ਦਵਿੰਦਰ ਪਾਲ
ਚੰਡੀਗੜ੍ਹ, 22 ਫਰਵਰੀ
ਪੰਜਾਬ ਦੇ ਸੰਘਰਸ਼ੀ ਅਖਾੜਿਆਂ ਸਮੇਤ ਸੂਬੇ ਦੀਆਂ ਹੋਰ ਥਾਵਾਂ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ‘ਪੱਗੜੀ ਸੰਭਾਲ ਜੱਟਾ’ ਲਹਿਰ ਦੇ ਮੋਢੀ ਚਾਚਾ ਸਰਦਾਰ ਅਜੀਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਕਿਸਾਨਾਂ ਨੂੰ ਵੱਡੇ ਇਕੱਠ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ’ਚ ਚੱਲ ਰਹੇ ਧਰਨਿਆਂ ’ਚ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਭਲਕੇ ਦਾ ਦਿਨ ਕਿਸਾਨੀ ਅਤੇ ਦੇਸ਼ ਦੇ ਇਤਿਹਾਸ ਲਈ ਬਹੁਤ ਹੀ ਅਹਿਮ ਹੈ। ਅੱਜ ਤੋਂ ਸੌ ਸਾਲ ਪਹਿਲਾਂ ਜਦੋਂ ਅੰਗਰੇਜ਼ ਹਕੂਮਤ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਸਨ ਤਾਂ ਦੇਸ਼ ਦੀ ਆਜ਼ਾਦੀ ਦੀ ਲੜਾਈ ਦੌਰਾਨ ਹੀ ਸਰਦਾਰ ਅਜੀਤ ਸਿੰਘ ਨੇ ‘ਪੱਗੜੀ ਸੰਭਾਲ ਜੱਟਾ’ ਲਹਿਰ ਦੀ ਅਗਵਾਈ ਕਰਦਿਆਂ ਬ੍ਰਿਟਿਸ਼ ਹਕੂਮਤ ਨੂੰ ਕਿਸਾਨ ਵਿਰੋਧੀ ਫੈਸਲੇ ਲੈਣ ਤੋਂ ਰੋਕਣ ਲਈ ਦੇਸ਼ ਅੰਦਰ ਕਿਸਾਨਾਂ ਦੀ ਵੱਡੀ ਲਾਮਬੰਦੀ ਕੀਤੀ ਸੀ। ਬੁਲਾਰਿਆਂ ਨੇ ਕਿਹਾ ਕਿ ਉਸੇ ਤਰ੍ਹਾਂ ਇਸ ਸਮੇਂ ਵੀ ਮੋਦੀ ਹਕੂਮਤ ਕਾਰਪੋਰੇਟ ਘਰਾਣਿਆਂ ਦੇ ਹੱਥ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਭਵਿੱਖ ਵੇਚਣ ਲਈ ਤਿੰਨ ਕਾਲੇ ਕਾਨੂੰਨ ਲੈ ਕੇ ਆਈ ਹੈ। ਇਸ ਲਈ ‘ਪੱਗੜੀ ਸੰਭਾਲ ਜੱਟਾ’ ਮੁਹਿੰਮ ਦੀ ਤਰਜ਼ ’ਤੇ ਹੀ ਦੇਸ਼ ਦੇ ਕਿਸਾਨਾਂ ਨੂੰ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਤੇ ਤਾਨਾਸ਼ਾਹੀ ਫੈਸਲਿਆਂ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ। ਬੁਲਾਰਿਆਂ ਨੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੇ ਪੜਾਅਵਾਰ ਅਗਾਂਹ ਵਧਣ ਤੋਂ ਬਾਅਦ ਕੇਂਦਰ ਸਰਕਾਰ ਬੌਖਲਾ ਗਈ ਹੈ। ਇਸੇ ਕਰਕੇ ਮੋਦੀ ਸਰਕਾਰ ਦੇ ਮੰਤਰੀ ਅੰਦੋਲਨ ਵਿਰੋਧੀ ਬਿਆਨ ਦੇ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਭਲਕੇ ਸਰਦਾਰ ਅਜੀਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਕਿਸਾਨਾਂ ਨੂੰ ਜੋਸ਼ ਨਾਲ ਵੱਡੇ ਸਮਾਗਮ ਕਰਨ ਦਾ ਸੱਦਾ ਦਿੱਤਾ ਹੈ ਕਿਉਂਕਿ ਪੰਜਾਬੀਆਂ ਕੋਲ ਅਥਾਹ ਕੁਰਬਾਨੀਆਂ ਨਾਲ ਭਰਪੂਰ ਸੰਘਰਸ਼ਾਂ ਦਾ ਇਤਿਹਾਸਕ ਵਿਰਸਾ ਹੈ ਅਤੇ ਇਸ ਦੀ ਆਵਾਜ਼ ਦਿੱਲੀ ਦਰਬਾਰ ਤੱਕ ਸੁਣਾਈ ਦੇਵੇਗੀ। ਉਨ੍ਹਾਂ ਕਿਹਾ ਕਿ ਸਰਦਾਰ ਅਜੀਤ ਸਿੰਘ, ਲਾਲਾ ਲਾਜਪਤ ਰਾਏ ਅਤੇ ਸਾਥੀਆਂ ਨੇ ਲੰਬਾ ਤੇ ਸਿਰੜੀ ਸੰਘਰਸ਼ ਲੜਿਆ ਸੀ, ਉਹ ਕਾਨੂੰਨ ਵੀ ਅੱਜ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਖੇਤੀ ਖੇਤਰ ਨੂੰ ਤਬਾਹ ਕਰਨ ਲਈ ਲਿਆਂਦੇ ਕਾਨੂੰਨਾਂ ਵਾਂਗ ਹੀ ਸਨ। ‘ਉਸ ਸਮੇਂ ਸਾਡੇ ਮੁਲਕ ਉੱਤੇ ਸਾਮਰਾਜੀ ਬਰਤਾਨਵੀ ਸ਼ਾਸਕ ਰਾਜ ਕਰਦੇ ਸਨ ਪਰ ਅੱਜ ਸਾਮਰਾਜੀਆਂ ਦੇ ਦਲਾਲ ਭਾਰਤੀ ਹਾਕਮ ਰਾਜ ਕਰਦੇ ਹਨ।’ ਤਿੰਨੋਂ ਕਾਨੂੰਨਾਂ ਬਾਰੇ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰੀ ਭੋਇੰ ਦੀ ਆਬਾਦਕਾਰੀਅਤ (ਪੰਜਾਬ) ਦਾ ਬਿੱਲ (1907), ਪੰਜਾਬ ਇੰਤਕਾਲੇ ਅਰਾਜੀ (ਵਾਹੀ ਹੇਠਲੀ ਜ਼ਮੀਨ) ਐਕਟ ਬਿੱਲ ਮੁਜਰੀਆ (1907), ਜ਼ਿਲ੍ਹਾ ਰਾਵਲਪਿੰਡੀ ਵਿੱਚ ਵਾਹੀ ਹੇਠ ਜ਼ਮੀਨ ਦੇ ਮਾਲੀਆ ਵਿੱਚ ਵਾਧਾ ਅਤੇ ਬਾਰੀ ਦੁਆਬ ਨਹਿਰ ਦੀ ਜ਼ਮੀਨਾਂ ਦੇ ਪਾਣੀ ਟੈਕਸ ਵਿੱਚ ਵਾਧਾ ਬਿੱਲ ਅਸੈਂਬਲੀ ਵਿੱਚ ਲਿਆਂਦੇ ਗਏ ਸਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦਾ ਘੇਰਾ ਪਾਈ ਬੈਠੇ ਕਿਸਾਨਾਂ ਦੇ ਇਕੱਠਾਂ ਵਿਚ ‘ਪੱਗੜੀ ਸੰਭਾਲ ਜੱਟਾ’ ਗੀਤ ਖੂਬ ਗੂੰਜ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਂਕੇ ਦਿਆਲ ਵੱਲੋਂ ਲਿਖਿਆ ਇਹ ਗੀਤ ਬ੍ਰਿਟਿਸ਼ ਰਾਜ ਦੇ 1906 ਦੇ ਖੇਤੀ ਕਾਨੂੰਨਾਂ ਖਿਲਾਫ਼ ਉੱਠੀ ਕਿਸਾਨ ਲਹਿਰ ਦਾ ਮੁਖੜਾ ਬਣ ਗਿਆ ਸੀ ਜੋ ਅੱਜ ਵੀ ਅੰਦੋਲਨ ਨੂੰ ਮਜ਼ਬੂਤੀ ਪ੍ਰਦਾਨ ਕਰ ਰਿਹਾ ਹੈ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਅਗਵਾਈ ਵਿਚ ਚੱਲੀ ‘ਪੱਗੜੀ ਸੰਭਾਲ ਜੱਟਾ’ ਲਹਿਰ ਦਾ ਝਲਕਾਰਾ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੀ ਲਹਿਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਵੱਡੇ ਪੱਧਰ ’ਤੇ ਨੌਜਵਾਨ ਸਰਦਾਰ ਅਜੀਤ ਸਿੰਘ ਦੇ ਪੋਸਟਰ ਅਤੇ ਬੈਨਰ ਟਰੈਕਟਰਾਂ ’ਤੇ ਲਾ ਕੇ ਅਤੇ ਹਿੱਕਾਂ ’ਤੇ ਬੈਜ ਸਜਾ ਕੇ ਅੰਦੋਲਨਾਂ ’ਚ ਸ਼ਾਮਲ ਹੋ ਰਹੇ ਹਨ। ‘ਪੱਗੜੀ ਸੰਭਾਲ ਜੱਟਾ’ (1906-09) ਲਹਿਰ ਪੰਜਾਬੀਆਂ ਦੀ ਅੰਗਰੇਜ਼ਾਂ ਖਿਲਾਫ਼ ਨਾ-ਬਰਾਬਰੀ ਦੇ ਵਰਤਾਉ ਪ੍ਰਤੀ ਇੱਕ ਅੰਦੋਲਨ ਸੀ।
‘ਪਗੜੀ ਸੰਭਾਲ’ ਦਿਵਸ ਦੀਆਂ ਤਿਆਰੀਆਂ ਮੁਕੰਮਲ
ਸਿਰਸਾ (ਪ੍ਰਭੂ ਦਿਆਲ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 23 ਫਰਵਰੀ ਨੂੰ ‘ਪਗੜੀ ਸੰਭਾਲ’ ਦਿਵਸ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਿਰਸਾ ਦੇ ਦੁਸਹਿਰਾ ਗਰਾਊਂਡ ’ਚ ਕਰਵਾਏ ਜਾ ਰਹੇ ਸਮਾਗਮ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲਾ ਤੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਸਮੇਤ ਹੋਰ ਆਗੂ ਸ਼ਿਰਕਤ ਕਰਨਗੇ। ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਦੱਸਿਆ ਕਿ ਸਮਾਗਮ ਵਿੱਚ ਵੱਡੀ ਗਿਣਤੀ ’ਚ ਲੋਕ ਸ਼ਿਰਕਤ ਕਰਨਗੇ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜਿਥੇ ਟੌਲ ਪਲਾਜ਼ਿਆਂ ’ਤੇ ਕਿਸਾਨਾਂ ਵੱਲੋਂ ਧਰਨਾ ਜਾਰੀ ਹੈ, ਉਥੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਸਬੰਧੀ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਲਾਇਆ ਪੱਕਾ ਮੋਰਚਾ ਵੀ ਜਾਰੀ ਹੈ।