ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਸਤੰਬਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਚ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼/ਪਨਬੱਸ ਆਜ਼ਾਦ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਠੇਕਾ ਆਧਾਰਿਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਪੱਕੇ ਕਰਨ ਸਬੰਧੀ ਕੇਸ ਕੈਬਨਿਟ ਦੀ ਤਿੰਨ ਮੈਂਬਰੀ ਸਬ-ਕਮੇਟੀ ਨੂੰ ਭੇਜ ਦਿੱਤਾ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵਿੱਚ ਠੇਕਾ ਆਧਾਰ ’ਤੇ ਰੱਖੇ ਡਰਾਈਵਰਾਂ ਤੇ ਕੰਡਕਟਰਾਂ ਦੀ ਡਿਊਟੀ ਦੌਰਾਨ ਮੌਤ ’ਤੇ ਵਾਰਸਾਂ ਨੂੰ ਆਊਟਸੋਰਸ ਆਧਾਰ ’ਤੇ ਨੌਕਰੀ ਦੇਣ ’ਤੇ ਵਿਚਾਰ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਮੁੱਦੇ ’ਤੇ ਸਰਕਾਰ ਹਮਦਰਦੀ ਨਾਲ ਹਾਂ-ਪੱਖੀ ਫ਼ੈਸਲਾ ਲਵੇਗੀ। ਉਨ੍ਹਾਂ ਕਿਹਾ ਕਿ ਆਊਟਸੋਰਸ ਕੰਟਰੈਕਟਰ ਤੇ ਸਬੰਧਤ ਬੈਂਕ ਤੋਂ ਵੀ ਮੁਲਾਜ਼ਮਾਂ ਲਈ ਬੀਮਾ ਯੋਜਨਾ ਸ਼ੁਰੂ ਕਰਾਉਣ ਲਈ ਚਾਰਾਜੋਈ ਕੀਤੀ ਜਾਵੇਗੀ। ਵਿਭਾਗ ਦੇ ਆਊਟਸੋਰਸ ਤੇ ਕੰਟਰੈਕਟਰ ਮੁਲਾਜ਼ਮਾਂ ਨੂੰ ਈਐੱਸਆਈ ਤੇ ਹੋਰ ਸਹੂਲਤਾਂ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ।
ਕੰਡਕਟਰ ਦੀ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਕਾਰਵਾਈ ਦੇ ਹੁਕਮ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨੌਸ਼ਹਿਰਾ ਪੰਨੂੰਆਂ ਵਿਚ ਅੱਜ ਸਵੇਰੇ ਪੀਆਰਟੀਸੀ ਦੇ ਕੰਡਕਟਰ ਹਰਵਿੰਦਰ ਸਿੰਘ ਦੀ ਕੁੱਟਮਾਰ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਪੁਲੀਸ ਮੁਲਾਜ਼ਮ ਵਿਰੁੱਧ ਕਾਰਵਾਈ ਲਈ ਤਰਨ ਤਾਰਨ ਦੇ ਐੱਸਐੱਸਪੀ ਨੂੰ ਨਿਰਦੇਸ਼ ਦਿੱਤੇ ਹਨ।