ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਫਰਵਰੀ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਸਾਬਕਾ ਪੁਲੀਸ ਅਧਿਕਾਰੀ ਮੁਹੰਮਦ ਮੁਸਤਫ਼ਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਇਕ ਕਿਤਾਬ ਕਹਿਣ ਦਾ ਮਾਮਲਾ ਭਖ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਉਸ ਨੂੰ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ ਮੁਸਤਫ਼ਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਕਹਿਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਸ ਨੂੰ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਗੁਰੂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਤਾਗੱਦੀ ਦੇ ਕੇ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲਾਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ’ਤੇ ਸਿੱਖ ਕੌਮ ਦੀ ਅਥਾਹ ਸ਼ਰਧਾ ਹੈ ਤੇ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਕਹਿਣਾ ਇਸ ਸ਼ਖ਼ਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ।
ਉਸ ਦੇ ਇਸ ਬਿਆਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਉਹ ਜਨਤਕ ਤੌਰ ’ਤੇ ਮੁਆਫ਼ੀ ਮੰਗੇ, ਜੇਕਰ ਅਜਿਹਾ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਕਾਂਗਰਸੀ ਆਗੂ ਮੁਹੰਮਦ ਮੁਸਤਫ਼ਾ ਵਿਵਾਦਤ ਬਿਆਨਾਂ ਕਾਰਨ ਚਰਚਾ ਵਿਚ ਰਹਿ ਚੁੱਕੇ ਹਨ।