ਪੱਤਰ ਪ੍ਰੇਰਕ
ਗੂਹਲਾ ਚੀਕਾ, 11 ਫਰਵਰੀ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਇੱਕ ਵਫਦ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਚ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਅਤੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ। ਵਫਦ ਵਿਚ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ, ਮੀਤ ਪ੍ਰਧਾਨ ਸਵਰਨ ਸਿੰਘ ਰਤੀਆ, ਚੰਦੀਪ ਸਿੰਘ ਖੁਰਾਨਾ, ਅਮਰਿੰਦਰ ਸਿੰਘ ਅਰੋੜਾ ਤੇ ਹੋਰ ਹਾਜ਼ਰ ਸਨ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਭੇਜੇ ਜਾਣ ਦੇ ਮਾਮਲੇ ਵਿੱਚ ਪੰਥਕ ਤਾਲਮੇਲ ਸੰਗਠਨ ਨੇ ਮੰਗ ਕੀਤੀ ਹੈ ਕਿ ਇਸ ਦਾ ਵਿਰੋਧ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੋਰਚਾ ਲਾਉਣਾ ਚਾਹੀਦਾ ਹੈ।
ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ, ਸਾਬਕਾ ਜਥੇਦਾਰ ਅਤੇ ਕੋ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਡੇਰਾ ਮੁਖੀ ਨੂੰ ਪੈਰੋਲ ਦੇਣ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਖ਼ਿਲਾਫ਼ ਮੋਰਚਾ ਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਡੇਰਾ ਮੁਖੀ ਨੂੰ ਮੁਆਫੀ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਸੀ ਤੇ ਆਪਣੇ ਇਸ ਫੈ਼ਸਲੇ ਨੂੰ ਸਹੀ ਠਹਿਰਾਉਣ ਲਈ ਸ਼੍ਰੋਮਣੀ ਕਮੇਟੀ ਨੇ 97 ਲੱਖ ਰੁਪਏ ਵੀ ਇਸ਼ਤਿਹਾਰਾਂ ’ਤੇ ਖਰਚੇ ਸਨ।
ਪੰਥਕ ਤਾਲਮੇਲ ਸੰਗਠਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਬੰਦੀ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਹੋਣ ’ਤੇ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਤੇ ਮਨੁੱਖੀ ਅਧਿਕਾਰਾਂ ਤਹਿਤ ਬਣਦੀ ਛੁੱਟੀ ਦਾ ਹੱਕ ਵੀ ਨਹੀਂ ਦਿੱਤਾ ਜਾ ਰਿਹਾ। ਦੂਜੇ ਪਾਸੇ ਡੇਰਾ ਮੁਖੀ ਨੂੰ ਛੁੱਟੀ ਦੇ ਦਿੱਤੀ ਗਈ ਹੈ ਤੇ ਉਹ ਜੇਲ੍ਹ ਤੋਂ ਬਾਹਰ ਰਹਿ ਕੇ ਸਜ਼ਾ ਵਿੱਚ ਕਟੌਤੀ ਦੀ ਸਹੂਲਤ ਮਾਣ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਡੇਰਾ ਮੁਖੀ ਨੂੰ ਪੁੱਛ-ਗਿੱਛ ਲਈ ਪੰਜਾਬ ਲਿਆਉਣਾ ਸੀ ਤਾਂ ਸਮਾਜਿਕ ਸੁਰੱਖਿਆ ਨੂੰ ਖਤਰਾ ਦੱਸਿਆ ਗਿਆ। ਹੁਣ ਚੋਣਾਂ ਨੇੜੇ ਉਸ ਨੂੰ ਪੈਰੋਲ ’ਤੇ ਬਾਹਰ ਭੇਜ ਦਿੱਤਾ ਗਿਆ ਹੈ।
ਪੈਰੋਲ ਖ਼ਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਹਾਈਵੇਅ ’ਤੇ ਧਰਨਾ
ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ ਅੱਜ ਇਥੇ ਸਿੱਖ ਜਥੇਬੰਦੀਆਂ ਨੇ ਕੌਮੀ ਰਾਹ ’ਤੇ ਧਰਨਾ ਦੇ ਕੇ ਚੱਕਾ ਜਾਮ ਕੀਤਾ। ਇਸ ਮੌਕੇ ਰੋਸ ਪ੍ਰਗਟ ਕਰਦਿਆਂ ਸਿੱਖ ਆਗੂਆਂ ਨੇ ਬੰਦੀ ਸਿੰਘਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ। ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਧਰਨਾ ਦੇ ਰਹੇ ਇਨ੍ਹਾਂ ਆਗੂਆਂ ਵੱਲੋਂ ‘ਸੌਦਾ ਸਾਧ ਦੀ ਫਰਲੋ ਰੱਦ ਕਰੋ’, ‘ਮੋਦੀ ਸਰਕਾਰ ਮੁਰਦਾਬਾਦ’ ਤੇ ‘ਬੰਦੀ ਸਿੰਘਾਂ ਨੂੰ ਫੌਰੀ ਰਿਹਾਅ ਕਰੋ’ ਦੇ ਨਾਅਰੇ ਲਗਾਏ ਗਏ। ਬੁਲਾਰਿਆਂ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਨਹੀਂ ਕੀਤੇ ਜਾ ਰਹੇ, ਪਰ ਡੇਰਾ ਮੁਖੀ ਨੂੰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਭੇਜ ਦਿੱਤਾ ਗਿਆ ਹੈ। ਇਸ ਧਰਨੇ ਨੂੰ ਪਰਵਾਰ ਸਿੰਘ ਡੱਲਾ, ਜਥੇਦਾਰ ਮੋਹਨ ਸਿੰਘ ਬੰਗਸੀਪੁਰਾ, ਜਸਪਾਲ ਸਿੰਘ ਹੇਰਾਂ, ਗੁਰਦੀਪ ਸਿੰਘ, ਆਤਮਾ ਸਿੰਘ, ਗੁਰਵਿੰਦਰ ਸਿੰਘ, ਸੇਵਕ ਸਿੰਘ, ਜਸਵਿੰਦਰ ਸਿੰਘ ਬਰਸਾਲ, ਮੁਕੰਦ ਸਿੰਘ ਆਦਿ ਨੇ ਸੰਬੋਧਨ ਕੀਤਾ।