
ਭੁੱਚੋ ਮੰਡੀ ਨਜ਼ਦੀਕ ਕੌਮੀ ਮਾਰਗ ’ਤੇ ਧੁੰਦ ਵਿੱਚ ਜਾ ਰਹੇ ਵਾਹਨ। -ਫੋਟੋ: ਪਵਨ ਗੋਇਲ
ਆਤਿਸ਼ ਗੁਪਤਾ
ਚੰਡੀਗੜ੍ਹ, 31 ਜਨਵਰੀ
ਪੰਜਾਬ ਵਿੱਚ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਪੈ ਰਹੀ ਠੰਢ ਨੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਜਿਸ ਦੌਰਾਨ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਨੇ ਜਨ-ਜੀਵਨ ਪ੍ਰਭਾਵਿਤ ਕੀਤਾ ਅਤੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਜਨਵਰੀ ਮਹੀਨੇ ’ਚ ਆਮ ਨਾਲੋਂ ਮੀਂਹ 26 ਫ਼ੀਸਦ ਘੱਟ ਪਿਆ ਹੈ।
ਇਸ ਸਾਲ ਜਨਵਰੀ ਮਹੀਨੇ ਦੀ ਸ਼ੁਰੂਆਤ ਤੋਂ ਲਗਾਤਾਰ ਪੈ ਰਹੀ ਠੰਢ ਨੇ ਸੂਬੇ ਵਿੱਚ 20 ਸਾਲਾਂ ਦੇ ਰਿਕਾਰਡ ਤੋੜ ਕੇ ਰੱਖ ਦਿੱਤੇ। ਇਸ ਵਾਰ ਪੰਜਾਬ ਦੇ ਕਈ ਸ਼ਹਿਰਾਂ ਦਾ ਘੱਟ ਤੋਂ ਘੱਟ ਤਾਪਮਾਨ ਵੀ ਮਨਫੀ ਵਿੱਚ ਚਲਾ ਗਿਆ, ਉੱਥੇ ਅੱਧਾ ਦਰਜਨ ਸ਼ਹਿਰਾਂ ਵਿੱਚ ਕਈ ਦਿਨ ਵੱਧ ਤੋਂ ਵੱਧ ਤਾਪਮਾਨ ਵੀ 11 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਸਾਲ 2003 ਵਿੱਚ ਅਜਿਹਾ ਮੌਸਮ ਰਿਹਾ ਸੀ। ਜਦੋਂ ਸੂਬੇ ਦੇ ਅੱਧਾ ਦਰਜਨ ਤੋਂ ਵੱਧ ਸੂਬਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 8 ਤੋਂ 11 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਘੱਟ ਮੀਂਹ ਪੈਣ ਦਾ ਕਾਰਨ ਮੌਸਮ ’ਚ ਪੱਛਮੀ ਵਿਗਾੜ ਦਾ ਕਮਜ਼ੋਰ ਪੈਣਾ ਮੰਨਿਆ ਜਾ ਰਿਹਾ ਹੈ। ਮੌਸਮ ਵਿਗਿਆਨੀ ਸ਼ਵਿੰਦਰ ਸਿੰਘ ਨੇ ਕਿਹਾ ਕਿ ਮੀਂਹ ਦੇ ਘਟਣ ਦੇ ਕਾਰਨਾਂ ਦੀ ਪੜਚੋਲ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਜਨਵਰੀ ਮਹੀਨੇ ’ਚ 15.1 ਐੱਮਐੱਮ ਮੀਂਹ ਪਿਆ ਹੈ, ਜਦਕਿ ਉਮੀਦ 20.3 ਐੱਮਐੱਮ ਮੀਂਹ ਦੀ ਲਾਈ ਜਾ ਰਹੀ ਸੀ।
ਪੰਜਾਬ ’ਚ ਤਿੰਨ-ਚਾਰ ਦਿਨ ਚੱਲਣਗੀਆਂ ਠੰਢੀਆਂ ਹਵਾਵਾਂ
ਪੰਜਾਬ ਵਿੱਚ ਦੋ ਦਿਨਾਂ ਦੇ ਮੀਂਹ ਤੋਂ ਬਾਅਦ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ, ਪਰ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਇਸੇ ਕਰਕੇ ਸਵੇਰ ਅਤੇ ਰਾਤ ਸਮੇਂ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਪੰਜਾਬ ਵਿੱਚ ਅਗਲੇ ਤਿੰਨ-ਚਾਰ ਦਿਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੌਰਾਨ ਘੱਟ ਤੋਂ ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ, ਜਦਕਿ ਉਸ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਅੱਜ ਪੰਜਾਬ ਵਿੱਚ ਬਠਿੰਡਾ ਅਤੇ ਗੁਰਦਾਸਪੁਰ ਸਭ ਤੋਂ ਠੰਢੇ ਸ਼ਹਿਰ ਰਹੇ, ਜਿੱਥੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਸੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ