ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ 24 ਅਕਤੂਬਰ
ਭਾਜਪਾ ਆਗੂਆਂ ਵੱਲੋਂ ਕਰਤਾਰਪੁਰ ਵਿਚ ਡਾ. ਭੀਮ ਰਾਉ ਅੰਬੇਡਕਰ ਦੀ ਮੂਰਤੀ ਉੱਤੇ ਹਾਰ ਪਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਕਰਤਾਰਪੁਰ ਵਿਚ ਮਾਹੌਲ ਤਣਾਅਪੂਰਨ ਰਿਹਾ। ਕਰਤਾਰਪੁਰ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੇਂਡੂ ਮਜ਼ਦੂਰ ਯੂਨੀਅਨ ਭਾਰਤ ਨੌਜਵਾਨ ਸਭਾ ਬਹੁਜਨ ਸਮਾਜ ਪਾਰਟੀ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਇਕ ਮੰਚ ’ਤੇ ਇਕੱਠੇ ਹੋ ਕੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ। ਪੁਲੀਸ ਨੇ ਭਾਜਪਾ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਅਮਰੀ ਚੇਅਰਮੈਨ ਰਜੇਸ਼ ਬਾਘਾ ਅਤੇ ਹੋਰ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਕਰਤਾਰਪੁਰ ਦੇ ਮੁੱਖ ਚੌਕ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ, ਜਿਸ ਕਾਰਨ ਭਾਜਪਾ ਆਗੂ ਡਾ. ਅੰਬੇਡਕਰ ਦੀ ਮੂਰਤੀ ਉੱਪਰ ਹਾਰ ਨਹੀਂ ਪਾ ਸਕੇ। ਮੌਕੇ ’ਤੇ ਪਹੁੰਚੀ ਪੁਲੀਸ ਵਲੋਂ ਇਕ ਧਿਰ ਦੀ ਹਮਾਇਤ ਦੀ ਭਿਣਕ ਪੈਂਦਿਆਂ ਹੀ ਵੱਖ ਵੱਖ ਜਥੇਬੰਦੀਆਂ ਦੇ ਆਗੂ ਮੁੱਖ ਚੌਕ ਵਿੱਚ ਇਕੱਠੇ ਹੋ ਕੇ ਧਰਨੇ ’ਤੇ ਬੈਠ ਗਏ।
ਇਸ ਮੌਕੇ ਬਸਪਾ ਆਗੂ ਬਲਵਿੰਦਰ ਕੁਮਾਰ ਸੁਖਵਿੰਦਰ ਸਿੰਘ ਕੋਟਲੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਸਬੀਰ ਸਿੰਘ ਲਿਟਾਂ ਨੇ ਕਿਹਾ ਕਿ ਭਾਜਪਾ ਆਪਣੇ ਐੱਸ ਸੀ ਵਿੰਗ ਦੀ ਮਦਦ ਨਾਲ ਕਿਸਾਨ ਜਥੇਬੰਦੀਆਂ ਅਤੇ ਦਲਿਤ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਕਰਨ ਲਈ ਜ਼ਿੰਮੇਵਾਰ ਆਗੂਆਂ ਵਿਰੁੱਧ ਡਟੇ ਦਲਿਤ ਆਗੂਆਂ ਵਲੋਂ ਚਲਾਏ ਜਾ ਰਹੇ ਅੰਦੋਲਨ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।