ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਮੁੱਖ ਅੰਸ਼
- ਖੇਤੀ ਮੰਤਰੀ ਅੱਜ ਨਰਮਾ ਪੱਟੀ ਦਾ ਕਰਨਗੇ ਦੌਰਾ, ਨਕਲੀ ਸਾਮਾਨ ਫੜੇ ਜਾਣ ’ਤੇ ਖੇਤੀ ਅਫ਼ਸਰਾਂ ਨੂੰ ਸਖ਼ਤ ਕਾਰਵਾਈ ਦੀ ਤਾੜਨਾ
- ਅਧਿਕਾਰੀਆਂ ਨੂੰ ਦਫ਼ਤਰਾਂ ’ਚੋਂ ਨਿਕਲ ਕੇ ਫ਼ੀਲਡ ਵਿਚ ਜਾਣ ਦੀ ਹਦਾਇਤ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਰਮੇ ਦੀ ਫ਼ਸਲ ’ਤੇ ਹੋਏ ਗੁਲਾਬੀ ਸੁੰਡੀ ਦੇ ਹੱਲੇ ਨਾਲ ਨਜਿੱਠਣ ਲਈ ਅੱਜ ਖੇਤੀ ਅਫ਼ਸਰਾਂ ਨੂੰ ਚੌਕਸ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨਕਲੀ ਬੀਜਾਂ, ਖਾਦਾਂ ਤੇ ਕੀਟਨਾਸ਼ਕਾਂ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰੇਗੀ। ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਵਿਚਲੇ ਹਰ ਮਾਫ਼ੀਏ ਨੂੰ ਨੱਥ ਪਾਈ ਜਾਵੇਗੀ ਅਤੇ ਨਵੀਂ ਸਰਕਾਰ ਦੀ ਆਮਦ ਨਾਲ ਮਾਫ਼ੀਆ ਦੇ ਦਿਨ ਪੁੱਗ ਗਏ ਹਨ। ਨਰਮਾ ਪੱਟੀ ਦੇ ਕਿਸਾਨਾਂ ਨੂੰ ਧੋਖੇ ਵਿਚ ਰੱਖ ਕੇ ਵੇਚੇ ਗਏ ਗੁਜਰਾਤੀ ਬੀਜ ਦੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਖੇਤੀ ਮੰਤਰੀ ਅੱਜ ਮੁਹਾਲੀ ਸਥਿਤ ਪੰਜਾਬ ਮੰਡੀ ਬੋਰਡ ਭਵਨ ਵਿੱਚ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਖੇਤੀ ਅਫ਼ਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਜਿੱਥੋਂ ਕਿਤੇ ਨਕਲੀ ਸਾਮਾਨ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਵਿਭਾਗੀ ਅਫ਼ਸਰਾਂ ਨੂੰ ਦਵਾਈਆਂ, ਬੀਜਾਂ ਅਤੇ ਫ਼ੈਕਟਰੀਆਂ ਆਦਿ ਦੀ ਸੂਚੀ ਬਣਾ ਕੇ ਸੌਂਪਣ ਨੂੰ ਕਿਹਾ। ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਸੰਕਟ ’ਚੋਂ ਕੱਢਣ, ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ’ਚੋਂ ਬਾਹਰ ਕੱਢਣ ਲਈ ਅਧਿਕਾਰੀਆਂ ਨੂੰ ਦਫ਼ਤਰਾਂ ’ਚੋਂ ਨਿਕਲ ਕੇ ਫ਼ੀਲਡ ਵਿਚ ਜਾਣ ਦੀ ਹਦਾਇਤ ਕੀਤੀ ਤਾਂ ਜੋ ਜ਼ਮੀਨੀ ਪੱਧਰ ’ਤੇ ਹਾਲਾਤ ਦੀ ਸਮੀਖਿਆ ਕੀਤੀ ਜਾ ਸਕੇ।
ਖੇਤੀ ਮੰਤਰੀ ਨੇ ਕਿਹਾ ਕਿ ਫ਼ੀਲਡ ਅਧਿਕਾਰੀਆਂ ਤੋਂ ਲੈ ਕੇ ਮੁੱਖ ਦਫ਼ਤਰ ਤੱਕ ਦੇ ਸਮੂਹ ਅਧਿਕਾਰੀ ਭਲਕੇ ਮੰਗਲਵਾਰ ਤੋਂ ਹੀ ਮਾਲਵੇ ਦੀ ਨਰਮਾ ਪੱਟੀ ਦਾ ਦੌਰਾ ਕਰਨਗੇ। ਇਸ ਟੀਮ ਦੀ ਅਗਵਾਈ ਖ਼ੁਦ ਖੇਤੀ ਮੰਤਰੀ ਧਾਲੀਵਾਲ ਕਰਨਗੇ। ਉਨ੍ਹਾਂ ਕਿਹਾ ਕਿ ਐਤਕੀਂ ਕਿਸੇ ਵੀ ਕਿਸਾਨ ਦੀ ਫ਼ਸਲ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਵਿਭਾਗ ਦੀਆਂ 37 ਟੀਮਾਂ ਨਰਮਾ ਪੱਟੀ ਦੇ ਅੱਧੀ ਦਰਜਨ ਜ਼ਿਲ੍ਹਿਆਂ ਵਿੱਚ ਫ਼ਸਲ ਦਾ ਜਾਇਜ਼ਾ ਲੈ ਕੇ ਰਿਪੋਰਟ ਕਰਨਗੀਆਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰ ਇਸ ਟੀਮ ਦਾ ਹਿੱਸਾ ਹੋਣਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਸਫਲ ਬਣਾਉਣ ਲਈ ਮੂੰਗੀ ਵਾਂਗ ਮੱਕੀ ਅਤੇ ਹੋਰ ਸਹਾਇਕ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਫ਼ਸਲਾਂ ਲਈ ਮੰਡੀਕਰਨ ਉੱਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਧਿਕਾਰੀ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਕਰਨ ਅਤੇ ਛੋਟੇ ਕਿਸਾਨਾਂ ਤੱਕ ਪਹੁੰਚ ਯਕੀਨੀ ਬਣਾਉਣ। ਇਸ ਤੋਂ ਪਹਿਲਾ ਵਿੱਤ ਕਮਿਸ਼ਨਰ (ਵਿਕਾਸ) ਸਰਵਜੀਤ ਸਿੰਘ ਨੇ ਖੇਤੀਬਾੜੀ ਮੰਤਰੀ ਦਾ ਸਵਾਗਤ ਕਰਦਿਆਂ ਵਿਭਾਗ ਬਾਰੇ ਜਾਣ ਪਛਾਣ ਕਰਵਾਈ।
ਆਖ਼ਰ ਸਰਕਾਰ ਦੀ ਜਾਗ ਖੁੱਲ੍ਹੀ
ਨਰਮਾ ਪੱਟੀ ਵਿੱਚ ਕਿਸਾਨ ਹੁਣ ਜਦੋਂ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਕਾਰਨ ਖ਼ਰਾਬ ਫ਼ਸਲ ਨੂੰ ਵਾਹੁਣ ਦੇ ਰਾਹ ਪੈ ਗਏ ਹਨ ਤਾਂ ਪੰਜਾਬ ਸਰਕਾਰ ਦੀ ਨੀਂਦ ਖੁੱਲ੍ਹੀ ਹੈ। ਜਦੋਂ ਇਸ ਅਲਾਮਤ ਨੇ ਦਸਤਕ ਦੇਣੀ ਸ਼ੁਰੂ ਕੀਤੀ ਤਾਂ ਉਦੋਂ ਖੇਤੀ ਮਹਿਕਮਾ ਘੂਕ ਸੁੱਤਾ ਰਿਹਾ। ਨਵੀਂ ਸਰਕਾਰ ਨੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਵੇਲੇ ਸਿਰ ਕਦਮ ਨਹੀਂ ਪੁੱਟੇ। ਹੁਣ ਜਦੋਂ ਪਾਣੀ ਸਿਰੋਂ ਲੰਘਣ ਲੱਗਾ ਹੈ ਤਾਂ ਖੇਤੀ ਅਫ਼ਸਰ ਵਾਹਣੀਂ ਪਏ ਹਨ।