ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਅਕਤੂਬਰ
ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿਥੇ ਸਮੇਂ ਲਈ ਚੱਲ ਰਹੇ ਪੱਕੇ ਮੋਰਚੇ ਦੇ ਸੱਤਵੇਂ ਦਿਨ ਅੱਜ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਕਿਸਾਨਾਂ ਨੇ ‘ਲਲਕਾਰ ਦਿਵਸ’ ਮੌਕੇ ਕੱਢੀ ਰੈਲੀ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਨੂੰ ਲਲਕਾਰਿਆ। ਰੈਲੀ ਦੌਰਾਨ ਭੇਜੇ ਯਾਦ ਪੱਤਰ ਵਿੱਚ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਜੇਕਰ 19 ਅਕਤੂਬਰ ਤੱਕ ਸਰਕਾਰ ਨੇ ਕਿਸਾਨੀ ਮੰਗਾਂ ਪ੍ਰਤੀ ਕੋਈ ਸਾਰਥਕ ਹੁੰਗਾਰਾ ਨਾ ਭਰਿਆ ਤਾਂ 20 ਅਕਤੂਬਰ ਨੂੰ ਵੱਡਾ ਐਕਸ਼ਨ ਕੀਤਾ ਜਾਵੇਗਾ। ਰੈਲੀ ਦੌਰਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਪੰਜਾਬ ਸਰਕਾਰ ਨੂੰ ਭੇਜਿਆ ਜਾਣ ਵਾਲਾ ਯਾਦ ਪੱਤਰ ਪੜ੍ਹ ਕੇ ਪਾਸ ਕਰਵਾਇਆ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨ ਸੰਘਰਸ਼ ਦੀ ਇਹੀ ਵਿਸ਼ੇਸ਼ਤਾ ਹੈ ਕਿ ਇਹ ਧਰਮਾਂ, ਜਾਤਾਂ-ਪਾਤਾਂ ਅਤੇ ਸਿਆਸਤਾਂ ਤੋਂ ਪਾਸੇ ਹਟ ਕੇ ਆਪਣੇ ਹੱਕਾਂ ਲਈ ਅੱਗੇ ਵੱਧ ਰਿਹਾ ਹੈ, ਜੋ ਹਾਕਮਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ। ਇਹੋ ਕਾਰਨ ਹੈ ਕਿ ਲੋਕਾਂ ਦੇ ਏਕੇ ਤੋਂ ਤੋੜਨ ਵਾਸਤੇ ਯਤਨ ਕੀਤੇ ਜਾ ਰਹੇ ਹਨ। ਸ੍ਰੀ ਉਗਰਾਹਾਂ ਨੇ ਲੋਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਸ੍ਰੀ ਉਗਰਾਹਾਂ ਨੇ ਸਪੱਸ਼ਟ ਕੀਤਾ ਕਿ ਸ਼ਹੀਦ ਭਗਤ ਸਿੰਘ ਲੋਕਾਂ ਦਾ ਸ਼ਹੀਦ ਹੈ ਤੇ ਉਸ ਨੂੰ ਅਤਿਵਾਦੀ ਕਹਿਣ ਵਾਲਿਆਂ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਨੀਆਂ ਕਿਸਾਨੀ ਮੰਗਾਂ ਲਾਗੂ ਕਰਾਉਣ ਲਈ ਪਿਛਲੇ ਇੱਕ ਹਫ਼ਤੇ ਤੋਂ ਅਣਮਿਥੇ ਸਮੇਂ ਲਈ ਚੱਲ ਰਿਹਾ ਪੱਕਾ ਮੋਰਚਾ ਲਗਾਤਾਰ ਜਾਰੀ ਰਹੇਗਾ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਪੰਜਾਬ ਦੇ ਕੁਝ ਮੌਕਾਪ੍ਰਸਤ ਆਗੂਆਂ ਦੀ ਲੋਕਾਂ ’ਚ ਵੰਡੀਆਂ ਪਾਉਣ ਦੀ ਨੀਤੀ ਦੀ ਸਖ਼ਤ ਨਿਖੇਧੀ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੀ ਧਰਮ ਨਿਰਪੱਖਤਾ ਅਤੇ ਵੋਟ ਸਿਆਸਤ ਤੋਂ ਨਿਰਲੇਪਤਾ ਨੀਤੀ ਬਾਰੇ ਵਿਸਥਾਰ ’ਚ ਜਾਣੂ ਕਰਵਾਇਆ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਤੇ ਮਹਿਲਾ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਸੱਤਾ ’ਤੇ ਕਾਬਜ਼ ਹਕੂਮਤਾਂ ਵੱਲੋਂ ਮੋਰਚੇ ਬਾਰੇ ਗੁੰਮਰਾਹਕੁਨ ਪ੍ਰਚਾਰ ਕਰ ਕੇ ਵੰਡੀਆਂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਮੰਚ ਸੰਚਾਲਨ ਦੀ ਭੂਮਿਕਾ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਨਿਭਾਈ। ਰੈਲੀ ’ਚ ਭਰਾਤਰੀ ਜਥੇਬੰਦੀਆਂ ਜੀਓਜੀ ਸਾਬਕਾ ਫੌਜੀਆਂ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਪੀਆਰਟੀਸੀ ਯੂਨੀਅਨ ਨੇ ਸ਼ਾਮਲ ਹੋ ਕੇ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।