ਬਰਨਾਲਾ (ਪਰਸ਼ੋਤਮ ਬੱਲੀ): ਬਰਨਾਲਾ ਤੋਂ ਦੋ ਵਾਰ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਕਾਂਗਰਸ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਵਜੋਂ ਤਾਇਨਾਤ ਹਰੀਸ਼ ਚੌਧਰੀ ਨੇ ਤੁਰੰਤ ਪ੍ਰਭਾਵ ਤੋਂ ਪੱਤਰ ਜਾਰੀ ਕੀਤਾ ਹੈ ਜਿਸ ’ਚ ਕਿਹਾ ਗਿਆ ਹੈ ਕਿ ਅਨੁਸ਼ਾਸਨੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਕੱਢਿਆ ਜਾਂਦਾ ਹੈ। ਜ਼ਿਲ੍ਹਾ ਬਰਨਾਲਾ ਦੇ ਕਸਬਾ ਤਪਾ ਨਾਲ ਸਬੰਧ ਰੱਖਣ ਵਾਲੇ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ, ਜੋ ਆਲ ਇੰਡੀਆ ਕਾਂਗਰਸ ਕਮੇਟੀ ਦੇ ਖਜ਼ਾਨਚੀ ਵਜੋਂ ਤਾਇਨਾਤ ਹਨ, ਨੇ ਆਪਣੇ ਬੇਟੇ ਮੁਨੀਸ਼ ਬਾਂਸਲ ਨੂੰ ਆਖਰੀ ਸਮੇਂ ਟਿਕਟ ਦਿਵਾ ਕੇ ਕੇਵਲ ਢਿੱਲੋਂ ਨੂੰ ਹਾਸ਼ੀਏ ’ਤੇ ਧੱਕ ਦਿੱਤਾ ਸੀ। ਕੇਵਲ ਢਿੱਲੋਂ ਨੇ ਕਿਹਾ ਕਿ ਜੇਕਰ ਪੱਤਰ ਮਿਲਿਆ ਤਾਂ ਉਹ ਤੱਥਾਂ ਦੇ ਆਧਾਰ ਨਾਲ ਆਪਣਾ ਪੱਖ ਰੱਖਣਗੇ।