ਖੇਤਰੀ ਪ੍ਰਤੀਨਿਧ
ਪਟਿਆਲਾ, 21 ਅਪਰੈਲ
ਆੜ੍ਹਤੀ ਵੱਲੋਂ ਰਕਮ ਵਾਪਸ ਨਾ ਕਰਨ ’ਤੇ ਪ੍ਰੇਸ਼ਾਨ ਜ਼ਿਲ੍ਹੇ ਦੇ ਇੱਕ ਕਿਸਾਨ ਦੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (66) ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਪਸਿਆਣਾ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਸਾਨ ਨਿਰਮਲ ਸਿੰਘ ਦੇ ਪੁੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਆਪਣੇ ਆੜ੍ਹਤੀ ਕੋਲ 22 ਲੱਖ ਰੁਪਏ ਰੱਖੇ ਹੋਏ ਸਨ ਪਰ ਹੁਣ ਵਾਰ-ਵਾਰ ਮੰਗਣ ’ਤੇ ਵੀ ਆੜ੍ਹਤੀਆ ਰਕਮ ਵਾਪਸ ਨਹੀਂ ਕਰ ਰਿਹਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ ਹੈ। ਥਾਣਾ ਪਸਿਆਣਾ ਦੇ ਐੱਸਐੱਚਓ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਆੜ੍ਹਤੀਏ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।