ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟਮੈਟ੍ਰਿਕ ਵਜ਼ੀਫਾ ਸਕੀਮ ਦੀ ਆੜ ’ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿੱਦਿਅਕ ਅਦਾਰਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ’ਚ ਹਦਾਇਤ ਕੀਤੀ ਕਿ ਸੂਬੇ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿੱਦਿਅਕ ਸੰਸਥਾ ਵੱਲੋਂ ਇੱਕ ਵੀ ਵਿਦਿਆਰਥੀ ਦੀ ਡਿਗਰੀ ਨਾ ਰੋਕੀ ਜਾਵੇ। ਸ੍ਰੀ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਫੰਡਾਂ ਦੀ ਅਦਾਇਗੀ ਦਾ ਮਾਮਲਾ ਸੂਬਾ ਸਰਕਾਰ ਅਤੇ ਵਿੱਦਿਅਕ ਅਦਾਰਿਆਂ ਦਾ ਆਪਸੀ ਮਸਲਾ ਹੈ। ਇਸ ਨਾਲ ਸਮਾਜ ਦੇ ਪੱਛੜੇ ਅਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਦਾ ਕੋਈ ਲੈਣਾ-ਦੇਣਾ ਨਹੀਂ ਹੈ, ਜਿਸ ਕਰਕੇ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਕੇ ਉਨ੍ਹਾਂ ਦਾ ਭਵਿੱਖ ਤਬਾਹ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਵਾਲਾ ਵਤੀਰਾ ਅਪਨਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਨ੍ਹਾਂ ਹੁਕਮਾਂ ਦਾ ਸਵਾਗਤ ਕੀਤਾ ਹੈ।