ਪੱਤਰ ਪ੍ਰੇਰਕ
ਚੰਡੀਗੜ੍ਹ, 9 ਜੂਨ
ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿੱਚ ਹੋਈਆਂ ਵੱਖ-ਵੱਖ ਮੀਟਿੰਗਾਂ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਹਾਂ-ਪੱਖੀ ਹੁੰਗਾਰਾ ਮਿਲਿਆ। ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਜੇਪੀ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਮੀਤ ਪ੍ਰਧਾਨ ਬਚਿੱਤਰ ਸਿੰਘ, ਖੁਸ਼ਿਵੰਦਰ ਕਪਿਲਾ ਅਤੇ ਮੁੱਖ ਸਲਾਹਕਾਰ ਦਰਸ਼ਨ ਸਿੰਘ ਪੱਤਲੀ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੈਨਸ਼ਨਰਾਂ ਅਤੇ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਜਲਦੀ ਕੀਤਾ ਜਾਵੇਗਾ। ਕੱਚੇ ਮੁਲਾਜ਼ਮ ਪੱਕੇ ਕਰਨੇ, ਪੁਰਾਣੀ ਪੈਨਸ਼ਨ ਬਹਾਲ ਕਰਨੀ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਏਜੰਡੇ ਉਤੇ ਹਨ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕੋਆਰਡੀਨੇਟਰ ਕਰਮ ਸਿੰਘ ਧਨੋਆ, ਸੁਰਿੰਦਰ ਰਾਮ ਕੁਸਾ, ਜਗਦੀਸ਼ ਸਿੰਘ ਸਰਾਓ ਨੇ ਦੱਸਿਆ ਕਿ ਫਰੰਟ ਨਾਲ ਹੋਈ ਮੀਟਿੰਗ ਵਿੱਚ ਵਿੱਤ ਮੰਤਰੀ ਅੱਗੇ ਹੋਰਨਾਂ ਕਈ ਮੰਗਾਂ ਦੇ ਨਾਲ-ਨਾਲ ਫੈਮਿਲੀ ਪੈਨਸ਼ਨ, ਐਡੀਸ਼ਨਲ ਪੈਨਸ਼ਨ ਨੂੰ ਟਰੈਵਲ ਕਨਸੈਸ਼ਨ ਵਿੱਚ ਸ਼ਾਮਿਲ ਕਰਵਾਉਣ, ਕੈਸ਼ਲੈੱਸ ਹੈਲਥ ਸਕੀਮ ਆਦਿ ਮੰਗਾਂ ਵੀ ਰੱਖੀਆਂ ਜਿਨ੍ਹਾਂ ਪ੍ਰਤੀ ਉਨ੍ਹਾਂ ਸਹਿਮਤੀ ਪ੍ਰਗਟਾਉਂਦਿਆਂ ਲਾਗੂ ਕਰਨ ਦਾ ਭਰੋਸਾ ਦਿੱਤਾ।
ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਕਨਵੀਨਰਾਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਰਣਜੀਤ ਸਿੰਘ ਰਾਣਵਾਂ, ਬਾਜ ਸਿੰਘ ਖਹਿਰਾ, ਜਸਵੀਰ ਤਲਵਾੜਾ, ਕਰਤਾਰ ਸਿੰਘ ਪਾਲ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਮੀਟਿੰਗ ਵਿੱਚ ਫਰੰਟ ਦੀਆਂ ਮੰਗਾਂ ਦੀ ਪੂਰਤੀ ਕਰਨ ਬਾਰੇ ਭਰੋਸਾ ਦਿੱਤਾ ਗਿਆ ਹੈ ਪਰ ਜੇ ਬਜਟ ਸੈਸ਼ਨ ਦੌਰਾਨ ਮੰਗਾਂ ਦਾ ਠੋਸ ਹੱਲ ਨਾ ਹੋਇਆ ਤਾਂ ਸਾਂਝੇ ਫਰੰਟ ਵੱਲੋਂ ਸੂਬਾ ਸਰਕਾਰ ਖਿਲਾਫ਼ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ।
ਸੀਪੀਐੱਫ ਐਂਪਲਾਈਜ਼ ਯੂਨੀਅਨ ਵੱਲੋਂ ਝੰਡਾ ਮਾਰਚ ਮੁਲਤਵੀ
ਸੀਪੀਐਫ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ, ਜਨਰਲ ਸਕੱਤਰ ਰਣਜੀਤ ਸਿੰਘ ਢੰਡੇ ਨੇ ਦੱਸਿਆ ਕਿ ਵਿੱਤ ਮੰਤਰੀ ਨੂੰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਸਬੰਧੀ ਰਾਜਸਥਾਨ ਅਤੇ ਛੱਤੀਸਗੜ੍ਹ ਸਰਕਾਰਾਂ ਵੱਲੋਂ ਲਏ ਗਏ ਫ਼ੈਸਲੇ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਪੁਰਾਣੀ ਸਕੀਮ ਦੇ ਲਾਭਾਂ ਅਤੇ ਨਵੀਂ ਸਕੀਮ ਦੇ ਨੁਕਸਾਨਾਂ ਬਾਰੇ ਵੀ ਜਾਣੂ ਕਰਵਾਇਆ। ਵਿੱਤ ਮੰਤਰੀ ਕੋਲੋਂ ਮਿਲੇ ਹਾਂ-ਪੱਖੀ ਹੁੰਗਾਰੇ ਉਪਰੰਤ ਯੂਨੀਅਨ ਵੱਲੋਂ 17 ਜੂਨ ਨੂੰ ਸੰਗਰੂਰ ਵਿੱਚ ਰੱਖਿਆ ਗਿਆ ਝੰਡਾ, ਵਹੀਕਲ ਮਾਰਚ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।