ਕੁਲਦੀਪ ਸਿੰਘ
ਚੰਡੀਗੜ੍ਹ, 2 ਜੂਨ
ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਦੀ ਮੀਟਿੰਗ ਨੇ ਸੂਬੇ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਆਸਾਂ ਉਮੀਦਾਂ ਉਤੇ ਇੱਕ ਵਾਰ ਫਿਰ ਪਾਣੀ ਫੇਰ ਦਿੱਤਾ ਹੈ ਅਤੇ ਸਰਕਾਰ ਪ੍ਰਤੀ ਬੇਭਰੋਸਗੀ ਪੈਦਾ ਹੋ ਗਈ ਹੈ। ਛੇਵਾਂ ਤਨਖਾਹ ਕਮਿਸ਼ਨ ਮੁਲਾਜ਼ਮਾਂ ਲਈ ਮ੍ਰਿਗ ਤ੍ਰਿਸ਼ਨਾ ਬਣ ਕੇ ਰਹਿ ਗਿਆ ਹੈ।
ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਕਾਫ਼ੀ ਜ਼ਿਆਦਾ ਖੁਸ਼ੀ ਦਾ ਮਾਹੌਲ ਸੀ ਕਿ ਸ਼ਾਇਦ ਅੱਜ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਬਾਰੇ ਸਰਕਾਰ ਮੁਲਾਜ਼ਮਾਂ ਨੂੰ ਕੋਈ ਤੋਹਫ਼ਾ ਦੇਵੇਗੀ। ਪ੍ਰੰਤੂ ਜਦੋਂ ਦੁਪਹਿਰ ਵੇਲ਼ੇ ਤੱਕ ਨਾ ਤਾਂ ਤਨਖਾਹ ਕਮਿਸ਼ਨ ਦੀ ਰਿਪੋਰਟ ਸਕੱਤਰੇਤ ਦੀਆਂ ਸ਼ਾਖਾਵਾਂ ਵਿੱਚ ਪਹੁੰਚੀ ਅਤੇ ਨਾ ਹੀ ਮੀਟਿੰਗ ਦਾ ਏਜੰਡਾ ਕੈਬਨਿਟ ਅਫ਼ੇਅਰ ਬਰਾਂਚ ਵਿੱਚ ਪਹੁੰਚਿਆ ਤਾਂ ਮੁਲਾਜ਼ਮਾਂ ਵਿੱਚ ਨਿਰਾਸ਼ਾ ਫੈਲ ਗਈ।
ਸਰਕਾਰ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਇਸ ਬੇਰੁਖੀ ਉਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਕਨਵੀਨਰ ਤੇ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਆਪਣੇ ਮੰਤਰੀਆਂ-ਸੰਤਰੀਆਂ ਤੇ ਚਹੇਤਿਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ ਪ੍ਰੰਤੂ ਸਰਕਾਰ ਕੱਚੇ ਅਤੇ ਪੱਕੇ ਮੁਲਾਜ਼ਮਾਂ ਸਮੇਤ ਬੇਰੁਜ਼ਗਾਰਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਨੂੰ ਪੂਰਾ ਕਰਨ ਤੋਂ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।
ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅੰਦਰ ਹਾਲੇ ਵੀ ਕੁਝ ਅਣਖ ਬਾਕੀ ਬਚੀ ਹੈ ਤਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ।