ਹੜ੍ਹਾਂ ਕਾਰਨ ਜਾਨੀ ਨੁਕਸਾਨ ’ਤੇ ਕੇਂਦਰ ਕਰ ਰਿਹੈ ਰਾਜਨੀਤੀ: ਚੀਮਾ
ਵਿੱਤ ਮੰਤਰੀ ਨੇ ਕੇਂਦਰ ਨੂੰ ਪੰਜਾਬ ਦੇ ਬਕਾਇਆ 60,000 ਕਰੋਡ਼ ਰੁਪਏ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
Advertisement
ਪੰਜਾਬ ਵਿੱਚ ਕਈ ਦਿਨਾਂ ਤੋਂ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਸੂਬੇ ਦੇ ਦੋ ਹਜ਼ਾਰ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਚੁੱਕੇ ਹਨ ਅਤੇ ਕਿਸਾਨਾਂ ਦੀ 4.25 ਲੱਖ ਏਕੜ ਦੇ ਕਰੀਬ ਫ਼ਸਲ ਪ੍ਰਭਾਵਿਤ ਹੋ ਚੁੱਕੀ ਹੈ। ਅਜਿਹੀ ਸਥਿਤੀ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਬਾਂਹ ਫੜਨ ਦੀ ਥਾਂ ’ਤੇ ਪੰਜਾਬ ਵਿੱਚ ਹੜ੍ਹਾਂ ਕਰਕੇ ਹੋਏ ਜਾਨੀ ਨੁਕਸਾਨ ’ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਇਹ ਗੱਲ ਗੱਲ ਇੱਥੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਹੀ। ਸ੍ਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 31 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਨਾਮ ਪੱਤਰ ਲਿਖ ਕੇ ਸੂਬੇ ਦੇ ਮੌਜੂਦਾ ਹਾਲਾਤ ਬਾਰੇ ਜਾਣੂ ਕਰਵਾਇਆ ਸੀ। ਇਸ ਦੇ ਨਾਲ ਹੀ ਕੇਂਦਰ ਵੱਲ ਪੰਜਾਬ ਦੇ ਬਕਾਇਆ ਖੜ੍ਹੇ 60 ਹਜ਼ਾਰ ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਮੰਗ ਕੀਤੀ ਸੀ, ਪਰ ਪ੍ਰਧਾਨ ਮੰਤਰੀ ਵੱਲੋਂ ਹਾਲੇ ਤੱਕ ਉਸ ਚਿੱਠੀ ਦਾ ਜਵਾਬ ਤੱਕ ਨਹੀਂ ਦਿੱਤਾ ਗਿਆ। ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀਆਂ ਅਤੇ ਟੀਮਾਂ ਨੇ ਕਿਸੇ ਰਾਹਤ ਪੈਕੇਜ ਜਾਂ ਵਿੱਤੀ ਸਹਾਇਤਾ ਦਾ ਐਲਾਨ ਕੀਤੇ ਬਿਨਾਂ ਸਿਰਫ਼ ਫੋਟੋ ਖਿਚਵਾਉਣ ਦੇ ਮੌਕਿਆਂ ਲਈ ਸੂਬੇ ਦਾ ਦੌਰਾ ਕੀਤਾ। ਸ੍ਰੀ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਵੱਲ ਬਕਾਇਆ ਖੜ੍ਹੇ 60,000 ਕਰੋੜ ਰੁਪਏ ਤੁਰੰਤ ਜਾਰੀ ਕਰੇ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕੀਤੇ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਫੌਰੀ ਤੌਰ ’ਤੇ ਮਦਦ ਮੁਹੱਈਆ ਕਰਵਾਈ ਜਾ ਸਕੇ।
Advertisement
Advertisement