ਦਵਿੰਦਰ ਪਾਲ
ਚੰਡੀਗੜ੍ਹ, 3 ਅਕਤੂਬਰ
ਮੁੱਖ ਅੰਸ਼
- ਵੋਟਿੰਗ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਕੀਤਾ ਵਾਕਆਊਟ
- ਮੁੱਖ ਮੰਤਰੀ ਵੱਲੋਂ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਛੇਤੀ ਸਲਾਖਾਂ ਪਿੱਛੇ ਧੱਕਣ ਦਾ ਐਲਾਨ
ਪੰਜਾਬ ਅਸੈਂਬਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ‘ਭਰੋਸਗੀ ਮਤੇ’ ਨੂੰ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਮਤੇ ’ਤੇ ਹੋਈ ਵੋਟਿੰਗ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕੀਤਾ। ਹਾਕਮ ਪਾਰਟੀ ‘ਆਪ’ ਦੇ 91 ਵਿਧਾਇਕਾਂ ਨੇ ਮਤੇ ਦੇ ਹੱਕ ਵਿੱਚ ਹੱਥ ਖੜ੍ਹੇ ਕੀਤੇ ਜਦੋਂਕਿ ਸਦਨ ਵਿੱਚ ਉਸ ਵੇਲੇ ਮੌਜੂਦ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਇਕ ਇਕ ਵਿਧਾਇਕ ਨੇ ਮਤੇ ਦਾ ਵਿਰੋਧ ਨਹੀਂ ਕੀਤਾ। ਭਾਜਪਾ ਵਿਧਾਇਕ ਇਜਲਾਸ ਦੇ ਬਾਈਕਾਟ ਕਰਕੇ ਪਹਿਲਾਂ ਹੀ ਸਦਨ ’ਚੋਂ ਗ਼ੈਰਹਾਜ਼ਰ ਸਨ। ‘ਆਪ’ ਦੇ ਅਸੈਂਬਲੀ ਵਿੱਚ ਸਪੀਕਰ ਸਣੇ ਕੁੱਲ 92 ਵਿਧਾਇਕ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਗੀ ਮਤੇ ਨੂੰ 93 ਵਿਧਾਇਕਾਂ ਦੀ ਹਮਾਇਤ ਹੋਣ ਦਾ ਦਾਅਵਾ ਕੀਤਾ। ਇਸ ਤੋਂ ਪਹਿਲਾਂ ਸਦਨ ਵਿੱਚ ਭਰੋਸਗੀ ਮਤੇ ’ਤੇ ਹੋਈ ਬਹਿਸ ਨੂੰ ਮੁੱਖ ਮੰਤਰੀ ਵੱਲੋਂ ਹੀ ਸਮੇਟਿਆ ਗਿਆ। ਉਨ੍ਹਾਂ ਕਾਂਗਰਸ ਅਤੇ ਭਾਜਪਾ ’ਤੇ ਤਿੱਖੇ ਹਮਲੇ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਅਤੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਖਰੀਦਣ ਦੀਆਂ ਕੋਝੀਆਂ ਚਾਲਾਂ ਚੱਲਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਇਹ ਦੱਸਣ ਲਈ ਲਿਆਂਦਾ ਗਿਆ ਸੀ ਕਿ ਸਰਕਾਰ ਵਿਚ ਲੋਕਾਂ ਦਾ ਪੂਰਨ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਮਤੇ ਦੇ ਪਾਸ ਹੋਣ ਨਾਲ ਸਾਬਤ ਹੋ ਗਿਆ ਹੈ ਕਿ ਦੇਸ਼ ਦੀ ਜਮਹੂਰੀਅਤ ਨੂੰ ਪੈਸੇ ਜਾਂ ਧੌਂਸ ਨਾਲ ਨਹੀਂ ਖਰੀਦਿਆ ਜਾ ਸਕਦਾ। ਇਸ ਇਤਿਹਾਸਕ ਫਤਵੇ ਨਾਲ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹੋਰ ਵੀ ਤਨਦੇਹੀ ਨਾਲ ਉਪਰਾਲੇ ਕਰੇਗੀ। ਮੁੱਖ ਮੰਤਰੀ ਨੇ ਦੇਸ਼ ਵਿੱਚ ਜਮਹੂਰੀਅਤ ਦੇ ਕਤਲ ਲਈ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਦੇਸ਼ ਲਈ ਵੱਡਾ ਖਤਰਾ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆ ਕੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਰਮਾਏਦਾਰਾਂ ਤੇ ਤਾਕਤਵਰ ਲੋਕਾਂ ਨੇ ਜਮਹੂਰੀਅਤ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਭਾਜਪਾ ਮੁਲਕ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਸੂਬਿਆਂ ਵਿੱਚ ਸਰਕਾਰਾਂ ਬਣਾਉਣ ਦੀ ਕਲਾ ਵਿੱਚ ਮੁਹਾਰਤ ਹਾਸਲ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਕਾਂਗਰਸ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋਣ ਦੇ ਬਾਵਜੂਦ ਸਮਰਥਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਕਾਂਗਰਸ ਦੇਸ਼ ਭਰ ਵਿੱਚ ‘ਵਿਧਾਇਕ ਵਿਕਾਊ ਹਨ’ ਦੇ ਮਾਰਕੇ ਨਾਲ ਦਫ਼ਤਰ ਖੋਲ੍ਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਲੋਕ ਸੁਪਰੀਮ ਹਨ ਅਤੇ ਉਹ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਉਹ ਭਗਵਾਂ ਪਾਰਟੀ ਦੇ ਹੱਥਾਂ ਦੀ ਕਠਪੁਤਲੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਨੂੰ ਹੁਣ ਪ੍ਰਤਾਪ ਸਿੰਘ ‘ਭਾਜਪਾ’ ਵਜੋਂ ਜਾਣਿਆ ਜਾਵੇਗਾ ਕਿਉਂਕਿ ਸੂਬੇ ਵਿੱਚ ਲੋਕਤੰਤਰ ਦਾ ਘਾਣ ਕਰਨ ਵਿੱਚ ਉਨ੍ਹਾਂ ਦੀ ਸ਼ੱਕੀ ਭੂਮਿਕਾ ਦਾ ਪਰਦਾਫਾਸ਼ ਹੋ ਗਿਆ ਹੈ। ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਸਾਬਕਾ ਮੁੱਖ ਮੰਤਰੀ ਆਪਣੇ ਸਾਥੀਆਂ ਨਾਲ ਭਾਜਪਾ ’ਚ ਸਾਮਲ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬਰਗਾੜੀ ਬੇਅਦਬੀ ਕਾਂਡ ਸਮੇਤ ਕੋਟਕਪੂਰਾ ਅਤੇ ਬਹਬਿਲ ਕਲਾਂ ’ਚ ਹੋਏ ਪੁਲੀਸ ਗੋਲੀ ਕਾਂਡਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਵਚਨਬੱਧ ਹੈ ਤੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨੀ ਪੱਧਰ ’ਤੇ ਵੀ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਲਈ ਹਰ ਯਤਨ ਕਰੇਗੀ।
ਅਕਾਲੀ ਦਲ ਅਤੇ ਬਸਪਾ ਦੀ ਦੁਚਿੱਤੀ
ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਲਿਆਂਦੇ ਭਰੋਸੇ ਦੇ ਵੋਟ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਜਦੋਂ ਕਿ ਬਹੁਜਨ ਸਮਾਜ ਪਾਰਟੀ ਨੇ ਹਮਾਇਤ ਕੀਤੀ। ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ, ‘‘ਮੈਂ ਜਾਤੀ ਤੌਰ ’ਤੇ ਭਾਜਪਾ ਵੱਲੋਂ ਖੇਡੀ ਜਾਂਦੀ ਰਾਜਨੀਤੀ ਦੇ ਖਿਲਾਫ ਹਾਂ, ਪਰ ਮਤੇ ਦੀ ਹਮਾਇਤ ਇਸ ਕਰਕੇ ਨਹੀਂ ਕਰਦਾ ਕਿਉਂਕਿ 92 ਵਿਧਾਇਕਾਂ ਦੀ ਹਮਾਇਤ ਵਾਲੀ ਸਰਕਾਰ, ਜੋ ਕਿ 6 ਮਹੀਨੇ ਪਹਿਲਾਂ ਹੋਂਦ ਵਿੱਚ ਆਈ ਹੈ, ਨੂੰ ਕਿਸੇ ਨੇ ਵੀ ਬਹੁਮਤ ਸਾਬਤ ਕਰਨ ਲਈ ਨਹੀਂ ਕਿਹਾ।’’ ਉਨ੍ਹਾਂ ਕਿਹਾ ਕਿ ਮਤਾ ਲਿਆਂਦੇ ਜਾਣ ਦੀ ਕੋਈ ਜ਼ਰੂਰਤ ਨਹੀਂ ਸੀ ਤੇ ਇਹ ਮਾਮਲਾ ਸਦਨ ਦੀ ਕਾਰਜ ਸਲਾਹਕਾਰ ਕਮੇਟੀ ਦੀ ਮੀਟਿੰਗ ’ਚ ਵੀ ਨਹੀਂ ਸੀ ਵਿਚਾਰਿਆ ਗਿਆ। ਸ੍ਰੀ ਇਯਾਲੀ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖੀ ਚਿੱਠੀ ਰਾਹੀਂ ਮਤੇ ਦੀ ਮੁਖਾਲਫਤ ਕਰਨ ਦਾ ਦਾਅਵਾ ਕਰਦਿਆਂ ਰਿਕਾਰਡ ਦਰੁਸਤ ਕਰਨ ਦੀ ਬੇਨਤੀ ਕੀਤੀ ਹੈ। ਬਸਪਾ ਦੇ ਇਕਲੌਤੇ ਵਿਧਾਇਕ ਨੇ ਮਤੇ ਦੀ ਹਮਾਇਤ ਕਰਦਿਆਂ ਕਿਹਾ ਕਿ ਕਾਂਗਰਸ ਤੇ ਭਾਜਪਾ ਨੇ ਬਸਪਾ ਨੂੰ ਹਰੇਕ ਸੂਬੇ ਵਿੱਚ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਹਨ।
ਕਾਂਗਰਸ ਨੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵੱਲੋਂ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਹੰਗਾਮਾ ਕੀਤਾ ਗਿਆ ਤੇ ਸਪੀਕਰ ਵੱਲੋਂ ਸਿਫਰ ਕਾਲ ਨੂੰ ਇੱਕੋ ਮੁੱਦੇ ’ਤੇ ਕੇਂਦਰਤ ਕੀਤੇ ਜਾਣ ਦੇ ਰੋਸ ਵਜੋਂ ਕਾਂਗਰਸੀ ਵਿਧਾਇਕਾਂ ਨੇ ਸਦਨ ਦੀ ਕਾਰਵਾਈ ਦਾ ਬਾਈਕਾਟ ਕੀਤਾ। ਵਿਧਾਇਕਾਂ ਨੇ ਗੈਂਗਸਟਰ ਦੀਪਕ ਟੀਨੂ ਦੇ ਪੁਲੀਸ ਹਿਰਾਸਤ ਵਿੱਚੋਂ ਫਰਾਰ ਹੋਣ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਨੂੰ ਤੁਰੰਤ ਬਿਆਨ ਦੇਣ ਦੀ ਮੰਗ ਕੀਤੀ। ਭਾਰੀ ਜੱਦੋਜਹਿਦ ਤੋਂ ਬਾਅਦ ਸਪੀਕਰ ਵੱਲੋਂ ਕਾਂਗਰਸ ਨੂੰ ਜਦੋਂ ਸਿਫਰ ਕਾਲ ਦੌਰਾਨ ਬੋਲਣ ਦਾ ਮੌਕਾ ਦਿੱਤਾ ਗਿਆ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਕਾਨੂੰਨ ਵਿਵਸਥਾ ਦੀ ਹਾਲਤ ਇੰਜ ਬਣੀ ਹੋਈ ਹੈ ਜਿਵੇਂ ਗੈਂਗਸਟਰਾਂ ਦਾ ਹੀ ਬੋਲਬਾਲਾ ਹੋਵੇ। ਉਨ੍ਹਾਂ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਾਂਡ ਦੀ ਅਹਿਮ ਕੜੀ ਵਜੋਂ ਜਾਣਿਆ ਜਾਂਦਾ ਗੈਂਗਸਟਰ ਜਦੋਂ ਪੁਲੀਸ ਦੀ ਹਿਰਾਸਤ ਵਿੱਚੋਂ ਦੌੜ ਜਾਂਦਾ ਹੈ ਤਾਂ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਇੱਕ ਏਐਸਆਈ ਜਾਂ ਇੰਸਪੈਕਟਰ ’ਤੇ ਕਾਰਵਾਈ ਕਰਕੇ ਸਰਕਾਰ ਪੱਲਾ ਨਹੀਂ ਝਾੜ ਸਕਦੀ ਬਲਕਿ ਡੀ.ਜੀ.ਪੀ. ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਜਾਂ ਮੁੱਖ ਮੰਤਰੀ ਖੁਦ ਜ਼ਿੰਮੇਵਾਰੀ ਲੈਣ।
ਅਪਰੇਸ਼ਨ ਲੋਟਸ ਸਬੰਧੀ ਬਿਆਨ ਦਰਜ ਕਰਵਾਏ: ਸ਼ੀਤਲ
ਸ਼ੀਤਲ ਅੰਗੁਰਾਲ ਨੇ ਸਦਨ ਵਿੱਚ ਬੋਲਦਿਆਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਨੂੰ ਭਾਰਤੀ ਜਨਤਾ ਪਾਰਟੀ ਦੇ ਅਪਰੇਸ਼ਨ ਲੋਟਸ ਸਬੰਧੀ ਬਿਆਨ ਦਰਜ ਕਰਵਾ ਦਿੱਤੇ ਹਨ। ਉਨ੍ਹਾਂ ਕੇਂਦਰੀ ਮੰਤਰੀਆਂ ਦੇ ਨਾਮ ਵੀ ਸਦਨ ਵਿੱਖ ਲਏ ਪਰ ਸਪੀਕਰ ਵੱਲੋਂ ਦੋਹਾਂ ਮੰਤਰੀਆਂ ਦੇ ਨਾਮ ਸਦਨ ਦੀ ਕਾਰਵਾਈ ਵਿੱਚੋਂ ਹਟਾਉਣ ਦੇ ਨਿਰਦੇਸ਼ ਦਿੱਤੇ।