ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਨਵੀਂ ਦਿੱਲੀ ਵਿੱਚ ਪਾਕਿਸਤਾਨ ਦੇ ਰਾਜਦੂਤ ਆਫ਼ਤਾਬ ਹਸਨ ਖ਼ਾਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਪਾਕਿਸਤਾਨ ਵਿੱਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਮੇਟੀ ਪ੍ਰਧਾਨ ਵੱਲੋਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਆਪਣੇ ਵਸੀਲਿਆਂ ਮੁਤਾਬਕ ਹੜ੍ਹਾਂ ਕਾਰਨ ਹੋਈ ਤਬਾਹੀ ’ਚ ਲੋਕਾਂ ਦੀ ਮਦਦ ਦਾ ਯਤਨ ਕਰੇਗੀ। ਇਹ ਵਫ਼ਦ ਕਮੇਟੀ ਪ੍ਰਧਾਨ ਐਡਵੋਕੇਡ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪਾਕਿਸਤਾਨੀ ਸਫ਼ੀਰ ਨੂੰ ਮਿਲਿਆ, ਜਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਅਗਲੇ ਮਹੀਨੇ 30 ਅਕਤੂਬਰ ਨੂੰ ਸਾਕਾ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ। ਵਫ਼ਦ ਨੇ ਦੱਸਿਆ ਕਿ ਸਾਕੇ ਵਾਲੇ ਸਥਾਨ ’ਤੇ ਸ਼੍ਰੋਮਣੀ ਕਮੇਟੀ ਉਥੇ ਵੱਡਾ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ। ਇਸ ਲਈ ਸਿੱਖਾਂ ਸ਼ਰਧਾਲੂਆਂ ਨੂੰ ਵਾਧੂ ਵੀਜ਼ੇ ਦਿੱਤੇ ਜਾਣ। ਇਸ ਦੌਰਾਨ ਇਹ ਵੀ ਮੰਗ ਰੱਖੀ ਕਿ ਅਗਾਊਂ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਛੇਤੀ ਪ੍ਰਵਾਨਗੀ ਦਿੱਤੀ ਜਾਵੇ ਤਾਂ ਜੋ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਸ਼ਵਰਾ ਕਰਕੇ ਸਮਾਗਮਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਰਾਜਦੂਤ ਨੇ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਆਪਣੀ ਸਰਕਾਰ ਨਾਲ ਗੱਲਬਾਤ ਕਰ ਕੇ ਵੀਜ਼ੇ ਦੇਣ ਦਾ ਪ੍ਰਬੰਧ ਕਰਨਗੇ। ਇਸ ਵਫ਼ਦ ’ਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਰਪ੍ਰਸਤ ਹਰਵਿੰਦਰ ਸਿੰਘ ਸਰਨਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਤੇ ਅਜਾਇਬ ਸਿੰਘ ਅਭਿਆਸੀ ਆਦਿ ਸ਼ਾਮਲ ਸਨ।