ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 10 ਜੂਨ
ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ 37 ਸਾਲਾ ਕਿਸਾਨ ਮਨਜਿੰਦਰ ਸਿੰਘ ਦੀ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਦਾਗਰ ਸਿੰਘ ਖਾਈ ਨੇ ਦੱਸਿਆ ਕਿ 37 ਸਾਲਾ ਮਨਜਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਉਪਰ ਬੈਂਕ ਦਾ 9 ਲੱਖ ਅਤੇ ਆੜ੍ਹਤੀਏ ਦਾ 51 ਹਜ਼ਾਰ ਰੁਪਏ ਦਾ ਕਰਜ਼ਾ ਸੀ। ਇਸੇ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਦਵਾਈ ਪੀ ਲਈ। ਥਾਣਾ ਮੁਖੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਕਿਸਾਨ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।