ਪਾਲ ਸਿੰਘ ਨੌਲੀ
ਜਲੰਧਰ, 5 ਅਗਸਤ
ਸਰਵ ਸਿੱਖਿਆ ਅਭਿਆਨ ਦਫ਼ਤਰੀ ਮੁਲਾਜ਼ਮਾਂ ਨੇ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਤੰਦਰੁਸਤੀ ਲਈ ਮੁੱਖ ਮੰਤਰੀ ਪੰਜਾਬ ਨੂੰ ‘ਛੇਤੀ ਠੀਕ ਹੋਣ’ ਦੇ ਕਾਰਡ ਅਤੇ ਕਾੜ੍ਹੇ ਦੇ ਪੈਕੇਟ ਭੇਜੇ। ਜਥੇਬੰਦੀ ਦੇ ਆਗੂ ਸ਼ੋਭਿਤ ਭਗਤ, ਵਿਸ਼ਾਲ ਮਹਾਜਨ, ਸੁਖਰਾਜ, ਗਗਨ ਸਿਆਲ, ਮੋਹਿਤ, ਰਾਜੀਵ, ਗਗਨਦੀਪ ਸ਼ਰਮਾ ਤੇ ਅਸ਼ੀਸ਼ ਜੁਲਾਹਾ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਅਪਰੈਲ 2018 ਤੋਂ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਵਿਭਾਗ ਵਿੱਚ ਪੱਕਾ ਕਰ ਦਿੱਤਾ ਗਿਆ ਸੀ ਪਰ ਅਧਿਆਪਕਾਂ ਤੋਂ ਪਹਿਲਾਂ ਕੰਮ ਕਰ ਰਹੇ ਦਫ਼ਤਰੀ ਕਰਮਚਾਰੀਆਂ ਨੂੰ ਅਣਗੌਲਿਆਂ ਕੀਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਵੱਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਪਰ ਸਰਕਾਰ ਸਮਾਂ ਟਪਾ ਰਹੀ ਹੈ।
ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕਈ ਵਾਰ ਐਲਾਨ ਕਰ ਚੁੱਕੇ ਹਨ ਪਰ ਇਹ ਸਿਰਫ਼ ਅਖ਼ਬਾਰੀ ਬਿਆਨਾਂ ਤੱਕ ਹੀ ਸੀਮਤ ਰਹਿ ਗਏ ਹਨ।
ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ
ਅੰਮ੍ਰਿਤਸਰ (ਮਨਮੋਹਨ ਸਿੰਘ ਢਿੱਲੋਂ): ਸਰਵ ਸਿੱਖਿਆ ਅਭਿਆਨ ਦਫ਼ਤਰੀ ਮੁਲਾਜ਼ਮਾਂ ਨੇ ਅੱਜ ਇੱਥੇ ਪੰਜਾਬ ਸਰਕਾਰ ਦੀ ਤੰਦਰੁਸਤੀ ਲਈ ਮੁੱਖ ਮੰਤਰੀ ਨੂੰ ‘ਗੈਟ ਵੈੱਲ ਸੂਨ’ ਦੇ ਕਾਰਡ ਅਤੇ ਕਾੜ੍ਹੇ ਦੇ ਪੈਕੇਟ ਭੇਜ ਕੇ ਅਰਦਾਸ ਕੀਤੀ ਤਾਂ ਜੋ ਉਹ ਛੇਤੀ ਤੰਦਰੁਸਤ ਹੋ ਕੇ ਮੁਲਾਜ਼ਮਾਂ ਦੀ ਗੱਲ ਸੁਣਨ। ਜਥੇਬੰਦੀ ਦੇ ਪ੍ਰਧਾਨ ਗੌਰਵ ਸ਼ਰਮਾ ਤੇ ਆਗੂ ਵਿਕਾਸ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਅਪਰੈਲ 2018 ਤੋਂ ਵਿਭਾਗ ਵਿਚ ਕੰਮ ਕਰ ਕੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਸੀ ਪਰ ਦਫ਼ਤਰੀ ਕਰਮਚਾਰੀਆਂ ਨੂੰ ਅਣਗੌਲਿਆਂ ਕੀਤਾ ਜਦੋਂਕਿ ਵਿੱਤ ਵਿਭਾਗ ਵਲੋਂ ਪੱਕਾ ਕਰਨ ਲਈ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇ ਮਾਰੇ ਤੇ ਮਾਰਚ ਕੀਤਾ।