ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਜੁਲਾਈ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਧੂਰੀ (ਸੰਗਰੂਰ) ਨਾਲ ਸਬੰਧਤ ਗੁਰਮੁੱਖ ਸਿੰਘ(38) ਅਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਗਗੜੇਵਾਲ ਦੇ ਗੁਰਜੰਟ ਸਿੰਘ(29) ਦੀਆਂ ਮ੍ਰਿਤਕ ਦੇਹਾਂ ਦੁਬਈ ਤੋਂ ਅੰਮ੍ਰਿਤਸਰ ਪੁੱਜੀਆਂ। ਮ੍ਰਿਤਕ ਗੁਰਮੁੱਖ ਸਿੰਘ ਦੇ ਭਰਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ 2 ਸਾਲ ਪਹਿਲਾਂ ਦੁਬਈ ਗਿਆ ਸੀ। ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਕੰਮਕਾਰ ਬੰਦ ਹੋਣ ਕਰਕੇ ਪ੍ਰੇਸ਼ਾਨ ਗੁਰਮੁੱਖ ਸਿੰਘ ਦੀ 2 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸੇ ਤਰ੍ਹਾਂ ਮ੍ਰਿਤਕ ਗੁਰਜੰਟ ਸਿੰਘ ਦੇ ਪਿਤਾ ਗੁਰਮੰਗਤ ਸਿੰਘ ਨੇ ਦੱਸਿਆ ਕਿ ਗੁਰਜੰਟ ਸਿੰਘ 3 ਸਾਲ ਪਹਿਲਾਂ ਕਰਜ਼ਾ ਚੁੱਕ ਕੇ ਦੁਬਈ ਗਿਆ ਸੀ ਅਤੇ ਉੱਥੇ ਪੱਥਰ ਦਾ ਕੰਮ ਕਰਦਾ ਸੀ। ਉਸ ਦੀ ਵੀ 30 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਦੋਵਾਂ ਪਰਿਵਾਰਾਂ ਨੇ ਡਾ. ਓਬਰਾਏ ਤਕ ਰਾਬਤਾ ਕਰਦਿਆਂ ਆਪਣੀ ਪਤਲੀ ਆਰਥਿਕ ਹਾਲਤ ਦਾ ਹਵਾਲਾ ਦਿੰਦਿਆਂ ਮ੍ਰਿਤਕ ਦੇਹਾਂ ਵਾਪਸ ਭੇਜਣ ਦੀ ਅਪੀਲ ਕੀਤੀ ਸੀ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੰਘ ਸਿੱਧੂ, ਮਨਪ੍ਰੀਤ ਸੰਧੂ, ਸ਼ਿਸ਼ਪਾਲ ਸਿੰਘ ਲਾਡੀ, ਨਵੇਤਜ ਸਿੰਘ ਆਦਿ ਹਾਜ਼ਰ ਸਨ। ਇਸ ਦੌਰਾਨ ਬੀਤੀ ਦੇਰ ਰਾਤ ਦੁਬਈ ਤੋਂ ਆਈ ਇਕ ਵਿਸ਼ੇਸ਼ ਉਡਾਣ ਰਾਹੀਂ 174 ਭਾਰਤੀ ਵਰਤ ਪਰਤੇ ਹਨ। ਇਹ ਵਿਸ਼ੇਸ਼ ਉਡਾਣ ਖਾਲਸਾ ਮੋਟਰਸਾਈਕਲ ਟੀਮ ਦੁਬਈ ਦੇ ਸਹਿਯੋਗ ਨਾਲ ਭੇਜੀ ਗਈ ਸੀ।