ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 20 ਫਰਵਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਅੱਜ ਮੁਹਾਲੀ ਦੇ ਫੇਜ਼-3ਬੀ1 ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਬਣੇ ਬੂਥ ’ਤੇ ਆਪਣੀ ਵੋਟ ਪਾਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਹੂੰਝਾਫੇਰ ਜਿੱਤ ਹਾਸਲ ਕਰੇਗੀ ਅਤੇ ਪੰਜਾਬ ਵਿੱਚ ਅਗਲੀ ਸਰਕਾਰ ‘ਆਪ’ ਦੀ ਬਣੇਗੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸੂਬੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਨੇ ਆਪਣੀ ਮਾਤਾ ਕੋਲੋਂ ਆਸ਼ੀਰਵਾਦ ਲਿਆ ਅਤੇ ਭਰੋਸਾ ਦਿੱਤਾ ਕਿ ਉਹ ਦੇਸ਼ ਦੇ ਸ਼ਹੀਦਾਂ ਤੇ ਸੂਰਬੀਰਾਂ ਤੇ ਯੋਧਿਆਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਤੋਂ ਇਲਾਵਾ ਹੁਕਮਰਾਨਾਂ ਦੀਆਂ ਵਧੀਕੀਆਂ ਦਾ ਉਨ੍ਹਾਂ ਕੋਲੋਂ ਹਿਸਾਬ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ। ਅੱਜ ਮਤਦਾਨ ਕਰਕੇ ਮਿਲੀ ਛੁੱਟੀ ਨੂੰ ਪਿਕਨਿਕ ਸਮਝ ਕੇ ਮੌਜ-ਮਸਤੀ ਨਾ ਕੀਤੀ ਜਾਵੇ, ਸਗੋਂ ਪੋਲਿੰਗ ਬੂਥਾਂ ’ਤੇ ਵੋਟ ਪਾ ਕੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਆ ਜਾਵੇ।
ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਕੁਰਬਾਨੀ ਦੇ ਕੇ ਦੇਸ਼ ਆਜ਼ਾਦ ਕਰਵਾਇਆ ਸੀ ਅਤੇ ਡਾ. ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਲਿਖ ਕੇ ਹਰ ਨਾਗਰਿਕ ਨੂੰ ਮਤਦਾਨ ਅਤੇ ਬਰਾਬਰੀ ਦਾ ਅਧਿਕਾਰ ਦਿੱਤਾ ਸੀ। ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਦੇਸ਼ ਵਿੱਚ ਲੋਕਤੰਤਰ ਦੀ ਨੀਂਹ ਮਜ਼ਬੂਤ ਕਰਨਾ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।
ਇਸ ਤੋਂ ਪਹਿਲਾਂ ਉਹ ਨਜ਼ਦੀਕੀ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੁਹਾਲੀ ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ, ਕੌਂਸਲਰ ਸਰਬਜੀਤ ਸਿੰਘ ਸਮਾਣਾ ਅਤੇ ‘ਆਪ’ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਸਮੇਤ ਹੋਰ ਵਲੰਟੀਅਰ ਵੀ ਮੌਜੂਦ ਸਨ।