ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਹੇਠਲੇ ਦਰਜੇ ਦੀ ਸਿਆਸਤ ਕੀਤੀ: ਬਾਜਵਾ
ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 9 ਮਾਰਚ
ਇੱਥੇ ਅੱਜ ਕਰਵਾਈ ਗਈ ਰੈਲੀ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਦਵਿੰਦਰ ਯਾਦਵ ਸਮੇਤ ਹੋਰ ਆਗੂਆਂ ਦੀ ਪੰਜਾਬ ਸਰਕਾਰ ਖ਼ਿਲਾਫ਼ ਸੁਰ ਗਰਮ ਰਹੀ।
ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਵਿੱਚ ਸੂਬੇ ਦੇ ਮੁੱਖ ਮੰਤਰੀ ਵੱਲੋਂ ਕਥਿਤ ਹੇਠਲੇ ਦਰਜੇ ਦੀ ਰਾਜਨੀਤੀ ਕਰਕੇ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਸਪੀਕਰ ਨੂੰ ਵਿਧਾਨ ਸਭਾ ਨੂੰ ਤਾਲਾ ਲਾਉਣ ਲਈ ਕਿਹਾ ਸੀ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਤਨਜ਼ ਕਸਦਿਆਂ ਕਿਹਾ ਕਿ ਇਨ੍ਹਾਂ ਕੋਲ ਲੋਕ ਸਭਾ ਚੋਣਾਂ ਲੜਨ ਲਈ ਯੋਗ ਉਮੀਦਵਾਰ ਨਹੀਂ ਹਨ। ਇਸ ਲਈ ਦੂਜੀਆਂ ਪਾਰਟੀਆਂ ਵਿੱਚੋਂ ਆਏ ਨੇਤਾਵਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਕਿਸਾਨੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਜਾਣ ਤੋਂ ਰੋਕਣ ਲਈ ਸੜਕਾਂ ’ਤੇ ਕਿੱਲ ਲਗਾ ਕੇ ਬਾਰਡਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕਿਸਾਨਾਂ ਨੂੰ ਸੁਰੱਖਿਆ ਨਹੀਂ ਦੇ ਸਕੇ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਕਿਸਾਨਾਂ ਉੱਪਰ ਗੋਲੀਆਂ ਚਲਵਾਉਣ ਵਾਲੀ ਭਾਜਪਾ ਨਾਲ ਗੱਠਜੋੜ ਕਰਕੇ ਕਿਸਾਨਾਂ ਨਾਲ ਧੋਖਾ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਦੇ ਆਗੂ ਦਿੱਲੀ ਵਿੱਚ ਭਾਵੇਂ ਇਕੱਠੇ ਬੈਠਦੇ ਹਨ ਪਰ ਪੰਜਾਬ ’ਚ ਵਿਰੋਧੀ ਧਿਰ ਦੀ ਅਹਿਮ ਭੂਮਿਕਾ ਨਿਭਾਉਣ ਵਾਲੀ ਕਾਂਗਰਸ ਸੂਬੇ ਵਿੱਚ ‘ਆਪ’ ਨਾਲ ਕੋਈ ਸਾਂਝ ਨਹੀਂ ਰੱਖੇਗੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਲਕੇ ਹੋਰ ਰਹੀ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਸਿਆਸੀ ਆਗੂਆਂ ਵੱਲੋਂ ਇੱਕ-ਦੂਜੇ ਪ੍ਰਤੀ ਵਰਤੀ ਗਈ ਸ਼ਬਦਾਵਲੀ ਨਾਲ ਵਿਧਾਨ ਸਭਾ ਦੀ ਪਵਿੱਤਰਤਾ ਭੰਗ ਕਰਨ ਵਿੱਚ ‘ਆਪ’ ਦੇ ਆਗੂਆਂ ਨੇ ਕੋਈ ਕਸਰ ਨਹੀਂ ਛੱਡੀ।
ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦਿਆਂ ਦੇ ਉਲਟ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਨਾ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ। ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਕਾਂਗਰਸੀ ਵਰਕਰਾਂ ਨੂੰ ਡਰਾ-ਧਮਕਾ ਕੇ ਪੰਜਾਬ ਦੇ ਹਰ ਹਲਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਰਹੀ ਹੈ। ਰੈਲੀ ਦੌਰਾਨ ਫਿਲੌਰ ਤੋਂ ਕਾਂਗਰਸੀ ਵਿਧਾਇਕ ਚੌਧਰੀ ਵਿਕਰਮ ਸਿੰਘ ਨੇ ਆਪਣੇ ਚਚੇਰੇ ਭਰਾ ਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦਾ ਨਾਂ ਲਏ ਬਗੈਰ ਹਲਕੇ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਸਿਆਸੀ ਕੱਦ ਨੂੰ ਢਾਹ ਲਾਉਣ ਦੀ ਗੱਲ ਕਹਿ ਕੇ ਸਾਬਕਾ ਪੁਲੀਸ ਅਧਿਕਾਰੀ ਰਜਿੰਦਰ ਸਿੰਘ ਦੀ ਹਲਕੇ ਤੋਂ ਦਾਅਵੇਦਾਰੀ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ।
ਸਾਬਕਾ ਪੁਲੀਸ ਅਧਿਕਾਰੀ ਰਜਿੰਦਰ ਸਿੰਘ ਵੱਲੋਂ ਕਰਵਾਈ ਇਸ ਰੈਲੀ ’ਚ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਲਾਡੀ ਸ਼ੇਰੋਵਾਲੀਆ, ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਰਾਣਾ ਗੁਰਜੀਤ ਸਿੰਘ, ਬੀਬੀ ਚੌਧਰੀ ਕਰਮਜੀਤ ਕੌਰ, ਵਿਧਾਇਕ ਚੌਧਰੀ ਬਿਕਰਮ ਸਿੰਘ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਰਾਣਾ ਰੰਧਾਵਾ, ਜਸਲੀਨ ਕੌਰ ਸੇਠੀ, ਰਸ਼ਪਾਲ ਸਿੰਘ ਪਾਲ ਹਾਜ਼ਰ ਸਨ।