ਪੱਤਰ ਪ੍ਰੇਰਕ
ਚੰਡੀਗੜ੍ਹ, 31 ਅਕਤੂਬਰ
ਪੰਜਾਬ ਡਰਾਫ਼ਟਸਮੈਨ ਐਸੋਸੀਏਸ਼ਨ ਵੱਲੋਂ ਡਰਾਫ਼ਟਸਮੈਨ ਕੇਡਰ ਦੀਆਂ ਮੰਗਾਂ ਦੇ ਸਬੰਧ ਵਿੱਚ ਚੱਲ ਰਹੀ ਕਲਮ ਛੱਡੋ ਹੜਤਾਲ ਨੂੰ 2 ਨਵੰਬਰ ਤੱਕ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਕੁਮਾਰ, ਕਾਰਜਕਾਰੀ ਪ੍ਰਧਾਨ ਚਰਨ ਕਮਲ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਸ਼ਤਾਬ, ਚੇਅਰਮੈਨ ਗੁਰਮੇਲ ਸਿੰਘ ਸਿੱਧੂ ਅਤੇ ਗੁਰਚਰਨ ਸਿੰਘ ਹੀਰਾ ਨੇ ਦੱਸਿਆ ਕਿ ਪੰਜਾਬ ਦੇ ਸਮੁੱਚੇ ਡਰਾਫ਼ਟਸਮੈਨ ਕੇਡਰ ਵੱਲੋਂ 18 ਤੋਂ 29 ਅਕਤੂਬਰ ਤੱਕ ਰੋਸ ਰੈਲੀਆਂ ਕਰਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜੇ ਗਏ। ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।