ਖੇਤਰੀ ਪ੍ਰਤੀਨਿਧ
ਪਟਿਆਲਾ, 18 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਖਜ਼ਾਨਚੀ ਜਸਵਿੰਦਰ ਸਿੰਘ ਬਰਾਸ ਨੂੰ ਜਾਨੋਂ ਮਾਰ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਫੋਨ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਉਸ ਨੂੰ ਇਸ ਕਤਲ ਦੀ ਸੁਪਾਰੀ ਮਿਲੀ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠ ਜਥੇਬੰਦੀ ਦਾ ਵਫ਼ਦ ਐੱਸਐੱਸਪੀ ਦੀਪਕ ਪਾਰਿਕ ਨੂੰ ਮਿਲਿਆ। ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਨੇ ਮੀਡੀਆ ਨੂੰ ਦੱਸਿਆ ਕਿ ਧਮਕੀਆਂ ਸਬੰਧੀ ਪੁਲੀਸ ਮੁਖੀ ਨੂੰ ਸਬੂਤ ਵਜੋਂ ਫੋਨ ਕਾਲ ਦੀ ਰਿਕਾਰਡਿੰਗ ਦੇ ਦਿੱਤੀ ਹੈ। ਇਸ ਤੋਂ ਇਲਾਵਾ ਸਾਈਬਰ ਕਰਾਈਮ ਸੈੱਲ ’ਚ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਨੇ ਛੇਤੀ ਹੀ ਮੁਲਜ਼ਮ ਦਾ ਪਤਾ ਲਗਾਉਣ ਦਾ ਭਰੋਸਾ ਦਿੱਤਾ ਹੈ।