
ਡਾ. ਦਰਸ਼ਨ ਪਾਲ ਤੇ ਹੋਰ ਮੁਹਾਲੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋੲੇ। -ਫੋਟੋ: ਵਿੱਕੀ ਘਾਰੂ
ਆਤਿਸ਼ ਗੁਪਤਾ/ਦਰਸ਼ਨ ਸਿੰਘ ਸੋਢੀ
ਚੰਡੀਗੜ੍ਹ/ਮੁਹਾਲੀ, 26 ਨਵੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ’ਤੇ ਕੇਂਦਰ ਸਰਕਾਰ ਵਿਰੁੱਧ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵੱਲ ਰੋਸ ਮਾਰਚ ਕੀਤਾ। ਇਸ ਤੋਂ ਪਹਿਲਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਹਾਲੀ ਵਿੱਚ ਇਕੱਠੇ ਹੋ ਕੇ ਰੋਸ ਰੈਲੀ ਕੀਤੀ।
ਕਿਸਾਨ ਆਗੂਆਂ ਨੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿੱਚ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਬਿਜਲੀ ਸੋਧ ਬਿੱਲ 2022 ਨੂੰ ਵਾਪਸ ਲੈਣ, ਲਖੀਮਪੁਰ ਖੀਰੀ ਕਾਂਡ ਸਬੰਧੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ’ਚੋਂ ਬਰਖਾਸਤ ਕਰਕੇ ਗ੍ਰਿਫ਼ਤਾਰ ਕਰਨ ਅਤੇ ਝੂਠਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤੇ ਚਾਰ ਕਿਸਾਨ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਅੰਦੋਲਨ ਦੌਰਾਨ ਸ਼ਹੀਦ ਅਤੇ ਜ਼ਖ਼ਮੀ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਨਾਲ-ਨਾਲ ਸਾਰੀਆਂ ਫ਼ਸਲਾਂ ਲਈ ਵਿਆਪਕ ਅਤੇ ਪ੍ਰਭਾਵੀ ਫ਼ਸਲੀ ਬੀਮਾ ਯੋਜਨਾ, ਕਿਸਾਨ ਅਤੇ ਖੇਤ-ਮਜ਼ਦੂਰਾਂ ਲਈ ਮਹੀਨਾਵਾਰ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਕਿਸਾਨ ਅੰਦੋਲਨ ਦੌਰਾਨ ਸਾਰੇ ਸੂਬਿਆਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਦਰਜ ਹੋਏ ਪੁਲੀਸ ਕੇਸ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਅੱਜ ਸਵੇਰੇ 11 ਵਜੇ ਹੀ ਪੰਜਾਬ ਭਰ ’ਚੋਂ ਕਿਸਾਨ ਤੇ ਕਿਸਾਨ ਬੀਬੀਆਂ ਵੱਡੇ ਕਾਫ਼ਲਿਆਂ ਵਿੱਚ ਪੁੱਡਾ ਗਰਾਊਂਡ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਸਾਢੇ 12 ਵਜੇ ਤੱਕ ਕਿਸਾਨਾਂ ਦਾ ਵੱਡਾ ਇਕੱਠ ਹੋ ਗਿਆ। ਇੱਥੇ ਵੱਡੀ ਰੈਲੀ ਕਰਕੇ ਕਿਸਾਨਾਂ ਦੀਆਂ ਮੰਗਾਂ ’ਤੇ ਚਰਚਾ ਕਰਦਿਆਂ ਬੁਲਾਰਿਆਂ ਨੇ ਪ੍ਰਧਾਨ ਮੰਤਰੀ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਇਕੱਠ ਨੂੰ ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨਪਾਲ, ਬੂਟਾ ਸਿੰਘ ਬੁਰਜਗਿੱਲ, ਜੋਗਿੰਦਰ ਸਿੰਘ ਉਗਰਾਹਾਂ, ਹਰਮੀਤ ਸਿੰਘ ਕਾਦੀਆਂ, ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਮਨਜੀਤ ਸਿੰਘ ਰਾਏ, ਬਲਜੀਤ ਸਿੰਘ ਗਰੇਵਾਲ, ਡਾ. ਸਤਨਾਮ ਅਜਨਾਲਾ, ਸਤਨਾਮ ਸਿੰਘ ਬਹਿਰੂ, ਜੰਗਵੀਰ ਸਿੰਘ ਚੌਹਾਨ, ਮੁਕੇਸ਼ ਚੰਦਰ, ਫੁਰਮਾਨ ਸਿੰਘ ਸੰਧੂ, ਸੁਰਜੀਤ ਸਿੰਘ ਫੂਲ, ਬਲਵਿੰਦਰ ਸਿੰਘ ਰਾਜੂ ਔਲਖ, ਬੂਟਾ ਸਿੰਘ ਸ਼ਾਦੀਪੁਰ, ਵੀਰ ਸਿੰਘ ਬੜਵਾ, ਕਿਰਨਜੀਤ ਸਿੰਘ ਸੇਖੋਂ, ਕੁਲਦੀਪ ਸਿੰਘ ਵਜੀਦਪੁਰ, ਬਿੰਦਰ ਸਿੰਘ ਗੋਲੇਵਾਲਾ, ਮਲੂਕ ਸਿੰਘ ਹੀਰਕੇ, ਹਰਦੇਵ ਸਿੰਘ ਸੰਧੂ, ਹਰਜੀਤ ਸਿੰਘ ਰਵੀ, ਨਿਰਵੈਲ ਸਿੰਘ ਡਾਲੇਕੇ, ਰਾਜਵਿੰਦਰ ਕੌਰ, ਗੁਰਬਖ਼ਸ਼ ਸਿੰਘ ਬਰਨਾਲਾ, ਕਿਰਪਾ ਸਿੰਘ ਨੱਥੂਵਾਲਾ, ਭੁਪਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਘੁੰਮਣ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ 8 ਦਸੰਬਰ ਨੂੰ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਯੂਟੀ ਪੁਲੀਸ ਨੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਕਿਸਾਨਾਂ ਦਾ ਰਾਹ ਡੱਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਨਾਅਰੇ ਲਗਾਉਂਦੇ ਹੋਏ ਅੱਗੇ ਵਧ ਗਏ। ਇਸ ਦੌਰਾਨ ਯੂਟੀ ਦੇ ਏਡੀਸੀ ਗੁਰਜੀਤ ਸਿੰਘ ਸੰਧੂ ਨੇ ਮੌਕੇ ’ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਰਾਸ਼ਟਰਪਤੀ ਦੇ ਨਾਂ ਲਿਖਿਆ ਮੰਗ ਪੱਤਰ ਹਾਸਲ ਕੀਤਾ। ਇਸ ਮਗਰੋਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇੱਕ ਬੱਸ ਵਿੱਚ ਬਿਠਾ ਕੇ ਰਾਜ ਭਵਨ ਤੱਕ ਲਿਜਾਇਆ ਗਿਆ।
ਦੇਸ਼ ਭਰ ਦੇ ਰਾਜ ਭਵਨਾਂ ਅੱਗੇ ਕਿਸਾਨਾਂ ਵੱਲੋਂ ਮੁਜ਼ਾਹਰੇ

ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਸੰਯੁਕਤ ਕਿਸਾਨ ਮੋਰਚੇ ਨੇ ਅੱਜ ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਦੇਸ਼ ਭਰ ਵਿੱਚ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂ ਮੰਗ ਪੱਤਰ ਭੇਜ ਕੇ ਕੇਂਦਰ ਸਰਕਾਰ ਦੀ ਧਿਆਨ ਕਿਸਾਨਾਂ ਨਾਲ ਕੀਤੀ ਗਈ ਵਾਅਦਾਖ਼ਿਲਾਫ਼ੀ ਵੱਲ ਦਿਵਾਇਆ। ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਰਾਜਾਂ ਦੇ ਰਾਜ ਭਵਨਾਂ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਕਿਸਾਨੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਅੱਜ ਦੇਸ਼ ਦੇ ਕਰੀਬ 25 ਰਾਜਾਂ ਵਿੱਚ ਕਿਸਾਨਾਂ ਨੇ ਆਪਣੀਆਂ ਅੰਦੋਲਨ ਦੀਆਂ ਰਹਿੰਦੀਆਂ ਤੇ ਹੋਰ ਮੰਗਾਂ ਲਈ ਆਵਾਜ਼ ਉਠਾਈ। ਮੋਰਚੇ ਨੇ ਮੰਗ ਕੀਤੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਸੀ 2+50 ਫੀਸਦ ਦੇ ਫਾਰਮੂਲੇ ਤਹਿਤ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਬਾਰੇ ਬਣਾਈ ਗਈ ਕਮੇਟੀ ਅਤੇ ਇਸ ਦਾ ਐਲਾਨਿਆ ਏਜੰਡਾ ਕਿਸਾਨਾਂ ਵੱਲੋਂ ਪੇਸ਼ ਕੀਤੀਆਂ ਮੰਗਾਂ ਦੇ ਅਨੁਸਾਰ ਨਹੀਂ ਹੈ। ਇਸ ਕਮੇਟੀ ਨੂੰ ਰੱਦ ਕਰਕੇ ਕੇਂਦਰ ਸਰਕਾਰ ਆਪਣੇ ਵਾਅਦੇ ਅਨੁਸਾਰ ਸਾਰੀਆਂ ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਵਾਲਾ ਕਨੂੰਨ ਬਣਾਉਣ ਲਈ ਮੋਰਚੇ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਕੇ ਕਿਸਾਨਾਂ ਦੀ ਸਹੀ ਨੁਮਾਇੰਦਗੀ ਦੇ ਨਾਲ-ਨਾਲ ਐਮਐੱਸਪੀ ਦੀ ਕਾਨੂੰਨੀ ਗਾਰੰਟੀ ਲਈ ਨਵੀਂ ਕਮੇਟੀ ਦਾ ਪੁਨਰ ਗਠਨ ਕੀਤਾ ਜਾਵੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ