ਦਵਿੰਦਰ ਪਾਲ
ਚੰਡੀਗੜ੍ਹ, 6 ਅਕਤੂਬਰ
ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਨੇ ਗੱਲਬਾਤ ਲਈ ਸੱਦ ਲਿਆ ਹੈ। ਕਿਸਾਨ ਜਥੇਬੰਦੀਆਂ ਨੂੰ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਰਾਕੇਸ਼ ਅਗਰਵਾਲ ਨੇ ਅੱਜ ਦੇਰ ਸ਼ਾਮ ਈ-ਮੇਲ ਭੇਜ ਕੇ 8 ਅਕਤੂਬਰ ਨੂੰ ਬਾਅਦ ਦੁਪਹਿਰ ਖੇਤੀਬਾੜੀ ਮੰਤਰਾਲੇ ’ਚ ਮੀਟਿੰਗ ਲਈ ਬੁਲਾਇਆ ਹੈ। ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਭਲਕੇ ਮੀਟਿੰਗ ਸੱਦੀ ਹੋਈ ਹੈ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਸੱਦੇ ਬਾਰੇ ਚਰਚਾ ਕੀਤੀ ਜਾਵੇਗੀ ਤੇ ਦਿੱਲੀ ਭੇਜੇ ਜਾਣ ਵਾਲੇ ਵਫ਼ਦ ਬਾਰੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ। ਪੰਜਾਬ ਵਿਚ 31 ਕਿਸਾਨ ਜਥੇਬੰਦੀਆਂ ਨੇ ਪਹਿਲੀ ਅਕਤੂਬਰ ਤੋਂ ਰੇਲਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ। ਕਿਸਾਨਾਂ ਦੇ ਸੰਘਰਸ਼ ਕਾਰਨ ਪੰਜਾਬ ਦਾ ਪਿਛਲੇ 12 ਦਿਨਾਂ ਤੋਂ ਰੇਲ ਸੰਪਰਕ ਟੁੱਟਿਆ ਹੋਇਆ ਹੈ।