DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਬੀਰ ਦੇ ਅਸਤੀਫ਼ੇ ਬਾਰੇ ਅੱਜ ਫ਼ੈਸਲਾ ਲਵੇਗੀ ਕੋਰ ਕਮੇਟੀ

ਆਤਿਸ਼ ਗੁਪਤਾ ਚੰਡੀਗੜ੍ਹ, 17 ਨਵੰਬਰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ 18 ਨਵੰਬਰ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ...

  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 17 ਨਵੰਬਰ

Advertisement

ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ 18 ਨਵੰਬਰ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਵੇਗੀ। ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਰਕਿੰਗ ਕਮੇਟੀ ਵੱਲੋਂ ਪਾਰਟੀ ਦੀ ਅਗਲੀ ਸਿਆਸੀ ਰਣਨੀਤੀ ਬਾਰੇ ਮੰਥਨ ਕੀਤਾ ਜਾਵੇਗਾ।

Advertisement

ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਵੱਲੋਂ ‘ਤਨਖਾਹੀਆ’ ਕਰਾਰ ਦਿੱਤੇ ਜਾਣ ਤੋਂ ਬਾਅਦ ਬੀਤੇ ਦਿਨ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਇਸ ਨੂੰ ਲੈ ਕੇ ਵੱਖ-ਵੱਖ ਸਿਆਸੀ ਮਾਹਿਰ ਤਰ੍ਹਾਂ-ਤਰ੍ਹਾਂ ਦੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਵੱਲੋਂ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਦੇਰੀ ਨਾਲ ਚੁੱਕਿਆ ਕਦਮ ਦੱਸਿਆ ਜਾ ਰਿਹਾ ਹੈ। ਹਾਲਾਂਕਿ ਸੁਖਬੀਰ ਬਾਦਲ ਦੇ ਅਸਤੀਫ਼ੇ ’ਤੇ ਆਖਰੀ ਫ਼ੈਸਲਾ ਭਲਕੇ ਹੋਣ ਵਾਲੀ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਜਾਵੇਗਾ। ਗੌਰਤਲਬ ਹੈ ਕਿ ਪੰਜਾਬ ਦੀ ਸਿਆਸਤ ’ਚ ਲੰਬਾ ਸਮਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਮੋਸ਼ੀ ਭਰੀ ਹਾਰ ਤੋਂ ਬਾਅਦ ਹੀ ਕੁਝ ਆਗੂਆਂ ਵੱਲੋਂ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ, ਪਰ ਉਸ ਸਮੇਂ ਉਨ੍ਹਾਂ ਵੱਲੋਂ ਅਸਤੀਫ਼ਾ ਨਹੀਂ ਦਿੱਤਾ ਗਿਆ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ਵਿੱਚੋਂ ਬਾਹਰ ਹੋਣ ਦੇ ਨਾਲ-ਨਾਲ ਉਹ ਮੁੱਖ ਵਿਰੋਧੀ ਧਿਰ ਵਜੋਂ ਵੀ ਆਪਣੀ ਥਾਂ ਨਹੀਂ ਬਣਾ ਸਕਿਆ ਸੀ। ਉਸ ਸਮੇਂ ਪਹਿਲੀ ਵਾਰ ਚੋਣ ਲੜਨ ਵਾਲੀ ਆਮ ਆਦਮੀ ਪਾਰਟੀ (ਆਪ) ਮੁੱਖ ਵਿਰੋਧੀ ਧਿਰ ਬਣ ਗਈ ਸੀ। ਇਸ ਤੋਂ ਬਾਅਦ 2019 ਦੀਆਂ ਲੋਕ ਸਭਾ ਚੋਣਾਂ ’ਚ ਵੀ ਪਾਰਟੀ ਦੇ ਪੱਲੇ ਕੁਝ ਨਹੀਂ ਪਿਆ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤਿੰਨ ਸੀਟਾਂ ’ਤੇ ਸਿਮਟ ਗਿਆ। ਚੋਣਾਂ ਵਿੱਚ ਹੋਈਆਂ ਇਨ੍ਹਾਂ ਹਾਰਾਂ ਕਰਕੇ ਕਈ ਸੀਨੀਅਰ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ।

ਅਕਾਲੀ ਦਲ ਦੇ ਮੌਜੂਦਾ ਹਾਲਾਤ ਲਈ ਸੁਖਬੀਰ ਜ਼ਿੰਮੇਵਾਰ: ਢੀਂਡਸਾ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮੌਜੂਦਾ ਪੰਥਕ ਤੇ ਸਿਆਸੀ ਹਾਲਾਤ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਥ ਤੇ ਪੰਜਾਬ ਦੀ ਸਿਰਮੌਰ ਸਿਆਸੀ ਪਾਰਟੀ ਅੱਜ ਜ਼ਿਮਨੀ ਚੋਣਾਂ ਵਿੱਚ ਚਾਰ ਉਮੀਦਵਾਰ ਨਹੀਂ ਉਤਾਰ ਸਕੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤ ਲਈ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜਦੋਂ ਤੋ ਸੁਖਬੀਰ ਨੇ ਪਾਰਟੀ ਦੀ ਕਮਾਨ ਸੰਭਾਲੀ ਹੈ, ਉਸ ਸਮੇਂ ਤੋਂ ਅਕਾਲੀ ਦਲ ਹਾਸ਼ੀਏ ’ਤੇ ਆਉਂਦਾ ਗਿਆ। ਅਕਾਲੀ ਦਲ ਆਪਣੇ ਸੌ ਵਰ੍ਹੇ ਮੌਕੇ ਮਹਿਜ਼ ਤਿੰਨ ਸੀਟਾਂ ’ਤੇ ਸਿਮਟ ਗਿਆ ਅਤੇ ਲੰਘੀਆਂ ਲੋਕ ਸਭਾ ਚੋਣਾਂ ਵਿੱਚ ਦਸ ਸੀਟਾਂ ’ਤੇ ਜ਼ਮਾਨਤ ਜ਼ਬਤ ਹੋਈ। ਸ੍ਰੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਸਾਲ 2017 ਦੀਆਂ ਚੋਣਾਂ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਸੁਖਬੀਰ ਬਾਦਲ ਨੂੰ ਅਸਤੀਫ਼ਾ ਦੇ ਕੇ ਪਾਸੇ ਹਟ ਜਾਣ ਦੀ ਬੇਨਤੀ ਕੀਤੀ ਸੀ। ਇਹ ਅਰਜ਼ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੀ ਗਈ ਸੀ ਕਿ ਸੁਖਬੀਰ ਨੂੰ ਪਾਸੇ ਕਰ ਕੇ ਖ਼ੁਦ ਪਾਰਟੀ ਦੀ ਕਮਾਨ ਆਪਣੇ ਹੱਥ ਵਿੱਚ ਲੈਣ, ਪਰ ਉਸ ਵੇਲੇ ਦਿੱਤੀ ਗਈ ਸਲਾਹ ਨੂੰ ਨਹੀਂ ਮੰਨਿਆ ਗਿਆ

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਅਕਾਲ ਤਖਤ ਦਖ਼ਲ ਦੇਵੇ: ਜਗੀਰ ਕੌਰ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ-ਸੁਰਜੀਤੀ ਲਈ ਦਖ਼ਲ ਦੇ ਕੇ ਸਾਰੇ ਅਕਾਲੀ ਦਲਾਂ ਨੂੰ ਭੰਗ ਕਰ ਕੇ ਪੰਚ ਪ੍ਰਧਾਨੀ ਦੀ ਪ੍ਰਣਾਲੀ ਲਾਗੂ ਕਰਵਾਉਣ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਨਵੀਂ ਭਰਤੀ ਸ਼ੁਰੂ ਕਰਵਾਉਣ। । ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਹੜੇ ਆਗੂ ਕਹਿ ਰਹੇ ਹਨ ਕਿ ਸੁਖਬੀਰ ਬਾਦਲ ਤੋਂ ਬਿਨਾਂ ਕੋਈ ਹੋਰ ਆਗੂ ਪਾਰਟੀ ਨਹੀਂ ਚਲਾ ਸਕਦਾ, ਇਹ ਬਿਰਤਾਂਤ ਜਾਣ-ਬੁੱਝ ਕੇ ਖੜ੍ਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਥਿਤ ਦੋਸ਼ੀਆਂ ਨੂੰ ਨਾ ਫੜਨਾ ਤੇ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਕਾਫ਼ੀ ਗੰਭੀਰ ਹਨ ਜੋ ਸਿੱਖ ਕੌਮ ਦੇ ਮਨਾਂ ਵਿੱਚੋਂ ਕਦੇ ਮਨਫ਼ੀ ਨਹੀਂ ਕੀਤੇ ਜਾ ਸਕਦੇ।

Advertisement
×