ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਅਕਤੂਬਰ
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਸਬੰਧੀ ਸ੍ਰੋਮਣੀ ਕਮੇਟੀ ਵੱਲੋਂ ਭਾਰਤ ਵਿੱਚ ਉਲੀਕੇ ਦੋ ਦਿਨਾਂ ਸਮਾਗਮਾਂ ਦੀ ਸ਼ੁਰੂਆਤ ਅੱਜ ਖਾਲਸਈ ਜਾਹੋ-ਜਲਾਲ ਨਾਲ ਹੋਈ। ਇਸ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ਦੇ ਵਿਦਿਆਰਥੀਆਂ ਨੇ ਸਮੂਹਿਕ ਰੂਪ ਵਿਚ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ। ਇਸ ਸਬੰਧ ਵਿਚ ਕੱਲ੍ਹ ਸ੍ਰੀ ਅਖੰਡ ਪਾਠ ਅਰੰਭ ਕੀਤਾ ਗਿਆ ਸੀ, ਜਿਸ ਦੇ ਭੋਗ ਭਲਕੇ 27 ਅਕਤੂਬਰ ਨੂੰ ਪੈਣਗੇ।
ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਕੌਮ ਦੇ ਇਤਿਹਾਸ ਵਿੱਚ ਸਾਕੇ ਅਤੇ ਮੋਰਚੇ ਖਾਸ ਮਹੱਤਵ ਰੱਖਦੇ ਹਨ, ਕਿਉਂਕਿ ਇਹ ਬਿਖੜੇ ਸਮਿਆਂ ਵਿਚ ਕੀਤੇ ਗਏ ਸਿੱਖ ਸੰਘਰਸ਼ ਦੀ ਕਹਾਣੀ ਬਿਆਨਦੇ ਹਨ। ਇਸੇ ਤਹਿਤ ਹੀ ਸ਼ਤਾਬਦੀ ਸਮਾਗਮਾਂ ਦਾ ਪਹਿਲਾ ਦਿਨ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਜਿਹੜੇ ਵੀ ਵਿਦਿਅਕ ਅਦਾਰੇ ਅੰਮ੍ਰਿਤ ਛਕੋ ਸਿੰਘ ਸਜੋ ਲਹਿਰ ਨੂੰ ਪ੍ਰਫੁੱਲਤ ਕਰਨ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣਗੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਮੌਜੂਦ ਸਨ। ਸਮਾਗਮਾਂ ਦੇ ਪਹਿਲੇ ਦਿਨ ਅੱਜ ਵੱਖ-ਵੱਖ ਅਦਾਰਿਆਂ ਦੇ ਵਿਦਿਆਰਥੀਆਂ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਨਾਲ ਸਬੰਧਤ ਭਾਸ਼ਨ, ਕਵਿਤਾ, ਕਵੀਸ਼ਰੀ ਅਤੇ ਢਾਡੀ ਵਾਰਾਂ ਦੀ ਪੇਸ਼ਕਾਰੀ ਕੀਤੀ।
ਇਸੇ ਦੌਰਾਨ ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵਿਚੋਂ ਮੈਰਟ ਵਿਚ ਆਉਣ ਵਾਲੇ ਵਿਦਿਆਰਥੀਆਂ ਸਨਮਾਨਿਤ ਵੀ ਕੀਤਾ ਗਿਆ। ਸਮਾਗਮਾਂ ਦੌਰਾਨ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਇਤਿਹਾਸ ਨੂੰ ਦਰਸਾਉਂਦੇ ਵੱਖ-ਵੱਖ ਚਿੱਤਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਪ੍ਰਤੀ ਸੰਗਤ ਨੇ ਖ਼ਾਸ ਰੁਚੀ ਦਿਖਾਈ। ਇਸ ਤੋਂ ਇਲਾਵਾ ਵਿਸ਼ੇਸ਼ ਬੱਸ ਵਿਚ ਸੁਸ਼ੋਭਿਤ ਗੁਰੂ ਸਾਹਿਬਾਨ ਦੇ ਸ਼ਸਤਰਾਂ, ਬਸਤਰਾਂ ਦੇ ਸੰਗਤ ਨੇ ਦਰਸ਼ਨ ਕੀਤੇ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਹਾਜ਼ਰ ਸਨ।
40 ਸਿੱਖਾਂ ਦੇ ਵੀਜ਼ੇ ਜਾਰੀ ਨਾ ਕਰਨ ਤੋਂ ਸ਼੍ਰੋਮਣੀ ਕਮੇਟੀ ਨਾਰਾਜ਼
ਅੰਮ੍ਰਿਤਸਰ: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਵਾਸਤੇ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਵੱਡੀ ਗਿਣਤੀ ਵਿੱਚ ਵੀਜ਼ੇ ਕੱਟੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਕੋਲ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਅਤੇ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਤੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸੂਚੀ ਦੇ ਸਾਰੇ ਮੈਂਬਰਾਂ ਨੂੰ ਵੀਜ਼ੇ ਜਾਰੀ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨੀ ਸਫਾਰਤਖਾਨੇ ਨੇ ਸ਼੍ਰੋਮਣੀ ਕਮੇਟੀ ਦੇ 157 ਸ਼ਰਧਾਲੂਆਂ ਵਿੱਚੋਂ 40 ਨੂੰ ਵੀਜ਼ੇ ਨਹੀਂ ਦਿੱਤੇ। ਵੀਜ਼ੇ ਨਾ ਮਿਲਣ ਵਾਲਿਆਂ ਵਿੱਚ ਸਮਾਗਮ ਦੇ ਮੁੱਖ ਪ੍ਰਬੰਧਕ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੀ ਸ਼ਾਮਲ ਹਨ। ਐਡਵੋਕੇਟ ਧਾਮੀ ਨੇ ਜਥੇ ਵਿੱਚੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨ ’ਤੇ ਸਖ਼ਤ ਇਤਰਾਜ਼ ਜਤਾਇਆ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 28 ਅਕਤੂਬਰ ਨੂੰ ਭੇਜਿਆ ਜਾਵੇਗਾ। ਇਸੇ ਦਿਨ ਗੁਰਦੁਆਰਾ ਪੰਜਾ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਸਬੰਧੀ ਅਖੰਡ ਪਾਠ ਆਰੰਭ ਹੋਵੇਗਾ ਅਤੇ 30 ਅਕਤੂਬਰ ਨੂੰ ਭੋਗ ਪੈਣਗੇ।