ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਕਤੂਬਰ
ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਾਇਬ੍ਰੇਰੀਆਂ ਅਤੇ ਪੁਸਤਕਾਂ ਦਾ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਵਿੱਚ ਅਹਿਮ ਯੋਗਦਾਨ ਦੱਸਦਿਆਂ ਲਾਇਬ੍ਰੇਰੀਅਨਾਂ ਨੂੰ ਸਕੂਲਾਂ ਵਿੱਚ ਪੁਸਤਕ ਸੱਭਿਆਚਾਰ ਪੈਦਾ ਕਰਨਾ ਦਾ ਸੱਦਾ ਦਿੱਤਾ। ਉਹ ਅੱਜ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਭਰਤੀ 693 ਸਕੂਲ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਕੂਲੀ ਸਿਲੇਬਸ ਤੋਂ ਇਲਾਵਾ ਸਾਹਿਤਕ, ਖੇਡਾਂ ਆਦਿ ਗਤੀਵਿਧੀਆਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਨਵੇਂ ਭਰਤੀ ਹੋਏ ਲਾਇਬ੍ਰੇਰੀਅਨਾਂ ਦਾ ਵਿਭਾਗ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਅੱਜ-ਕੱਲ੍ਹ ਦੇ ਬੱਚੇ ਬਿਜਲਈ ਯੰਤਰਾਂ ਨਾਲ ਜ਼ਿਆਦਾ ਜੁੜੇ ਹੋਏ ਹਨ, ਜਿਨ੍ਹਾਂ ਨੂੰ ਕਿਤਾਬਾਂ ਨਾਲ ਜੋੜਨ ਵਾਸਤੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।