ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 3 ਨਵੰਬਰ
ਸ੍ਰੀ ਦਰਬਾਰ ਸਾਹਿਬ ਸਮੂਹ ਵਿਚ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਹਰਦੇਵ ਸਿੰਘ ਲੂਲੋਂ ਵਾਲੇ ਅਤੇ ਬੱਬਰ ਅਕਾਲੀ ਸ਼ਹੀਦ ਜਥੇਦਾਰ ਅਮਰ ਸਿੰਘ ਧਾਲੀਵਾਲ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।
ਇਸ ਮੌਕੇ ਗਿਆਨੀ ਜਗਤਾਰ ਸਿੰਘ ਨੇ ਜਥੇਦਾਰ ਅਵਤਾਰ ਸਿੰਘ, ਬਾਬਾ ਹਰਦੇਵ ਸਿੰਘ ਲੂਲੋਂ ਵਾਲੇ ਅਤੇ ਜਥੇਦਾਰ ਅਮਰ ਸਿੰਘ ਧਾਲੀਵਾਲ ਦੀਆਂ ਕੌਮ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ। ਗਿਆਨੀ ਜਗਤਾਰ ਸਿੰਘ ਅਤੇ ਬੀਬੀ ਜਗੀਰ ਕੌਰ ਨੇ ਤਿੰਨੇ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦਿੱਤੇ।
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਸ਼੍ਰੋਮਣੀ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਸਥਾਪਨਾ ਤੋਂ ਲੈ ਕੇ ਆਪਣੇ ਅੰਤਲੇ ਸਮੇਂ ਤਕ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਈ। ਇਸੇ ਤਰ੍ਹਾਂ ਬਾਬਾ ਹਰਦੇਵ ਸਿੰਘ ਲੂਲੋਂ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਦਿੱਤੀਆਂ ਤੇ ਉਨ੍ਹਾਂ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ। ਸਿੱਖ ਕੌਮ ਦੇ ਮਹਾਨ ਸੂਰਬੀਰ ਯੋਧੇ ਜਥੇਦਾਰ ਅਮਰ ਸਿੰਘ ਧਾਲੀਵਾਲ ਨੇ ਗੁਰੂ ਕਾ ਬਾਗ਼ ਮੋਰਚੇ ਅਤੇ ਪੰਜਾ ਸਾਹਿਬ ਦੇ ਸਾਕੇ ਸਮੇਂ ਅਹਿਮ ਭੂਮਿਕਾ ਨਿਭਾਈ ਅਤੇ ਕਈ ਵਾਰ ਜੇਲ੍ਹ ਵੀ ਗਏ।