ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 22 ਜਨਵਰੀ
ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਹੋਣ ਵਾਲੀ 11ਵੇਂ ਗੇੜ ਦੀ ਗੱਲਬਾਤ ਤੋਂ ਪਹਿਲਾਂ ਅੱਜ ਕਿਸਾਨ ਆਗੂਆਂ ਨੇ ਦਿੱਲੀ ਪੁਲੀਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦਾਅਵਾ ਕੀਤਾ ਕਿ ਦਿੱਲੀ ਪੁਲੀਸ ’ਤੇ ਉਹਦੀ ਕਾਰ ਦਾ ਸ਼ੀਸ਼ਾ ਭੰਨ ਦਿੱਤਾ ਹੈ। ਬਲਦੇਵ ਸਿੰਘ ਸਿਰਸਾ ਨੇ ਕਿਹਾ ਪਹਿਲਾਂ ਰੁਲਦੂ ਸਿੰਘ ਮਾਨਸਾ ਨਾਲ ਬਦਸਲੂਕੀ ਕੀਤੀ ਗਈ ਤੇ ਮਗਰੋਂ ਪੁਲੀਸ ਦੀ ਸ਼ਹਿ ’ਤੇ ਕਿਸਾਨ ਆਗੂ ਦੀ ਕਾਰ ਦਾ ਸ਼ੀਸ਼ਾ ਭੰਨਿਆ ਗਿਆ। ਪੁਲੀਸ ਨੇ ਸੁਰੱਖਿਆ ਦੇ ਨਾਂ ਉਤੇ ਥਾਂ ਥਾਂ ਤੰਗ ਕੀਤਾ। ਕਿਸਾਨ ਯੂਨੀਅਨਾਂ ਨੇ ਕਿਹਾ ਕਿ ਉਹ ਜਲਦੀ ਦੀ ਸ਼ੁਰੂ ਹੋ ਰਹੀ ਮੀਟਿੰਗ ’ਚ ਮੰਤਰੀਆਂ ਅੱਗੇ ਇਹ ਮੁੱਦਾ ਰੱਖਣਗੇ।
ਇਸ ਦੌਰਾਨ ਲਈ ਕਿਸਾਨ ਆਗੂ ਤੇ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਵਿਗਿਆਨ ਭਵਨ ਪਹੁੰਚ ਗਏ ਹਨ। ਕਿਸਾਨਾਂ ਨੂੰ ਹਾਲਾਂਕਿ ਅੱਜ ਦੀ ਗੱਲਬਾਤ ਤੋਂ ਵੀ ਕੋਈ ਬਹੁਤੀ ਉਮੀਦ ਨਹੀਂ ਹੈ। ਚੇਤੇ ਰਹੇ ਕਿ ਮੋਰਚੇ ਨੇ ਲੰਘੇ ਦਿਨ ਚਾਰ ਘੰਟੇ ਦੀ ਵਿਚਾਰ ਚਰਚਾ ਮਗਰੋਂ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਬਣਾਉਣ ਦੀ ਤਜਵੀਜ਼ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਸੀ। ਕਿਸਾਨਾਂ ਨੇ ਸਾਫ਼ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੋਂ ਛੁੱਟ ਕੁਝ ਵੀ ਮਨਜ਼ੂਰ ਨਹੀਂ ਤੇ 26 ਜਨਵਰੀ ਲਈ ਤਜਵੀਜ਼ਤ ਟਰੈਕਟਰ ਮਾਰਚ ਨੂੰ ਪਹਿਲਾਂ ਮਿੱਥੇ ਰੂਟ ਮੁਤਾਬਕ ਆਊਟਰ ਰਿੰਗ ਰੋਡ ਤੋਂ ਕੱਢਣ ਲਈ ਦ੍ਰਿੜ੍ਹ ਹਨ। ਮੀਟਿੰਗ ਉਪਰੰਤ ਕਿਸਾਨ ਦਿੱਲੀ ਟਰੈਫਿਕ ਪੁਲੀਸ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਨਗੇ। ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਾਨੂੰਨ ਵਾਪਸ ਕੀਤੇ ਬਿਨਾਂ ਕਿਸਾਨ ਘਰਾਂ ਨੂੰ ਨਹੀਂ ਪਰਤਣਗੇ।