ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਨਵੰਬਰ
ਅਕਾਲ ਡਿਗਰੀ ਕਾਲਜ ਫਾਰ ਵਿਮੈਨ ਸੰਗਰੂਰ ਦਾ ਮਾਮਲਾ ਅੱਜ ਉਸ ਸਮੇਂ ਮੁੜ ਗਰਮਾ ਗਿਆ ਜਦੋਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਤੇ ਹਲਕਾ ਦਿੜ੍ਹਬਾ ਤੋਂ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਾਲਜ ਮੈਨੇਜਮੈਂਟ ਖ਼ਿਲਾਫ ਹੋਈ ਸਰਕਾਰੀ ਜਾਂਚ ਮੀਡੀਆ ਅੱਗੇ ਰੱਖਦਿਆਂ ਪੰਜਾਬ ਸਰਕਾਰ ਤੋਂ ਕਾਲਜ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣ, ਮਾਮਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪਣ ਅਤੇ ਕਾਲਜ ਮੈਨੇਜਮੈਂਟ ਦੇ ਫੰਡਾਂ ਦੀ ਕਥਿਤ ਦੁਰਵਰਤੋਂ ਲਈ ਜ਼ਿੰਮੇਵਾਰ ਅਹੁਦੇਦਾਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।
ਚੀਮਾ ਨੇ ਦੋਸ਼ ਲਾਇਆ ਕਿ ਸਰਕਾਰੀ ਗਰਾਂਟਾਂ ਨਾਲ ਚੱਲ ਰਹੇ ਕਾਲਜ ਨੂੰ ਘਾਟੇ ਤੇ ਵਿੱਤੀ ਬੋਝ ਦਾ ਹਵਾਲਾ ਦੇ ਕੇ ਬੀ.ਏ. ਦੇ ਕੋਰਸ ਬੰਦ ਕਰਨ ਦੀ ਗੱਲ ਕੀਤੀ ਗਈ ਜਿਸ ਦਾ ਇਲਾਕੇ ਦੇ ਲੋਕਾਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਇਸ ਸਮੇਂ ਦੌਰਾਨ ਕਾਲਜ ਮੈਨੇਜਮੈਟ ਖ਼ਿਲਾਫ਼ ਗੈਰਕਾਨੂੰਨੀ ਗਤੀਵਿਧੀਆਂ ਅਤੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲੱਗੇ। ਇਸ ਸਬੰਧੀ ਪੰਜਾਬ ਸਰਕਾਰ ਦੇ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਪੰਜਾਬ ਵਲੋਂ 13-7-2018 ਨੂੰ ਇੱਕ ਉਚ ਪੱਧਰੀ ਜਾਂਚ ਕਮੇਟੀ ਬਣਾਈ ਗਈ। ਇਸ ਮੌਕੇ ਸ੍ਰੀ ਚੀਮਾ ਨੇ ਉਚ ਪੱਧਰੀ ਜਾਂਚ ਕਮੇਟੀ ਦੀ ਪੜਤਾਲੀਆ ਰਿਪੋਰਟ ਮੀਡੀਆ ਸਾਹਮਣੇ ਰੱਖਦਿਆਂ ਕਿਹਾ ਕਿ ਜਾਂਚ ਕਮੇਟੀ ਨੇ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਪੰਜਾਬ ਨੂੰ ਭੇਜੀ ਪੜਤਾਲੀਆ ਰਿਪੋਰਟ ਵਿਚ ਕਿਹਾ ਹੈ ਕਿ ਕਾਲਜ ਮੈਨੇਜਮੈਂਟ ਵਲੋਂ ਰਜਿਸਟ੍ਰੇਸ਼ਨ ਸਮੇਂ ਫਾਈਲ ਕਰਵਾਏ ਐਮ.ਓ.ਏ ਅਤੇ ਰੂਲ ਰੈਗੂਲੇਸ਼ਨ ਵਿਚ ਕੀਤੀਆਂ ਸੋਧਾਂ ਦੇ ਮਤੇ ਪੇਸ਼ ਨਾ ਕੀਤੇ ਜਾਣ, ਉਨ੍ਹਾਂ ਦੀਆਂ ਕਾਪੀਆਂ ਰਜਿਸਟਰਾਰ ਫਰਮਜ਼ ਅਤੇ ਸੁਸਾਇਟੀ ਜਾਂ ਪੰਜਾਬੀ ਯੂਨੀਵਰਸਿਟੀ ਨੂੰ ਨਾ ਭੇਜੇ ਜਾਣ ਕਾਰਨ ਅਤੇ ਨਿਯਮਾਂ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਨਾ ਕੀਤੇ ਜਾਣ ਕਾਰਨ ਵਿਚਾਰਨਯੋਗ ਨਹੀਂ ਹਨ।
ਸ੍ਰੀ ਚੀਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਵਿਭਾਗ ਨੂੰ ਸੌਂਪੀ ਜਾਵੇ, ਕਾਲਜ ਦਾ ਪ੍ਰਬੰਧ ਸਰਕਾਰ ਆਪਣੇ ਹੱਥਾਂ ਵਿਚ ਲਏ ਕਿਉਂਕਿ ਇਹ ਮਾਮਲਾ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀ ਸਿੱਖਿਆ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਉਹ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਕੋਲ ਵੀ ਉਠਾਉਣਗੇ। ਇਸ ਸਬੰਧ ਵਿਚ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕਰਨਵੀਰ ਸਿੰਘ ਸਬਿੀਆ ਦਾ ਪੱਖ ਜਾਨਣ ਲਈ ਉਨ੍ਹਾਂ ਦੇ ਮੋਬਾਈਲ ਫੋਨ ’ਤੇ ਵਾਰ ਵਾਰ ਕਾਲ ਕਰਕੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਮੋਬਾਈਲ ਬੰਦ ਆ ਰਿਹਾ ਸੀ।
ਕਾਲਜ ਮੈਨੇਜਮੈਂਟ ਨੂੰ ਪੱਖ ਰੱਖਣ ਦਾ ਮੌਕਾ ਨਹੀਂ ਮਿਲਿਆ: ਸਬਿੀਆ
ਕਾਲਜ ਮੈਨੇਜਮੈਂਟ ਦੇ ਪ੍ਰਧਾਨ ਕਰਨਵੀਰ ਸਿੰਘ ਸਬਿੀਆਂ ਨੇ ਕਿਹਾ ਕਿ ਮੈਨੇਜਮੈਂਟ ਨੇ ਕਈ ਵਾਰ ਡੀਪੀਆਈ ਦਫ਼ਤਰ ਪੰਜਾਬ ਅਤੇ ਸਕੱਤਰ ਉਚੇਰੀ ਸਿੱਖਿਆ ਦਫ਼ਤਰ ਪੰਜਾਬ ਨੂੰ ਅਸਲ ਸ਼ਿਕਾਇਤ ਦੀ ਕਾਪੀ ਦੇਣ ਲਈ ਬੇਨਤੀ ਕੀਤੀ ਹੈ ਜਿਸ ਦੇ ਆਧਾਰ ’ਤੇ ਜਾਂਚ ਸ਼ੁਰੂ ਕੀਤੀ ਗਈ ਸੀ ਪਰ ਅੱਜ ਤੱਕ ਕਾਲਜ ਮੈਨੇਜਮੈਂਟ ਨੂੰ ਨਾ ਤਾਂ ਸ਼ਿਕਾਇਤ ਕਾਪੀ ਅਤੇ ਨਾ ਹੀ ਜਾਂਚ ਕਮੇਟੀ ਦੀ ਰਿਪੋਰਟ ਮੁਹੱਈਆ ਕਰਵਾਈ ਗਈ ਹੈ। ਕਾਲਜ ਮੈਨੇਜਮੈਂਟ ਨੂੰ ਸ਼ਿਕਾਇਤ ਅਤੇ ਜਾਂਚ ਕਮੇਟੀ ਦੀ ਰਿਪੋਰਟ ਉੱਪਰ ਜਵਾਬ ਦੇਣ ਦਾ ਮੌਕਾ ਨਹੀਂ ਦਿੱਤਾ ਗਿਆ ਸਗੋਂ ਆਰਟੀਆਈ ਰਾਹੀਂ ਆਮ ਲੋਕਾਂ ਵਿਚ ਜਾਂਚ ਕਮੇਟੀ ਦੀ ਰਿਪੋਰਟ ਨੂੰ ਵੰਡਿਆ ਗਿਆ ਹੈ। ਸ਼ਿਕਾਇਤ ਦੀ ਕਾਪੀ ਅਤੇ ਜਾਂਚ ਕਮੇਟੀ ਦੀ ਰਿਪੋਰਟ ਮਿਲਣ ’ਤੇ ਹੀ ਮੈਨੇਜਮੈਂਟ ਕੋਈ ਟਿੱਪਣੀ ਕਰ ਸਕਦੀ ਹੈ ਅਤੇ ਲੋੜੀਂਦੀ ਕਾਰਵਾਈ ਲਈ ਸਮਰੱਥ ਅਧਿਕਾਰੀ ਕੋਲ ਮਾਮਲਾ ਉਠਾਇਆ ਜਾਵੇਗਾ।