ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਸਤੰਬਰ
ਪੰਜਾਬ ਕਾਂਗਰਸ ਦੇ ਵਫ਼ਦ ਵੱਲੋਂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰ ਕੇ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਅਤੇ ਕੌਮਾਂਤਰੀ ਸਰਹੱਦ ’ਤੇ ਹੁੰਦੀ ਗੈਰ ਕਾਨੂੰਨੀ ਮਾਈਨਿੰਗ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਮੰਗ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਾਂਗਰਸੀ ਵਫ਼ਦ ਦੀ ਅਗਵਾਈ ਕੀਤੀ ਅਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਬੀਤੇ ਦਿਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪ ਕੇ ਆਬਕਾਰੀ ਨੀਤੀ ਦੀ ਜਾਂਚ ਦੀ ਮੰਗ ਉਠਾਈ ਸੀ। ਨਵੀਂ ਆਬਕਾਰੀ ਨੀਤੀ ਦੀ ਜਾਂਚ ਕਰਾਉਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸੁਰਾਂ ਵਿੱਚ ਤਾਲਮੇਲ ਦਿਖਾਈ ਦੇਣ ਲੱਗਿਆ ਹੈ। ਕਾਂਗਰਸ ਦੇ ਵਫ਼ਦ ਨੇ ਦੋ ਵੱਖ-ਵੱਖ ਮੰਗ ਪੱਤਰ ਸੌਂਪੇ ਹਨ, ਜਿਨ੍ਹਾਂ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਸੀਨੀਅਰ ਅਫ਼ਸਰਾਂ ਦੀ ਭੂਮਿਕਾ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਨਵੀਂ ਆਬਕਾਰੀ ਨੀਤੀ, ਦਿੱਲੀ ਦੀ ਆਬਕਾਰੀ ਨੀਤੀ ਦੀ ਹੂ-ਬ-ਹੂ ਕਾਪੀ ਹੈ ਅਤੇ ਹੁਣ ਜਦੋਂ ਸੀਬੀਆਈ ਨੇ ਦਿੱਲੀ ਦੀ ਆਬਕਾਰੀ ਨੀਤੀ ’ਚ ਗੜਬੜੀਆਂ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਪੰਜਾਬ ਦੀ ਆਬਕਾਰੀ ਨੀਤੀ ਤਹਿਤ ਹੋਈ ਗੜਬੜ ਦੀ ਜਾਂਚ ਵੀ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ। ਸ੍ਰੀ ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਠੇਕੇਦਾਰਾਂ ਨੂੰ ਇਸ ਨੀਤੀ ਤਹਿਤ ਆਊਟ ਕਰ ਦਿੱਤਾ ਗਿਆ ਹੈ ਅਤੇ ਬਾਹਰਲੇ ਠੇਕੇਦਾਰਾਂ ਨੂੰ ਕੰਮ ਦਿੱਤਾ ਗਿਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਠੇਕੇਦਾਰਾਂ ਨਾਲ ਗੰਢ-ਤੁਪ ਲਈ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਮੀਟਿੰਗਾਂ ਕਰਦੇ ਰਹੇ ਹਨ। ਸ਼ਰਾਬ ਦਾ ਕਾਰੋਬਾਰ ਕੁਝ ਲੋਕਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਂਗਰਸੀ ਵਫ਼ਦ ਨੇ ਕੌਮਾਂਤਰੀ ਸਰਹੱਦ ਲਾਗੇ ਹੋ ਰਹੀ ਗ਼ੈਰਕਾਨੂੰਨੀ ਮਾਈਨਿੰਗ ਨੂੰ ਕੌਮੀ ਸੁਰੱਖਿਆ ਲਈ ਖ਼ਤਰਾ ਦੱਸਿਆ ਹੈ। ਉਨ੍ਹਾਂ ਹਵਾਲਾ ਦਿੱਤਾ ਕਿ ਬੀਐੱਸਐੱਫ ਵੱਲੋਂ ਹਾਈਕੋਰਟ ਵਿੱਚ ਇਹ ਕਿਹਾ ਗਿਆ ਹੈ ਕਿ ਕੌਮਾਂਤਰੀ ਸੀਮਾ ਲਾਗੇ ਗ਼ੈਰਕਾਨੂੰਨੀ ਮਾਈਨਿੰਗ ਕਰ ਕੇ ਖੱਡੇ ਪੈ ਗਏ ਹਨ ਜਿਨ੍ਹਾਂ ਜਰੀਏ ਦੇਸ਼ ਦੇ ਦੁਸ਼ਮਣ ਘੁਸਪੈਠ ਕਰ ਸਕਦੇ ਹਨ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਗ਼ੈਰਕਾਨੂੰਨੀ ਮਾਈਨਿੰਗ ਚੱਲ ਰਹੀ ਹੈ, ਜਿਸ ਨੇ ਦੇਸ਼ ਦੀ ਸੁਰੱਖਿਆ ਨੂੰ ਵੀ ਖ਼ਤਰੇ ਵਿਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਵੀ ਕੌਮੀ ਜਾਂਚ ਏਜੰਸੀ ਤੋਂ ਕਰਵਾਈ ਜਾਵੇ।