ਜੋਗਿੰਦਰ ਸਿੰਘ ਮਾਨ
ਮਾਨਸਾ, 19 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰਾਜ ਦੀਆਂ 32 ਕਿਸਾਨ ਜਥੇਬੰਦੀਆਂ ਦੀ 23 ਦਸੰਬਰ ਨੂੰ ਚੰਡੀਗੜ੍ਹ ’ਚ ਪੰਜਾਬ ਭਵਨ ਵਿੱਚ ਮੀਟਿੰਗ ਬੁਲਾਉਣ ਦੇ ਦਿੱਤੇ ਸੱਦੇ ਦੇ ਬਾਵਜੂਦ ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਖਿਲਾਫ਼ 20 ਦਸੰਬਰ ਤੋਂ ਰਾਜ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਸਾਹਮਣੇ ਦਿਨ-ਰਾਤ ਦੇ ਧਰਨੇ ਲਾਉਣ ਦਾ ਆਪਣਾ ਦਾਅਵਾ ਕਾਇਮ ਰੱਖਿਆ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਧਰਨੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਸਮੇਤ ਜਲੰਧਰ, ਤਰਨ ਤਾਰਨ, ਗੁਰਦਾਸਪੁਰ ਅਤੇ ਹੋਰ ਆਪਣੇ ਪ੍ਰਭਾਵ ਵਾਲੇ ਜ਼ਿਲ੍ਹਿਆਂ ਵਿੱਚ ਲਗਾਤਾਰ ਚੱਲਣਗੇ। ਯੂਨੀਅਨ ਦੀਆਂ ਮਾਨਸਾ ਤੋਂ ਇਲਾਵਾ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਮੋਗਾ, ਸੰਗਰੂਰ, ਪਟਿਆਲਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੀਆਂ ਇਕਾਈਆਂ ਨੇ ਅੱਜ ਸੂਬਾ ਕਮੇਟੀ ਨੂੰ ਭਲਕੇ ਤੋਂ ਲੱਗਣ ਵਾਲੇ ਇਨ੍ਹਾਂ ਧਰਨਿਆਂ ਦੀਆਂ ਸਾਰੀਆਂ ਤਿਆਰੀ ਮੁਕੰਮਲ ਹੋਣ ਦੀ ਬਾਕਾਇਦਾ ਸੂਚਨਾ ਭੇਜੀ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜੋ ਇਨ੍ਹਾਂ ਧਰਨਿਆਂ ਦੀਆਂ ਹੋਰ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਅੱਜ ਸਾਰੇ ਜ਼ਿਲ੍ਹਿਆਂ ਸਮੇਤ ਬਲਾਕ ਕਮੇਟੀਆਂ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਵੱਲੋਂ 23 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੁਲਾ ਲਈ ਹੈ, ਪਰ ਇਸ ਦੇ ਬਾਵਜੂਦ ਧਰਨੇ ਜਾਰੀ ਰਹਿਣਗੇ। ਮੀਟਿੰਗ ’ਚ ਰਾਮ ਸਿੰਘ ਭੈਣੀਬਾਘਾ, ਜਗਦੇਵ ਸਿੰਘ, ਜੁਗਰਾਜ ਸਿੰਘ ਮਾਨਸਾ, ਜਗਸੀਰ ਸਿੰਘ ਜਵਾਹਰਕੇ, ਭਾਨ ਸਿੰਘ ਬਰਨਾਲਾ ਹਾਜ਼ਰ ਸਨ।