ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਧੂਰੀ, 7 ਅਕਤੂਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਸਮੇਤ ਹੋਰ ਮੰਗਾਂ ਮਨਵਾਉਣ ਲਈ ਅੱਜ ਧੂਰੀ-ਲੁਧਿਆਣਾ ਮੁੱਖ ਮਾਰਗ ਨੇੜੇ ਬਬਨਪੁਰ ਨਹਿਰ ਦੇ ਪੁਲ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਧਰਨੇ ਕਾਰਨ ਪ੍ਰਸ਼ਾਸਨ ਨੂੰ ਆਵਾਜਾਈ ਬਹਾਲ ਰੱਖਣ ਲਈ ਬਦਲਵੇਂ ਪ੍ਰਬੰਧ ਕਰਨੇ ਪਏ। ਇਸ ਦੌਰਾਨ ਸਥਿਤੀ ਕਾਬੂ ਹੇਠ ਰੱਖਣ ਲਈ ਡੀਐੱਸਪੀ ਧੂਰੀ ਯੋਗੇਸ਼ ਸ਼ਰਮਾ ਦੀ ਅਗਵਾਈ ਹੇਠ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ।
ਇਸ ਮੌਕੇ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ ਅਤੇ ਸ਼ੇਰ ਸਿੰਘ ਖੰਨਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਗੱਲਬਾਤ ਲਈ ਲੰਮੇ ਸਮੇਂ ਤੋਂ ਮੁੱਖ ਮੰਤਰੀ ਕੋਲੋਂ ਸਮਾਂ ਮੰਗਿਆ ਜਾ ਰਿਹਾ ਹੈ ਪਰ ਭਗਵੰਤ ਮਾਨ ਨੇ ਉਨ੍ਹਾਂ ਨਾਲ ਗੱਲਬਾਤ ਕਰਨੀ ਮੁਨਾਸਬਿ ਨਹੀਂ ਸਮਝੀ, ਜਿਸ ਕਾਰਨ ਉਨ੍ਹਾਂ ਨੂੰ ਆਵਾਜਾਈ ਠੱਪ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਪਹਿਲਾਂ 13 ਸਤੰਬਰ ਨੂੰ ਧੂਰੀ ਵਿੱਚ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਸੀ ਪਰ ਐਨ ਮੌਕੇ ਪੰਜਾਬ ਦੇ ਵਿੱਤ ਮੰਤਰੀ ਵੱਲੋਂ 30 ਸਤੰਬਰ ਤੱਕ ਮੀਟਿੰਗ ਦਾ ਸਮਾਂ ਦੇਣ ਦੇ ਦਿੱਤੇ ਗਏ ਭਰੋਸੇ ਮਗਰੋਂ ਜਥੇਬੰਦੀ ਨੇ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਫਿਰ ਪੰਜਾਬ ਸਰਕਾਰ ਆਪਣੇ ਵਾਅਦੇ ’ਤੇ ਖਰੀ ਨਹੀਂ ਉੱਤਰੀ, ਜਿਸ ਕਾਰਨ ਉਨ੍ਹਾਂ ਅੱਜ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਬਾਕੀ ਮੰਗਾਂ ਮੰਨਣ ਦਾ ਐਲਾਨ ਨਹੀਂ ਕਰਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਜੋਰਾ ਸਿੰਘ ਨਸਰਾਲੀ, ਗੁਰਮੀਤ ਸਿੰਘ ਤੇ ਰਛਪਾਲ ਸਿੰਘ ਨੇ ਵੀ ਸੰਬੋਧਨ ਕੀਤਾ।