ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਅਕਤੂਬਰ
ਇੱਥੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੀ ਸੂਬਾ ਪੱਧਰੀ ਮੀਟਿੰਗ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਇਸੇ ਸਾਲ 3 ਅਪਰੈਲ ਤੋਂ ਲੈ ਕੇ ਹੁਣ ਤੱਕ ਹਰ ਸੰਘਰਸ਼ ਉਪਰੰਤ ਪੜਾਅਵਾਰ ਲਗਾਤਾਰ ਪੰਜਵੀਂ ਲਿਖਤੀ ਮੀਟਿੰਗ ਕਰਨ ਦਾ ਭਰੋਸਾ ਦੇ ਕੇ ਐਨ ਮੌਕੇ ਮੀਟਿੰਗ ਨਾ ਕਰਨ ਦੀ ਨਿਖੇਧੀ ਕੀਤੀ ਅਤੇ 15 ਅਤੇ 16 ਨਵੰਬਰ ਨੂੰ ਦੋ ਰੋਜ਼ਾ ਸਮੂਹਿਕ ਛੁੱਟੀ ਦਾ ਐਲਾਨ ਕੀਤਾ। ਅੱਜ ਦੀ ਮੀਟਿੰਗ ਵਿੱਚ ਮੋਰਚੇ ਦੇ ਸੂਬਾਈ ਆਗੂ ਕ੍ਰਮਵਾਰ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ, ਸਿਮਰਨਜੀਤ ਸਿੰਘ ਨੀਲੋਂ, ਰਮਨਪ੍ਰੀਤ ਕੌਰ ਮਾਨ ਤੇ ਪਵਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਸਰਗਰਮ ਨੇਤਾ ਹਾਜ਼ਰ ਸਨ। ਇਨ੍ਹਾਂ ਆਗੂਆਂ ਨੇ ਮੋਰਚੇ ਦੇ ਬੈਨਰ ਹੇਠ ਉਲੀਕੇ ਅਗਲੇ ਸੰਘਰਸ਼ਾਂ ਬਾਰੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਸਮੂਹ ਸਰਕਾਰੀ ਅਦਾਰਿਆਂ ਵਿੱਚ ਆਊਟਸੋਰਸਡ, ਇਨਲਿਸਟਮੈਂਟ, ਕੰਪਨੀਆਂ, ਠੇਕੇਦਾਰਾਂ ਅਤੇ ਸੁਸਾਇਟੀਆਂ ਅਧੀਨ ਕੰਮ ਕਰਦੇ ਮੁਲਾਜ਼ਮ 15 ਅਤੇ 16 ਨਵੰਬਰ ਨੂੰ ਦੋ ਰੋਜ਼ਾ ਸਮੂਹਿਕ ਛੁੱਟੀ ਲੈ ਕੇ ਆਪੋ ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਪਰਿਵਾਰਾਂ ਸਮੇਤ ਰੋਸ ਪ੍ਰਦਰਸ਼ਨ ਕਰਨਗੇ ਅਤੇ ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਪਿੰਡਾਂ ਦੀਆਂ ਸੱਥਾਂ ਵਿਚ ਭਾਂਡਾ ਭੰਨਣਗੇ।
ਇਸ ਸੰਘਰਸ਼ ਦੀ ਸਫਲਤਾ ਲਈ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਾਂਝੇ ਇਕੱਠ ਕਰਕੇ ਸਰਕਾਰ ਦੀਆਂ ਧੋਖੇ ਭਰੀਆਂ ਚਾਲਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਨਜ਼ਰਅੰਦਾਜ਼ ਕਰ ਕੇ ਨੌਕਰੀ ਤੋਂ ਵਿਹਲਾ ਕਰ ਰਹੀ ਹੈ।