ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੇਸ਼ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਮਿਲੀ: ਕਟਾਰੀਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
ਖਟਕੜ ਕਲਾਂ ’ਚ ਸ਼ਹੀਦ ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਗੁਲਾਬ ਚੰਦ ਕਟਾਰੀਆ।
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਅਨੀਤਾ ਕਟਾਰੀਆ ਸਣੇ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਜਾਇਬ ਘਰ ਵਿੱਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਲੋਕ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ।

ਇੱਥੇ ਪਹੁੰਚਣ ’ਤੇ ਰਾਜਪਾਲ ਨੇ ਸ਼ਹੀਦ-ਏ-ਆਜ਼ਮ ਦੀ ਸਮਾਧ ਅਤੇ ਫਿਰ ਉਨ੍ਹਾਂ ਦੇ ਬੁੱਤ ’ਤੇ ਫੁੱਲ ਅਰਪਿਤ ਕੀਤੇ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਹੋਰਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ। ਇਸ ਦੇ ਸਿੱਟੇ ਵਜੋਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਚਿਣਗ ਹੋਰ ਤੇਜ਼ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਦੇਸ਼ ਖ਼ਾਤਰ ਫਾਂਸੀ ਦੇ ਰੱਸੇ ਚੁੰਮਣੇ ਪਏ ਪਰ ਉਨ੍ਹਾਂ ਦੀ ਲਾਮਿਸਾਲ ਕੁਰਬਾਨੀ ਨੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੇ ਜਜ਼ਬੇ ਨੂੰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਇਸ ਉਪਰੰਤ ਹੋ ਰਹੀ ਬੇਮਿਸਾਲ ਤਰੱਕੀ ਵਿੱਚ ਮੁੱਢਲਾ ਯੋਗਦਾਨ ਸਾਡੇ ਮਹਾਨ ਸ਼ਹੀਦਾਂ ਦਾ ਹੈ।

Advertisement

ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਰਾਜਪਾਲ ਨੇ ਕਿਹਾ ਕਿ ਸੂਬੇ ਸਾਹਮਣੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਅਤੇ ਨਸ਼ੇ ਵੱਡੀਆਂ ਚੁਣੌਤੀਆਂ ਹਨ। ਇਨ੍ਹਾਂ ਤੋਂ ਉੱਭਰਨ ਲਈ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਪੰਜਾਬੀਆਂ ਵੱਲੋਂ ਸੰਕਟ ’ਚ ਘਿਰੇ ਲੋਕਾਂ ਲਈ ਦਿਖਾਈ ਅਪਣੱਤ, ਆਪਸੀ ਭਾਈਚਾਰਾ, ਹਰ ਪੱਖੋਂ ਭਰਵੀਂ ਮਦਦ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਲੀਹ ’ਤੇ ਲਿਆਉਣ ਲਈ ਕੀਤੇ ਗਏ ਉਪਰਾਲੇ ਸਾਰਿਆਂ ਲਈ ਵੱਡੀ ਪ੍ਰੇਰਨਾ ਹਨ। ਇਸ ਨਾਲ ਪੰਜਾਬੀਅਤ ਦਾ ਝੰਡਾ ਹੋਰ ਬੁਲੰਦ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਾਇਆ ਜਾ ਰਿਹਾ ਹੈ, ਜਲਦ ਹੀ ਵਿੱਤੀ ਮਦਦ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪ੍ਰਸ਼ਾਸਨ, ਭਾਰਤੀ ਫ਼ੌਜ ਅਤੇ ਪੰਜਾਬ ਪੁਲੀਸ ਨੇ ਵੀ ਮੋਹਰੀ ਭੂਮਿਕਾ ਨਿਭਾਈ। ਖਟਕੜ ਕਲਾਂ ਪਹੁੰਚਣ ਤੋਂ ਪਹਿਲਾਂ ਰਾਜਪਾਲ ਅਤੇ ਉਨ੍ਹਾਂ ਦੀ ਪਤਨੀ ਨੇ ਨਵਾਂਸ਼ਹਿਰ ਵਿੱਚ ਜੈਨ ਸਥਾਨਕ ਵਿੱਚ ਪਹੁੰਚ ਕੇ ਪ੍ਰਵਚਨ ਸੁਣੇ ਅਤੇ ਆਸ਼ੀਰਵਾਦ ਲਿਆ।

ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਦੀਵਾਲੀ ਦੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 9ਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ’ਤੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤਾ ਲੋਗੋ ਭੇਟ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ। ਮੁੱਖ ਮੰਤਰੀ ਨੇ ਰਾਜਪਾਲ ਨੂੰ ਹਰਿਆਣਾ ਦੇ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਮੌਤ ਦੇ ਮਾਮਲੇ ਵਿੱਚ ਵੀ ਦਖ਼ਲ ਦੇ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ।

Advertisement
Show comments