਕ ਪੰਜਾਬ ਕੈਬਨਿਟ ਨੇ ਅੱਜ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਪਰ ‘ਪੰਜਾਬ ਵਿਧਾਨ ਸਭਾ ਦੀ ਕਾਰਜ-ਵਿਧੀ ਅਤੇ ਕਾਰਜ ਸੰਚਾਲਨ ਨਿਯਮਾਵਲੀ’ ’ਚ ਭਰੋਸਗੀ ਮਤਾ ਲਿਆਉਣ ਬਾਰੇ ਕੋਈ ਵਿਵਸਥਾ ਹੀ ਨਹੀਂ ਹੈ। ਮਾਹਿਰਾਂ ਮੁਤਾਬਕ ਆਖ਼ਰ ਵਿਧਾਨ ਸਭਾ ’ਚ ਕਿਹੜੇ ਨਿਯਮਾਂ ਤਹਿਤ ਵਿਸ਼ਵਾਸ ਮਤਾ ਲਿਆਂਦਾ ਜਾਵੇਗਾ। ‘ਪੰਜਾਬ ਵਿਧਾਨ ਸਭਾ ਦੀ ਕਾਰਜ-ਵਿਧੀ ਅਤੇ ਕਾਰਜ ਸੰਚਾਲਨ ਨਿਯਮਾਵਲੀ’ ਦੇ ਰੂਲ 58(1) ਤਹਿਤ ਬੇਭਰੋਸਗੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਇਸ ਲਈ ਮਤਾ ਪੇਸ਼ ਕਰਨ ਲਈ ਸਦਨ ਦੀ ਪ੍ਰਵਾਨਗੀ ਲੈਣੀ ਪੈਂਦੀ ਹੈ ਅਤੇ ਸਦਨ ਵਿਚ ਹਾਜ਼ਰ ਮੈਂਬਰਾਂ ’ਚੋਂ ਪੰਜ ਫ਼ੀਸਦੀ ਤੋਂ ਜ਼ਿਆਦਾ ਮੈਂਬਰਾਂ ਵੱਲੋਂ ਸਦਨ ਵਿਚ ਖੜ੍ਹੇ ਹੋ ਕੇ ਸਹਿਮਤੀ ਦਿੱਤੀ ਜਾਂਦੀ ਹੈ। ਦੂਸਰੇ ਪਾਸੇ ਪੰਜਾਬ ਵਿਧਾਨ ਸਭਾ ਵਿਚ 22 ਸਤੰਬਰ ਨੂੰ ਭਰੋਸਗੀ ਮਤਾ ਲਿਆਉਣ ਲਈ ਕੋਈ ਰੂਲਜ਼ ਹੀ ਨਹੀਂ। ਪੰਜਾਬ ਵਿਧਾਨ ਸਭਾ ’ਚ ਸਦਨ ਦੀ ਸਮੁੱਚੀ ਕਾਰਵਾਈ ਰੂਲਜ਼ ਮੁਤਾਬਕ ਹੀ ਚੱਲਦੀ ਹੈ, ਜਿਨ੍ਹਾਂ ਨੂੰ ਸਦਨ ਵੱਲੋਂ ਹੀ ਪ੍ਰਵਾਨ ਕੀਤਾ ਹੋਇਆ ਹੈ। ਇਨ੍ਹਾਂ ਰੂਲਜ਼ ਬਿਨਾਂ ਸਦਨ ਹੀ ਨਹੀਂ ਚੱਲ ਸਕਦਾ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਵਿਚ ਵੀ ਭਰੋਸਗੀ ਮਤਾ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਸਪੱਸ਼ਟ ਕਰ ਚੁੱਕੇ ਹਨ ਕਿ ਕੁੱਝ ਤਾਕਤਾਂ ‘ਆਪ’ ਦੇ ਵਿਧਾਇਕਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਕਰ ਚੁੱਕੀਆਂ ਹਨ। ਵਿਧਾਨ ਸਭਾ ਦੇ ਇੱਕ ਸਾਬਕਾ ਸਪੀਕਰ ਦਾ ਕਹਿਣਾ ਹੈ ਕਿ ਪੰਜਾਬ ਦੀ ਸੰਸਦੀ ਪ੍ਰਣਾਲੀ ਦੇ 70 ਸਾਲਾਂ ਦੇ ਇਤਿਹਾਸ ਵਿਚ ਅਜਿਹਾ ਕਦੇ ਨਹੀਂ ਹੋਇਆ।
ਨਿਰੋਲ ਗੈਰ-ਸੰਵਿਧਾਨਿਕ ਕਾਰਵਾਈ: ਬੀਰ ਦਵਿੰਦਰ
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ‘ਭਰੋਸਗੀ ਮਤੇ’ ਬਾਰੇ ਰੂਲਜ਼ ਵਿਚ ਕੋਈ ਵਿਵਸਥਾ ਨਹੀਂ ਹੈ ਅਤੇ ਇਹ ਗੈਰ-ਸੰਵਿਧਾਨਕ ਕਾਰਵਾਈ ਹੈ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੇ ਸੰਵਿਧਾਨਕ ਮੁਖੀ ਹੋਣ ਦੇ ਨਾਤੇ ਵਿਧਾਨ ਸਭਾ ਦੀ ਰੂਲਜ਼ ਬੁੱਕ ਮੰਗਵਾਉਣ ਤੇ ਇਸ ਮਾਮਲੇ ਵਿਚ ਦਖ਼ਲ ਦੇਣ। ਉਨ੍ਹਾਂ ਕਿਹਾ ਕਿ ਨਿਯਮਾਂ ਤੋਂ ਬਾਹਰ ਜਾ ਕੇ ਲਿਆਂਦੇ ਭਰੋਸਗੀ ਮਤੇ ਨੂੰ ਕਦੇ ਵੀ ਅਦਾਲਤ ਵਿਚ ਚੁਣੌਤੀ ਮਿਲ ਸਕਦੀ ਹੈ।
ਸਰਕਾਰ ਮਤਾ ਲਿਆ ਸਕਦੀ ਹੈ: ਸਪੀਕਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਸਰਕਾਰ ਵਿਧਾਨ ਸਭਾ ਵਿਚ ਭਰੋਸਗੀ ਮਤਾ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਭਰੋਸਗੀ ਮਤਾ ਲਿਆਉਣਾ ਸਰਕਾਰ ਦੇ ਅਧਿਕਾਰ ਖੇਤਰ ਵਿਚ ਹੈ।