ਸੰਜੀਵ ਬੱਬੀ
ਚਮਕੌਰ ਸਾਹਿਬ, 4 ਨਵੰਬਰ
ਪਿੰਡ ਕਤਲੌਰ ਵਿਚ ਕਿਸੇ ਵੀ ਕਿਸਾਨ ਨੇ ਪਰਾਲੀ ਨਾ ਸਾੜ ਕੇ ਅਤੇ ਖੇਤ ਵਿਚ ਹੀ ਵਾਹ ਕੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੀ ਮਿਸਾਲ ਕਾਇਮ ਕੀਤੀ ਹੈ। ਇਸ ਪਿੰਡ ਦੀ ਮਿਸਾਲ ਨੂੰ ਹੋਰ ਪਿੰਡਾਂ ਤੱਕ ਪਹੁੰਚਾਉਣ ਲਈ ਖੇਤੀਬਾੜੀ ਵਿਭਾਗ ਰੂਪਨਗਰ ਵੱਲੋਂ ਪਿੰਡ ਵਿੱਚ ਸਮਾਗਮ ਕਰਵਾਇਆ ਗਿਆ।
ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਦੀ ਪੰਚਾਇਤ ਅਤੇ ਕਿਸਾਨਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਪੂਰਾ ਸਹਿਯੋਗ ਦਿੰਦਿਆਂ ਪਰਾਲੀ ਨੂੰ ਅੱਗ ਨਾ ਲਾ ਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਬਹੁਤ ਸਹਿਯੋਗ ਦਿੱਤਾ ਹੈ ਅਤੇ ਪੰਜਾਬ ਵਿਚੋਂ ਸਭ ਤੋਂ ਘੱਟ ਮਾਮਲੇ ਜ਼ਿਲ੍ਹਾ ਰੂਪਨਗਰ ਵਿੱਚ ਸਾਹਮਣੇ ਆਏ ਹਨ। ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਪਿੰਡ ਦੀਆਂ ਸਮੱਸਿਆਵਾਂ ਵੀ ਲਿਆਂਦੀਆਂ, ਜਿਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਪੰਚਾਇਤ ਨੇ ਖੇਡ ਮੈਦਾਨ ਦੀ ਮੰਗ ਕੀਤੀ ਤੇ ਡਿਪਟੀ ਕਮਿਸ਼ਨਰ ਨੇ ਉੱਚ ਪੱਧਰੀ ਮੈਦਾਨ ਜਲਦੀ ਤਿਆਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਬੀਜ ਅਤੇ ਖਾਦਾਂ ਸਬੰਧੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਬਸਿਡੀਆਂ ਵਾਲਾ ਬੀਜ ਕਿਸਾਨਾਂ ਨੂੰ ਜਲਦੀ ਮਿਲ ਜਾਵੇਗਾ। ਇਸ ਮੌਕੇ ਸਰਪੰਚ ਸੰਤ ਸਿੰਘ ਦਿਓਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਾ ਸਨਮਾਨ ਵੀ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਬਲਾਕ ਦਫਤਰ ਦੇ ਅਮਲੇ ਨਾਲ ਮਗਨਰੇਗਾ ਤਹਿਤ ਜਾਰੀ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਵੇ। ਇਸ ਮੌਕੇ ਪਿੰਡ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਅਰਸ਼ਪਰੀਤ ਕੌਰ ਨੇ ਪਰਾਲੀ ਨਾ ਸਾੜਨ ਸਬੰਧੀ ਕਵਿਤਾ ਵੀ ਸੁਣਾਈ। ਇਸ ਵਿਦਿਆਰਥਣ ਨੂੰ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਮੇਜਰ ਸਿੰਘ, ਨੰਬਰਦਾਰ ਭੁਪਿੰਦਰ ਸਿੰਘ ਅਤੇ ਲਾਭ ਸਿੰਘ ਆਦਿ ਹਾਜ਼ਰ ਸਨ।