ਬੀਰਬਲ ਰਿਸ਼ੀ
ਸ਼ੇਰਪੁਰ, 3 ਦਸੰਬਰ
ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਨੂੰਹ ਤੇ ਇਸਤਰੀ ਅਕਾਲੀ ਦਲ ਦੀ ਕੌਮੀ ਆਗੂ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਉਨ੍ਹਾਂ ਦੇ ਪੁੱਤਰ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਦੀ ਟਿਕਟ ਕੱਟ ਕੇ ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ ਨੂੰ ਦੇਣ ਖ਼ਿਲਾਫ਼ ਪਾਰਟੀ ਦੇ ਫ਼ੈਸਲੇ ਪ੍ਰਤੀ ਤਿੱਖੇ ਤੇਵਰ ਦਿਖਾਏ ਹਨ। ਬੀਬੀ ਬਰਨਾਲਾ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਹਲਕੇ ਵਿੱਚ ਤਿਆਰੀ ਕਰ ਰਿਹਾ ਹੈ ਪਰ ਹੁਣ ਹੈਰਾਨੀ ਹੈ ਕਿ ਸਾਰੀਆਂ ਮੈਰਿਟਾਂ ਨੂੰ ਅੱਖੋਂ-ਪਰੋਖੇ ਕਰ ਕੇ ਪੈਰਾਸ਼ੂਟ ਰਾਹੀਂ ਪ੍ਰਕਾਸ਼ ਚੰਦ ਗਰਗ ਨੂੰ ਧੂਰੀ ਹਲਕੇ ਤੋਂ ਉਮੀਦਵਾਰ ਲਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਰਨਾਲਾ ਪਰਿਵਾਰ ਨੂੰ ਭਰੋਸੇ ਵਿੱਚ ਲਏ ਬਿਨਾਂ ਫੈਸਲੇ ਸਬੰਧੀ ਪਾਰਟੀ ਪ੍ਰਧਾਨ ਦੀ ਕੋਈ ਮਜਬੂਰੀ ਹੋ ਸਕਦੀ ਹੈ ਪਰ ਹੁਣ ਉਹ ਪ੍ਰਧਾਨ ਨੂੰ ਨਹੀਂ ਮਿਲਣਗੇ ਕਿਉਂਕਿ ਅਜਿਹਾ ਕਰਨਾ ਉਨ੍ਹਾਂ ਦੀ ਕੋਈ ਮਜਬੂਰੀ ਨਹੀਂ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਤੋਂ ਟਿਕਟ ਦੇਣ ਦੀ ਪੇਸ਼ਕਸ਼ ਉੱਕਾ ਹੀ ਮਨਜ਼ੂਰ ਨਹੀਂ। ਇਹ ਪੁੱਛੇ ਜਾਣ ’ਤੇ ਕਿ ਹੁਣ ਆਜ਼ਾਦ ਚੋਣ ਲੜੋਗੇ ਜਾਂ ਕੋਈ ਹੋਰ ਪਾਰਟੀ ਵਿੱਚ ਜਾਣ ਦਾ ਇਰਾਦਾ ਹੈ ਤਾਂ ਉਨ੍ਹਾਂ ਕਿਹਾ ਕਿ ਉਹ ਖੁਦ ਅਜਿਹਾ ਕੋਈ ਫ਼ੈਸਲਾ ਨਹੀਂ ਕਰਨਗੇ ਸਗੋਂ ਛੇਤੀ ਹੀ ਆਪਣੇ ਸਮਰਥਕਾਂ ਦਾ ਇਕੱਠ ਕਰ ਕੇ ਉਨ੍ਹਾਂ ਵੱਲੋਂ ਲਏ ਹਰ ਫ਼ੈਸਲੇ ਦਾ ਸਤਿਕਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਤੋਂ ਲਗਾਏ ਹਲਕਾ ਇੰਚਾਰਜ ਹਰੀ ਸਿੰਘ ਪ੍ਰੀਤ ਨਾਭਾ ਨੂੰ ਪਾਰਟੀ ਟਿਕਟ ਦੇਣ ਤੋਂ ਪਹਿਲਾਂ ਹੀ ਇਨਕਾਰ ਕਰ ਚੁੱਕੀ ਹੈ।