ਪੱਤਰ ਪ੍ਰੇਰਕ
ਪਾਇਲ, 16 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਚ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਪਤਨੀ ਚਰਨਜੀਤ ਕੌਰ ਦਾ ਸਨਮਾਨ ਵੀ ਕੀਤਾ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਮਝਦਾਰੀ ਨਾਲ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਆਜ਼ਾਦੀ ਨੂੰ ਆਮ ਘਰਾਂ ਤੱਕ ਲਿਜਾਣ ਲਈ ਲੜਾਈ ਲੜੀ ਜਾ ਰਹੀ ਹੈ। ਇਸ ਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਰਕਾਰੀ ਖਜ਼ਾਨੇ ਦਾ ਸਾਰਾ ਪੈਸਾ ਦਿਨ-ਦਿਹਾੜੇ ਆਪਣੇ ਦੋਸਤਾਂ ਅਤੇ ਕਰੀਬੀਆਂ ਨੂੰ ਲੁਟਾ ਰਹੀ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫ਼ਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਪਾਬੰਦ ਹੈ।
ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਸੂਬੇ ਦੇ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ। ਫਰਵਰੀ 2023 ਤੱਕ ਸੰਤ ਅਤਰ ਸਿੰਘ ਇੰਸਟੀਚਿਊਟ ਆਫ਼ ਸਾਇੰਸ ਮਸਤੂਆਣਾ ਸਾਹਿਬ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸ਼ੁਭ ਦਿਹਾੜੇ ’ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਔਰਤਾਂ ਨੂੰ 1000 ਰੁਪਏ ਦੀ ਗਾਰੰਟੀ ਦੇਣ ਦਾ ਵਾਅਦਾ ਵੀ ਸਰਕਾਰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਹਾਈ ਪਾਵਰ ਮੋਟਰਾਂ ਨਾਲ ਧਰਤੀ ਹੇਠਲਾ ਪਾਣੀ ਕੱਢਣ ’ਤੇ ਤੁਰੰਤ ਰੋਕ ਲਗਾਉਣ ਦੀ ਲੋੜ ਹੈ।